- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 8.50 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 8.50 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐੱਲ.) ਆਰ.ਬੀ.ਆਈ. ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਉਪਰੰਤ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚ ਚੁੱਕਾ ਹੈ।
ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਝੋਨਾ ਲਿਆਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਅਤੇ ਲਿਫਟਿੰਗ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨ ਅੰਨਦਾਤਾ ਹਨ ਅਤੇ ਉਨ੍ਹਾਂ ਨਾਲ ਪੂਰੇ ਸਤਿਕਾਰ ਨਾਲ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਤੁਰੰਤ ਖਰੀਦ ਹੋ ਸਕੇ।