ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Publish Date: Sun, 11 Oct 2026 06:07 PM (IST)
Updated Date: Sun, 11 Oct 2026 06:08 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਹੋਰ ਵੱਡੀ ਸਫ਼ਲਤਾ ਮਿਲੀ, ਜਦੋਂ ਐੱਸਐੱਸਪੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜੇਸ਼ ਹਸਤੀਰ ਡੀਐੱਸਪੀ ਡੇਰਾਬੱਸੀ ਦੀ ਨਿਗਰਾਨੀ ਹੇਠ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ। ਇਸ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ 1105 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਚੌਕੀ ਇੰਚਾਰਜ ਮੁਬਾਰਕਪੁਰ ਕੁਲਵੰਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ 10 ਅਕਤੂਬਰ ਨੂੰ ਏਐੱਸਆਈ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਕਾਜ਼ਵੇ ਘੱਗਰ ਪੁਲ਼ ਓਲਡ ਅੰਬਾਲਾ-ਕਾਲਕਾ ਰੋਡ ਮੁਬਾਰਕਪੁਰ ਵਿਖੇ ਨਾਕਾਬੰਦੀ ਕਰਕੇ ਮੌਜੂਦ ਸਨ। ਇਸ ਦੌਰਾਨ ਢਕੌਲੀ ਵਾਲੀ ਸਾਇਡ ਤੋਂ ਇਕ ਵਿਅਕਤੀ ਮੋਢੇ ਉੱਪਰ ਪਿੱਠੂ ਬੈਗ ਪਾ ਕੇ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਛਾਣ ਰਾਹੁਲ ਕੁਮਾਰ ਉਰਫ਼ ਲੱਕੀ ਵਾਸੀ ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼ ਵਜੋਂ ਦੱਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਦੇ ਬੈਗ ਦੀ ਤਲਾਸ਼ੀ ਲਈ, ਤਾਂ ਉਸ ਵਿਚੋਂ 1105 ਨਸ਼ੀਲੇ ਕੈਪਸੂਲ ਬਰਾਮਦ ਹੋਏ, ਜੋਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਸਬੰਧੀ ਕੋਈ ਵੀ ਵੈਧ ਪਰਮਿਟ ਜਾਂ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੌਕੇ ਤੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ ਅਤੇ ਨਸ਼ੇ ਦੀ ਸਪਲਾਈ ਕਰਨ ਵਾਲੇ ਹੋਰ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾਣ ਦੀ ਸੰਭਾਵਨਾ ਹੈ।