ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ
Publish Date: Sun, 20 Sep 2026 08:22 PM (IST)
Updated Date: Mon, 21 Sep 2026 04:12 AM (IST)
ਖੇਤਾਂ ’ਚ ਪਰਾਲੀ ਤੇ ਹੋਰ ਰਹਿੰਦ ਖੂੰਹਦ ਸਾੜਨ ਤੋਂ ਗੁਰੇਜ਼ ਕਰਨ ਕਿਸਾਨ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਫ਼ਸਲ ਕੱਟਣ ਲਈ ਰਾਤ ਨੂੰ ਕੰਬਾਇਨਾਂ ਚਲਾਉਣ ਨਾਲ ਜਿੱਥੇ ਹਾਦਸੇ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ, ਉੱਥੇ ਝੋਨੇ ਦੀ ਫ਼ਸਲ ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋ ਜਾਂਦਾ ਹੈ। ਇਹ ਕੰਬਾਇਨਾਂ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ, ਨਾਲ ਝੋਨੇ ’ਚ ਵੱਧ ਨਮੀ ਹੋਣ ਕਾਰਨ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਦੇਸ਼ ਦੇ ਉਤਪਾਦਨ ’ਤੇ ਵੀ ਅਸਰ ਪੈਂਦਾ ਹੈ। ਇੰਜ ਝੋਨੇ ’ਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆ ਉਸ ਝੋਨੇ ਨੂੰ ਖ਼ਰੀਦਣ ਤੋਂ ਅਸਮਰਥ ਹੁੰਦੀਆਂ ਹਨ, ਜਿਸ ਕਰਨ ਕਿਸਾਨਾਂ ਦੀ ਮੰਡੀਆਂ ’ਚ ਖੱਜਲ-ਖੁਆਰੀ ਤੋ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਦੇ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਇਨਾਂ ਦੇ ਮਾਲਕ ਬਿਨ੍ਹਾਂ ਐਸਐਮਐਸ ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਣ ਫ਼ੈਲਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ’ਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਦੇ ਮੱਦੇਨਜ਼ਰ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫ਼ਾਰਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨਾ ਕੱਟਣ ਤੋਂ ਬਾਅਦ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ’ਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਪਰੋਕਤ ਖ਼ਦਸ਼ਿਆਂ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਨਾ ਕੱਟਣ ਦੇ ਹੁਕਮ ਜਾਰੀ ਕੀਤੇ ਗਏ ਹਨ। ਨਾਲ ਹੀ ਖੇਤਾਂ ਵਿਚ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਕੰਬਾਇਨ ਮਾਲਕ ਬਿਨਾਂ ਐਸਐਮਐਸ ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ। ਇਹ ਹੁਕਮ 17 ਨਵੰਬਰ 2026 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।