- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਕਰਮਚਾਰੀਆਂ ਲਈ ਮੈਡੀਕਲ ਕੈਂਪ ਦਾ ਆਯੋਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਕਪੁਰ : ਨਗਰ ਕੌਂਸਲ ਜ਼ੀਰਕਪੁਰ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮੈਡੀਕਲ ਕੈਂਪ ਲਗਾਇਆ ਗਿਆ। ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਗਗਨਦੀਪ ਸ਼ੇਰਗਿੱਲ ਦੀ ਨਿਗਰਾਨੀ ਹੇਠ ਪੈਥੋਲੋਜਿਸਟ ਡਾ. ਸਰਗੁਣ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਨੇ ਕਰਮਚਾਰੀਆਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ। ਇਸ ਮੌਕੇ ਕਮਿਊਨਿਟੀ ਫੈਸੀਲੀਟੇਟਰ ਸੁਖਵਿੰਦਰ ਸਿੰਘ ਦਿਓਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੰਮ ਦੌਰਾਨ ਉਨ੍ਹਾਂ ਨੂੰ ਕਈ ਵਾਰ ਗੰਦਗੀ ਅਤੇ ਅਸਵੱਛ ਹਾਲਾਤਾਂ ਦੇ ਸੰਪਰਕ ਵਿਚ ਆਉਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਦੀ ਨਿਯਮਤ ਜਾਂਚ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕਰਮਚਾਰੀਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨ ’ਚ ਸਹਾਇਕ ਸਾਬਤ ਹੁੰਦੇ ਹਨ। ਕੈਂਪ ਵਿਚ ਸੈਨੇਟਰੀ ਇੰਸਪੈਕਟਰ ਰੰਜੀਵ, ਮਨੋਜ ਅਤੇ ਰਣਜੀਤ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ ਦੀ ਟੀਮ ਦੇ ਮੈਂਬਰ ਅਮਰ, ਤਰਸੇਮ, ਗੁਰਸੇਵਕ, ਲਲਿਤ ਅਤੇ ਤਲਵਿੰਦਰ ਵੀ ਮੌਜੂਦ ਸਨ। ਨਗਰ ਕੌਂਸਲ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਸਿਹਤ ਅਤੇ ਭਲਾਈ ਨੂੰ ਸਵੱਛਤਾ ਮੁਹਿੰਮ ਦਾ ਅਹਿਮ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ ਗਿਆ।