ਓਪਨ ਜਿਮ ਦਾ ਵਿਧਾਇਕ ਕੁਲਵੰਤ ਸਿੰਘ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਉਦਘਾਟਨ
ਓਪਨ ਜਿਮ ਦਾ ਵਿਧਾਇਕ ਕੁਲਵੰਤ ਸਿੰਘ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਉਦਘਾਟਨ
Publish Date: Thu, 08 Jan 2026 07:04 PM (IST)
Updated Date: Thu, 08 Jan 2026 07:06 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਪਿੰਡ ਠਸਕਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ’ਚੋਂ ਪੰਜ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਓਪਨ ਜਿਮ ਦਾ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਅਤੇ ਇੰਜੀ: ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਐੱਸਏਐੱਸ ਨਗਰ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ-ਨਾਲ ਲੋਕਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ’ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਓਪਨ ਜਿਮ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਦੇ ਲੋਕਾਂ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਵਿਚ ਸਹਾਇਕ ਸਾਬਤ ਹੋਣਗੇ। ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਦਾ ਮੁੱਖ ਉਦੇਸ਼ ਲੋਕ-ਹਿਤੈਸ਼ੀ ਅਤੇ ਜ਼ਮੀਨੀ ਪੱਧਰ ਦੇ ਵਿਕਾਸ ਕਾਰਜਾਂ ਨੂੰ ਅਮਲ ਵਿਚ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਪਿੰਡ ਪੱਧਰ ’ਤੇ ਸਿਹਤ, ਖੇਡਾਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਦਘਾਟਨੀ ਸਮਾਰੋਹ ਦੌਰਾਨ ਪਿੰਡ ਦੇ ਸਰਪੰਚ, ਪੰਚ, ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਸਮਾਰੋਹ ਦੇ ਅੰਤ ਵਿਚ ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।