- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਕ ਵਾਰ ਫੇਰ ਪਰਵਾਸੀਆਂ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ

- ਛੇਤੀ ਹੀ ਸਾਰੇ ਮੁਲਜ਼ਮ ਕਾਬੂ ਕਰ ਲਏ ਜਾਣਗੇ : ਐੱਸਐੱਸਪੀ
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ
ਐੱਸਏਐੱਸ ਨਗਰ : ਮੁਹਾਲੀ ਫੇਸ 11 ਵਿਚ 14 ਫਰਵਰੀ ਦੀ ਰਾਤ ਨੂੰ ਮੰਦਰ ਮੱਥਾ ਟੇਕਣ ਗਏ 28 ਸਾਲਾ ਨੌਜਵਾਨ ਗੁਰਸੇਵਕ ਸਿੰਘ ਨੂੰ ਉੱਥੇ ਮੌਜੂਦ ਕੁੱਝ ਪਰਵਾਸੀਆਂ ਵੱਲੋਂ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ ਜਿਸ ਦੀ ਇੱਥੇ 16 ਫਰਵਰੀ ਸੋਮਵਾਰ ਨੂੰ ਫੋਰਟਿਸ ਹਸਪਤਾਲ ਵਿਚ ਮੌਤ ਹੋ ਗਈ। ਇਸ ਮਾਮਲੇ ’ਚ ਪੁਲਿਸ ਨੂੰ ਇਕ ਸੀਸੀਟੀਵੀ ਫੁਟੇਜ ਵੀ ਮਿਲੀ ਹੈ, ਜਿਸ ਵਿਚ ਕੁੱਝ ਨੌਜਵਾਨ ਗੁਰਸੇਵਕ ਸਿੰਘ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਮ੍ਰਿਤਕ ਸ਼ਿਵਰਾਤਰੀ ਦੀ ਰਾਤ ਮੰਦਰ ਵਿਚ ਮੱਥਾ ਟੇਕਣ ਗਿਆ ਸੀ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਵਿਚ ਜੁੱਟੀ ਹੋਈ ਹੈ। ਇਸ ਸਬੰਧੀ ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਨੌਜਵਾਨ ਦੀ ਮੌਤ ਤੋਂ ਬਾਅਦ ਰੋਹ ਵਿਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ। ਉਨ੍ਹਾਂ ਦਾ ਇਲਜ਼ਾਮ ਸੀ ਕਿ ਹਸਪਤਾਲ ਵਿਚ ਗੁਰਸੇਵਕ ਦੇ ਇਲਾਜ ਵਿਚ ਲਾਪ੍ਰਵਾਹੀ ਵਰਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦਾ ਇਹ ਵੀ ਇਲਜ਼ਾਮ ਸੀ ਕਿ ਹਸਪਤਾਲ ਵੱਲੋਂ ਕੁਝ ਘੰਟਿਆਂ ਦਾ ਬਿੱਲ ਹੀ 12 ਲੱਖ ਰੁਪਏ ਬਣਾ ਦਿੱਤਾ ਗਿਆ। ਇਸ ਮੌਕੇ ਸਮਾਜ ਸੇਵੀ ਅਮਤੋਜ ਮਾਨ ਵੀ ਮੌਕੇ ’ਤੇ ਪਹੁੰਚੇ ਅਤੇ ਪੁਲਿਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਇਕ ਸਾਲ ਪਹਿਲਾਂ ਵੀ ਪਰਵਾਸੀਆਂ ਵੱਲੋਂ ਪਿੰਡ ਕੁੰਬੜਾ ਵਿਚ ਪੰਜਾਬੀ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਸੀ ਪਰ ਪੁਲਿਸ ਵੱਲੋਂ ਕੋਈ ਵੀ ਲੁੜੀਂਦੀ ਕਾਰਵਾਈ ਨਹੀਂ ਕੀਤੀ ਗਈ ਸੀ। ਮੌਕੇ ’ਤੇ ਪਹੁੰਚੇ ਐੱਸਐੱਸਪੀ ਮੁਹਾਲੀ ਹਰਮਨਦੀਪ ਸਿੰਘ ਹਾਂਸ ਨੇ ਮ੍ਰਿਤਕ ਦੇ ਪਰਿਵਾਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਵੱਲੋਂ ਛੇਤੀ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਹਸਪਤਾਲ ਵੱਲੋਂ ਮ੍ਰਿਤਕ ਦੇ ਇਲਾਜ ਵਿਚ ਲਾਪ੍ਰਵਾਹੀ ਵਰਤੇ ਜਾਣ ਦੇ ਇਲਜ਼ਾਮਾਂ ਬਾਰੇ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮ੍ਰਿਤਕ ਦਾ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਜੇਕਰ ਕੋਈ ਅਜਿਹੀ ਗੱਲ ਸਾਹਮਣੇ ਆਈ ਤਾਂ ਹਸਪਤਾਲ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਐੱਸਐੱਸਪੀ ਹਾਂਸ ਨੇ ਕਿਹਾ ਕਿ 14 ਅਤੇ 15 ਫਰਵਰੀ ਦੀ ਦਰਮਿਆਨੀ ਰਾਤ ਨੂੰ ਮ੍ਰਿਤਕ ਮੰਦਰ ਵਿਚ ਮੱਥਾ ਟੇਕਣ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਕੁੱਝ ਵਿਅਕਤੀਆਂ ਦੀ ਲੜਾਈ ਹੋ ਗਈ ਸੀ, ਜਿਸ ਦੌਰਾਨ ਲੜਾਈ ਕਰ ਰਹੇ ਵਿਅਕਤੀਆਂ ਵੱਲੋਂ ਮ੍ਰਿਤਕ ਨੌਜਵਾਨ ਨੂੰ ਚਾਕੂ ਮਾਰ ਦਿੱਤਾ ਗਿਆ ਅਤੇ ਪਰਵਾਸੀਆਂ ਵੱਲੋਂ ਚਾਕੂਬਾਜ਼ੀ ਕਰ ਕੇ ਜ਼ਖ਼ਮੀ ਕੀਤੇ ਨੌਜਵਾਨ ਦੀ ਸੋਮਵਾਰ 16 ਫਰਵਰੀ ਨੂੰ ਮੌਤ ਹੋ ਗਈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਪਹਿਲਾਂ ਇਸ ਮਾਮਲੇ ਵਿਚ ਹਮਲਾਵਰਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਨੌਜਵਾਨ ਦੀ ਮੌਤ ਹੋਣ ’ਤੇ ਕਤਲ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਹਮਲਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ ਅਤੇ ਬਾਕੀ ਦੇ ਵਿਅਕਤੀਆਂ ਨੂੰ ਵੀ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।