- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇਕ ਕਾਬੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਮਾੜੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਟੀਮ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ 27 ਅਕਤੂਬਰ ਨੂੰ ਏਐੱਸਆਈ ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਓਲਡ ਅੰਬਾਲਾ-ਕਾਲਕਾ ਰੋਡ ’ਤੇ ਮੁਬਾਰਕਪੁਰ ਨੇੜੇ ਘੱਗਰ ਪੁਲ਼ ’ਤੇ ਨਾਕਾਬੰਦੀ ਕੀਤੀ ਗਈ ਸੀ। ਚੈਕਿੰਗ ਦੌਰਾਨ ਢਕੌਲੀ ਵਾਲੀ ਪਾਸਿਓਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਤਲਾਸ਼ੀ ਅਤੇ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਕੋਲੋਂ ਚੋਰੀ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ ਬਰਾਮਦ ਹੋਇਆ। ਫੜੇ ਗਏ ਮੁਲਜ਼ਮ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਰਾਮਦਾਸੀਆ ਮੁਹੱਲਾ, ਡੇਰਾਬੱਸੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਦੌਰਾਨ ਕੀਤੀ ਗਈ ਸਖ਼ਤੀ ਨਾਲ ਪੁੱਛਗਿੱਛ ਅਤੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਪੁਲਿਸ ਨੇ ਉਸ ਵੱਲੋਂ ਚੋਰੀ ਕੀਤਾ ਗਿਆ ਇਕ ਹੋਰ ਕਾਲੇ ਰੰਗ ਦਾ ਹਾਂਡਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਖੇਤਰ ਵਿਚ ਹੋਈਆਂ ਅਜਿਹੀਆਂ ਹੋਰ ਚੋਰੀ ਦੀਆਂ ਵਾਰਦਾਤਾਂ ਦੇ ਹੱਲ ਹੋਣ ਦੀ ਉਮੀਦ ਹੈ।