ਵਪਾਰੀਆਂ ਦੇ ਲੰਬਿਤ ਮਾਮਲੇ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੇ ਆਦੇਸ਼ ਵਪਾਰੀਆਂ ਦੇ ਲੰਬਿਤ ਮਾਮਲੇ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੇ ਆਦੇਸ਼
Publish Date: Mon, 12 Oct 2026 06:17 PM (IST)
Updated Date: Mon, 12 Oct 2026 06:17 PM (IST)
-ਟਰੇਡਰਜ਼ ਕਮਿਸ਼ਨ ਅਤੇ ਸਹਾਇਕ ਕਮਿਸ਼ਨਰ ਨੇ ਲੰਬਿਤ ਮਾਮਲਿਆਂ ਦੀ ਕੀਤੀ ਸਮੀਖਿਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ। ਜਿਸ ਵਿਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ’ਚ ਪ੍ਰਗਤੀ ਰਿਪੋਰਟ ’ਤੇ ਚਰਚਾ ਕੀਤੀ। ਮੀਟਿੰਗ ’ਚ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਵਰਗ ਦੇ ਨੁਮਾਇੰਦੇ ਹਾਜ਼ਰ ਸਨ। ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ-ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਵਪਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਹਮਣੇ ਆਈਆਂ ਜ਼ਿਆਦਾਤਰ ਸ਼ਿਕਾਇਤਾਂ ਪਾਵਰਕਾਮ, ਗਮਾਡਾ, ਸਫ਼ਾਈ, ਸਟਰੀਟ ਲਾਈਟਾਂ ਅਤੇ ਨਗਰ ਨਿਗਮ ਨਾਲ ਸਬੰਧਤ ਅਤੇ ਨਾਗਰਿਕ ਸਹੂਲਤਾਂ ਨਾਲ ਜੁੜੀਆਂ ਹੋਈਆਂ ਸਨ। ਇਸ ਸਬੰਧੀ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਮੱਸਿਆਵਾਂ ਦਾ ਜਲਦ ਹੱਲ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਿਕਾਇਤਕਰਤਾਵਾਂ ਨਾਲ ਨਿਯਮਿਤ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੇ ਮਾਮਲਿਆਂ ਦੀ ਪ੍ਰਗਤੀ ਬਾਰੇ ਸਮੇਂ-ਸਮੇਂ ਤੇ ਜਾਣੂ ਕਰਵਾਉਣ, ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਕਈ ਮਾਮਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਸੰਭਵ ਹੈ।