- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਹੋਏ ਇਸ ਐਲਾਨ ਨੇ ਭਾਜਪਾ ਵਿੱਚ ਕੈਪਟਨ ਦੀ ਅਸਲ ਸਿਆਸੀ ਹੈਸੀਅਤ ਨੂੰ ਲੈ ਕੇ ਚਰਚਾਵਾਂ ਛੇੜ ਦਿੱਤੀਆਂ ਹਨ।

ਰਮਨਜੀਤ ਸਿੰਘ ਮਣਕੂ, ਜਾਗਰਣ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਛੇ ਸਾਲਾਂ ਬਾਅਦ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨੇ ਸ਼ੁਰੂ ਹੋ ਗਏ ਹਨ, ਪਰ ਇਸ ਗੱਠਜੋੜ ਦੇ ਐਲਾਨ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਮੌਜੂਦਗੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਜਿਸ ਗੱਠਜੋੜ ਦੀ ਵਕਾਲਤ ਕੈਪਟਨ ਲੰਬੇ ਸਮੇਂ ਤੋਂ ਕਰਦੇ ਆ ਰਹੇ ਸਨ, ਉਸ ਦੇ ਰਸਮੀ ਐਲਾਨ ਮੌਕੇ ਉਹ ਮੰਚ 'ਤੇ ਨਜ਼ਰ ਨਹੀਂ ਆਏ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਹੋਏ ਇਸ ਐਲਾਨ ਨੇ ਭਾਜਪਾ ਵਿੱਚ ਕੈਪਟਨ ਦੀ ਅਸਲ ਸਿਆਸੀ ਹੈਸੀਅਤ ਨੂੰ ਲੈ ਕੇ ਚਰਚਾਵਾਂ ਛੇੜ ਦਿੱਤੀਆਂ ਹਨ। ਮੰਚ 'ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ, ਪਰ ਕੈਪਟਨ ਦੀ ਗੈਰ-ਮੌਜੂਦਗੀ ਵਿਸ਼ੇਸ਼ ਤੌਰ 'ਤੇ ਚਰਚਾ ਦਾ ਵਿਸ਼ਾ ਬਣੀ ਰਹੀ।
ਇਹ ਸਿਆਸੀ ਚਰਚਾ ਇਸ ਲਈ ਵੀ ਅਹਿਮ ਹੋ ਗਈ ਹੈ ਕਿਉਂਕਿ ਪਿਛਲੇ ਦਿਨੀਂ 10 ਨਵੰਬਰ ਨੂੰ ਦਿੱਲੀ ਵਿਖੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਪੁਸਤਕ ਦੇ ਲੋਕ ਅਰਪਣ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਪਹਿਲੀ ਕਤਾਰ ਵਿੱਚ ਬੈਠੇ ਮਹਿਮਾਨਾਂ ਵਿੱਚ ਸ਼ਾਮਲ ਸਨ।
ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਦੀ ਵਕਾਲਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਇੱਥੋਂ ਤੱਕ ਕਹਿ ਚੁੱਕੇ ਸਨ ਕਿ ਜੇਕਰ ਇਹ ਗੱਠਜੋੜ ਨਾ ਹੁੰਦਾ ਤਾਂ ਭਾਜਪਾ ਲਈ 2027 ਤਾਂ ਛੱਡੋ, 2032 ਅਤੇ 2037 ਵਿੱਚ ਵੀ ਪੰਜਾਬ ਦੀ ਸੱਤਾ ਹਾਸਲ ਕਰਨਾ ਆਸਾਨ ਨਹੀਂ ਹੋਣਾ ਸੀ। ਉਨ੍ਹਾਂ ਦਾ ਤਰਕ ਰਿਹਾ ਹੈ ਕਿ ਪੰਜਾਬ ਦੀਆਂ ਜ਼ਮੀਨੀ ਸਿਆਸੀ ਹਾਲਤਾਂ ਨੂੰ ਦੇਖਦਿਆਂ ਭਾਜਪਾ ਨੂੰ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦੇ ਸਾਥ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਲੀਡਰਸ਼ਿਪ 'ਤੇ ਪੰਜਾਬ ਨਾਲ ਜੁੜੇ ਸਿਆਸੀ ਫੈਸਲਿਆਂ ਵਿੱਚ ਉਨ੍ਹਾਂ ਨੂੰ ਭਰੋਸੇ ਵਿੱਚ ਨਾ ਲੈਣ ਦੇ ਦੋਸ਼ ਲਗਾਉਂਦੇ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਵੀ ਉਨ੍ਹਾਂ ਨੇ ਆਪਣੀਆਂ ਸ਼ਿਕਾਇਤਾਂ ਰੱਖੀਆਂ ਸਨ। ਉਨ੍ਹਾਂ ਦਾ ਕਹਿਣਾ ਰਿਹਾ ਹੈ ਕਿ ਕਰੀਬ ਛੇ ਦਹਾਕਿਆਂ ਤੱਕ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਰਹਿਣ ਅਤੇ ਦੋ ਵਾਰ ਮੁੱਖ ਮੰਤਰੀ ਸਮੇਤ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਭਾਜਪਾ ਉਨ੍ਹਾਂ ਦੇ ਤਜਰਬੇ ਦੀ ਵਰਤੋਂ ਨਹੀਂ ਕਰ ਰਹੀ।
ਦੂਜੇ ਪਾਸੇ, ਕੈਪਟਨ ਦੀ ਧੀ ਜੈ ਇੰਦਰ ਕੌਰ ਦਾ ਸਿਆਸੀ ਭਵਿੱਖ ਵੀ ਚਰਚਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਉਹ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਹਨ ਅਤੇ ਪਾਰਟੀ ਸੰਗਠਨ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਕੈਪਟਨ ਖ਼ੁਦ ਸੰਕੇਤ ਦੇ ਚੁੱਕੇ ਹਨ ਕਿ ਚੋਣਾਂ ਲੜਨ ਦੇ ਮਾਮਲੇ ਵਿੱਚ ਹੁਣ ਉਨ੍ਹਾਂ ਦੀ ਆਪਣੀ ਭੂਮਿਕਾ ਸੀਮਤ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਚੋਣਾਂ ਲੜਨ ਦੇ ਉਨ੍ਹਾਂ ਦੇ ਦਿਨ ਲਗਭਗ ਖ਼ਤਮ ਹੋ ਗਏ ਹਨ, ਹਾਲਾਂਕਿ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਏ।