ਆਊਟਸੋਰਸ ਮੁਲਾਜ਼ਮਾਂ ਨੇ ਦੋ ਘੰਟੇ ਕੰਮ ਕੀਤਾ ਠੱਪ ਆਊਟਸੋਰਸ ਮੁਲਾਜ਼ਮਾਂ ਵੱਲੋਂ ਦੋ ਘੰਟੇ ਕੰਮ ਠੱਪ
Publish Date: Fri, 20 Nov 2026 07:41 PM (IST)
Updated Date: Fri, 20 Nov 2026 07:43 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਸਮੂਹ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੂਬੇ ਭਰ ’ਚ ਸਵੇਰੇ 9 ਤੋਂ 11 ਵਜੇ ਤੱਕ ਮੁਕੰਮਲ ਤੌਰ ’ਤੇ ਕੰਮ ਬੰਦ ਰੱਖ ਕੇ ਸੰਕੇਤਕ ਹੜਤਾਲ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਮੀਤ ਪ੍ਰਧਾਨ ਸਤਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਮੀਟਿੰਗਾਂ ਤਾਂ ਦੇ ਰਹੀ ਹੈ, ਪਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਇੰਨਲਿਸਟਮੈਂਟ, ਆਊਟਸੋਰਸ, ਠੇਕਾ ਆਧਾਰਤ ਅਤੇ ਦਿਹਾੜੀਦਾਰ (ਡੇਲੀਵੇਜ਼) ਕਾਮਿਆਂ ਨੂੰ ਸਬੰਧਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਕੇ ਮੁਲਾਜ਼ਮ ਵਰਗ ਨਾਲ ਧੋਖਾ ਕਰ ਰਹੀ ਹੈ, ਜਿਸ ਕਾਰਨ ਕਾਮਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲਾਰੇਬਾਜ਼ੀ ਦੀ ਨੀਤੀ ਬੰਦ ਨਾ ਕੀਤੀ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ 23 ਨਵੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ’ਚ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 27 ਨਵੰਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਵਿਸ਼ਾਲ ਇਕੱਠ ਕੀਤਾ ਜਾਵੇਗਾ। ਇਸ ਆਰ-ਪਾਰ ਦੀ ਲੜਾਈ ’ਚ ਮੁਲਾਜ਼ਮਾਂ ਦੇ ਪਰਿਵਾਰ ਤੇ ਸਮਰਥਕ ਵੀ ਸੜਕਾਂ ’ਤੇ ਉਤਰਨਗੇ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜਨਰਲ ਸਕੱਤਰ ਜਤਿੰਦਰ ਸਿੰਘ, ਰਾਜ ਕੌਰ ਅਤੇ ਹੋਰ ਮੁਲਾਜ਼ਮ ਆਗੂ ਵੀ ਹਾਜ਼ਰ ਸਨ।