ਡੇਰਾਬੱਸੀ ’ਚ ਝੋਨੇ ਦੇ ਨਾੜ ਨੂੰ ਲਾਈ ਅੱਗ; ਪ੍ਰਦੂਸ਼ਣ ਬੋਰਡ ਦੇ ਅਧਿਕਾਰੀ ਬੇਖ਼ਬਰ, ਲੋਕ ਪਰੇਸ਼ਾਨ ਡੇਰਾਬੱਸੀ ਵਿਖੇ ਝੋਨੇ ਦੇ ਨਾੜ ਨੂੰ ਲਾਈ ਅੱਗ; ਪ੍ਰਦੂਸ਼ਣ ਬੋਰਡ ਦੇ ਅਧਿਕਾਰੀ ਬੇਖ਼ਬਰ,
Publish Date: Thu, 29 Oct 2026 07:53 PM (IST)
Updated Date: Thu, 29 Oct 2026 07:55 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨਗਰ ਕੌਂਸਲ ਡੇਰਾਬੱਸੀ ਅਧੀਨ ਪੈਂਦੇ ਪਿੰਡ ਦੰਦਰਾਲਾ ਵਿਖੇ ਸਥਿਤ ‘ਆਉਰਾ ਗਰੀਨ’ ਸੁਸਾਇਟੀ ਦੇ ਬਿਲਕੁਲ ਨੇੜੇ ਇਕ ਕਿਸਾਨ ਵੱਲੋਂ ਲਗਭਗ 5 ਏਕੜ (ਕਿੱਲਿਆਂ) ਵਿਚ ਝੋਨੇ ਦੇ ਨਾੜ (ਪਰਾਲੀ) ਨੂੰ ਬੇਖ਼ੌਫ਼ ਅੱਗ ਲਗਾ ਦਿੱਤੀ ਗਈ, ਜਿਸ ਨਾਲ ਇਲਾਕੇ ਵਿਚ ਭਾਰੀ ਧੂੰਆਂ ਤੇ ਪ੍ਰਦੂਸ਼ਣ ਫੈਲ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਸਥਾਨਕ ਪਿੰਡ ਵਾਸੀਆਂ ਅਤੇ ਨੇੜਲੀਆਂ ਕਾਲੋਨੀਆਂ ਦੇ ਰਹਿਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਆਉਰਾ ਗਰੀਨ ਸੁਸਾਇਟੀ ਦੇ ਨੇੜਲੇ ਖੇਤਾਂ ’ਚੋਂ ਨਿਕਲ ਰਹੇ ਸੰਘਣੇ ਧੂੰਏਂ ਕਾਰਨ ਆਲੇ-ਦੁਆਲੇ ਦੇ ਵਾਤਾਵਰਨ ਵਿਚ ਸਾਹ ਲੈਣਾ ਵੀ ਔਖਾ ਹੋ ਗਿਆ। ਸਥਾਨਕ ਵਸਨੀਕਾਂ ਨੇ ਦੱਸਿਆ ਕਿ ਧੂੰਏਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਹਾਲਤ ਬੇਹੱਦ ਖ਼ਰਾਬ ਹੋ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ’ਤੇ ਧੂੰਆਂ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਵੀ ਆਵਾਜਾਈ ਵਿਚ ਭਾਰੀ ਪਰੇਸ਼ਾਨੀ ਆ ਰਹੀ ਹੈ ਅਤੇ ਹਾਦਸਾ ਵਾਪਰਨ ਦਾ ਡਰ ਬਣਿਆ ਹੋਇਆ ਹੈ। ਇਲਾਕਾ ਨਿਵਾਸੀਆਂ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਰਾਲੀ ਨਾ ਸੜਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਸ਼ਿਕਾਇਤਾਂ ਦੇ ਬਾਵਜੂਦ ਸਬੰਧਤ ਵਿਭਾਗ ਦੇ ਅਧਿਕਾਰੀ ਮੌਕੇ ਤੇ ਪਹੁੰਚ ਕੇ ਕਾਰਵਾਈ ਕਰਨ ਦੀ ਬਜਾਏ ਅੱਖਾਂ ਮੀਚ ਕੇ ਬੈਠੇ ਹਨ। ਪਿੰਡ ਵਾਸੀਆਂ ਅਤੇ ਸੁਸਾਇਟੀ ਦੇ ਰਹਿਣ ਵਾਲੇ ਲੋਕਾਂ ਨੇ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਨਾੜ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਨੂੰ ਇਸ ਪ੍ਰਦੂਸ਼ਣ ਤੋਂ ਨਿਜਾਤ ਦਿਵਾਈ ਜਾਵੇ।