ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਉਪਰੰਤ ਪੰਜਾਬ ਅੰਦਰ ਉੱਠੇ ਵਿਵਾਦ ਉਪਰੰਤ ਅੱਜ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਆਪਣੀ ਸਮੁੱਚੀ ਟੀਮ ਸਮੇਤ ਗਾਂਧੀ ਸਮਾਰਕ ਭਵਨ, ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ। ਸ. ਢਿੱਲੋਂ ਨੇ ਕਿਹਾ ਕਿ ਉਹ ਉਹਨਾਂ ਤਾਕਤਾਂ ਦਾ ਵਿਰੋਧ ਕਰਦੇ ਹਨ ਜਿਨ੍ਹਾਂ ਵੱਲੋਂ ਆਪਣੀ ਰਾਜਨੀਤੀ ਚਮਕਾਉਣ ਲਈ ਉਹਨਾਂ ਸ਼ਹੀਦਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ ਜਿਨ੍ਹਾਂ ਸ਼ਹੀਦਾਂ ਦੀ ਸ਼ਹਾਦਤ ‘ਤੇ ਕੋਈ ਸ਼ੰਕਾ ਜਾਂ ਕੋਈ ਬਹਿਸ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਉਹ ਮਹਾਤਮਾ ਗਾਂਧੀ ਜੀ ਦੇ ਬੁੱਤ ਦੀ ਕੀਤੀ ਗਈ ਤੋੜ ਫੋੜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ ਅਤੇ ਇਸ ਦਾ ਪੁਰਜ਼ੋਰ ਵਿਰੋਧ ਕਰਦੇ ਹਨ।

ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਹਿੰਸਾ ਨੂੰ ਜਿਸ ਤਰੀਕੇ ਨਾਲ ਮਨਾਇਆ ਜਾਂ ਦਰਸਾਇਆ ਜਾ ਰਿਹਾ ਹੈ, ਉਸ ਨਾਲ ਪੰਜਾਬ ਦਾ ਨੌਜਵਾਨ ਹਿੰਸਾ ਵੱਲ ਆਕਰਸ਼ਿਤ ਹੁੰਦਾ ਹੈ ਅਤੇ ਪੰਜਾਬ ਅੰਦਰ ਹਿੰਸਕ ਮਾਹੌਲ ਪੈਦਾ ਹੋ ਸਕਦਾ ਹੈ। ਪਰ ਅੱਜ ਪੰਜਾਬ ਅੰਦਰ ਸ਼ਾਂਤੀ ਦਾ ਮਾਹੌਲ ਬਣਾਏ ਰੱਖਣ ਦੀ ਲੋੜ ਹੈ, ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾਲ ਸੰਭਵ ਨਹੀਂ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਿੰਸਾ ਦਾ ਰਾਹ ਨਾ ਚੁਣਨ ਅਤੇ ਸ਼ਾਂਤੀ ਬਣਾਏ ਰੱਖਣ।

ਸ. ਢਿੱਲੋਂ ਨੇ ਕਿਹਾ ਕਿ ਅੱਜ ਜੋ ਤਾਕਤਾਂ ਪੰਜਾਬ ਨੂੰ ਇੱਕ ਵਾਰ ਫੇਰ ਵੰਡਣ ਦੀ ਗੱਲ ਕਰ ਰਹੀਆਂ ਹਨ, ਉਸ ਨਾਲ ਪੰਜਾਬ ਤਰੱਕੀ ਦੇ ਰਾਹ ‘ਤੇ ਨਹੀਂ ਜਾਏਗਾ ਸਗੋਂ ਪੰਜਾਬ ਅੰਦਰ ਮਹਿੰਗਾਈ ਅਤੇ ਬੇਰੁਜ਼ਗਾਰੀ ਹੋਰ ਵਧੇਗੀ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਜੋੜ ਕੇ ਰੱਖਣ ਦੀ ਲੋੜ ਹੈ ਅਤੇ ਉਹਨਾਂ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਬਣਾਏ ਰੱਖਣ ਅਤੇ ਉਸ ‘ਤੇ ਚੱਲਣ ਦੀ ਲੋੜ ਹੈ ਜਿਨ੍ਹਾਂ ਦੀ ਸ਼ਹਾਦਤ ਸਦਕਾ ਦੇਸ਼ ਨੂੰ ਆਜ਼ਾਦੀ ਮਿਲੀ।

ਸ. ਢਿੱਲੋਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦਾ ਆਦਰਸ਼ ਹਨ ਅਤੇ ਉਹ ਉਹਨਾਂ ਦਾ ਸਨਮਾਨ ਕਰਦੇ ਹਨ। ਉਹਨਾਂ ਕਿਹਾ ਕਿ ਸ. ਭਗਤ ਸਿੰਘ ਦੇ ਨਾਲ ਨਾਲ ਉਹ ਹਰ ਉਸ ਸ਼ਹੀਦਾਂ ਦਾ ਵੀ ਸਨਮਾਨ ਕਰਦੇ ਹਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ।

ਸ. ਬਰਿੰਦਰ ਢਿੱਲੋਂ ਨੇ ਕਿਹਾ ਕਿ ਉਹ ਦਫ਼ਤਰਾਂ ਵਿੱਚੋਂ ਮਹਾਤਮਾਂ ਗਾਂਧੀ ਜੀ ਦੀ ਫ਼ੋਟੋ ਉਤਾਰੇ ਜਾਣ ਦਾ ਵਿਰੋਧ ਕਰਦੇ ਹਨ ਅਤੇ ਮੁੜ ਸਰਕਾਰੀ ਦਫ਼ਤਰਾਂ ਵਿੱਚ ਮਹਾਤਮਾ ਗਾਂਧੀ ਦੀ ਫ਼ੋਟੋ ਲਗਵਾਉਣ ਲਈ ਸਰਕਾਰ ਨੂੰ ਚਿੱਠੀ ਲਿਖੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਅੰਦਰ ਪੈਦਾ ਕੀਤੇ ਜਾ ਰਹੇ ਅਸ਼ਾਂਤੀ ਦੇ ਮਾਹੌਲ ਦਾ ਉਹ ਅਮਨ ਸ਼ਾਂਤੀ ਨਾਲ ਵਿਰੋਧ ਕਰਨਗੇ ਅਤੇ ਪੰਜਾਬ ਨੂੰ ਆਪਣੇ ਵਿੱਚ ਜੋੜੇ ਰੱਖਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰਨਗੇ।

Posted By: Jagjit Singh