- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੇ ਸਾਰੇ ਵਿਧਾਇਕ ਕਾਲੇ ਕੱਪੜੇ ਪਾ ਕੇ ਵਿਧਾਨ ਸਭਾ ਪਹੁੰਚੇ ਅਤੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਜੈ ਸਿੰਘ ਛਿੱਬਰ, ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੇ ਸਾਰੇ ਵਿਧਾਇਕ ਕਾਲੇ ਕੱਪੜੇ ਪਾ ਕੇ ਵਿਧਾਨ ਸਭਾ ਪਹੁੰਚੇ ਅਤੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਾਂਗਰਸ ਨੇ ਦੋਸ਼ ਲਗਾਇਆ ਕਿ ਰਾਜ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਕਾਰਨ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਗਿਆ ਹੈ, ਪਰ ਸਰਕਾਰ ਦੋਸ਼ੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇਣ ਦੀ ਮੰਗ ਕੀਤੀ।
ਵਿਰੋਧੀ ਧਿਰ ਨੇ ਸਿਹਤ ਵਿਭਾਗ ਨਾਲ ਜੁੜੇ ਮਸਲਿਆਂ ਨੂੰ ਵੀ ਉਠਾਇਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਸਰਕਾਰ ਸਿੱਖਿਆ ਅਤੇ ਸਿਹਤ ਵਰਗੇ ਅਹਿਮ ਖੇਤਰਾਂ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮਸਲਿਆਂ 'ਤੇ ਜਵਾਬ ਦੇਣ ਤੋਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਇਹ ਮੁੱਦੇ ਪੂਰੀ ਤਾਕਤ ਨਾਲ ਉਠਾਏਗੀ ਅਤੇ ਸਰਕਾਰ ਤੋਂ ਜਵਾਬ ਮੰਗੇਗੀ।
ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਇਸ ਪ੍ਰਦਰਸ਼ਨ ਨਾਲ ਵਿਧਾਨ ਸਭਾ ਕੰਪਲੈਕਸ ਦਾ ਸਿਆਸੀ ਮਾਹੌਲ ਗਰਮਾ ਗਿਆ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਾਫ਼ੀ ਸਮੇਂ ਤੱਕ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੁੰਦੀ ਰਹੀ। ਮੰਨਿਆ ਜਾ ਰਿਹਾ ਹੈ ਕਿ ਸੈਸ਼ਨ ਦੌਰਾਨ ਪੇਪਰ ਲੀਕ, ਸਿਹਤ ਸੇਵਾਵਾਂ ਅਤੇ ਹੋਰ ਲੋਕ ਹਿਤ ਦੇ ਮੁੱਦਿਆਂ 'ਤੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਟੱਕਰ ਦੇਖਣ ਨੂੰ ਮਿਲ ਸਕਦੀ ਹੈ।