ਨੇਬਰਹੁੱਡ ਪਾਰਕ ’ਚ ਪੇਂਟਿੰਗ ਤੇ ਬੈਡਮਿੰਟਨ ਮੁਕਾਬਲੇ ਕਰਵਾਏ ਨੇਬਰਹੁੱਡ ਪਾਰਕ ’ਚ ਪੇਂਟਿੰਗ ਤੇ ਬੈਡਮਿੰਟਨ ਮੁਕਾਬਲੇ ਕਰਵਾਏ
Publish Date: Mon, 16 Nov 2026 05:38 PM (IST)
Updated Date: Tue, 17 Nov 2026 04:00 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਤੰਬਾਕੂ ਵਿਰੁੱਧ ਸੰਘਰਸ਼ਸ਼ੀਲ ਸਮਾਜ ਸੇਵੀ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਮੁਹਾਲੀ ਦੇ ਵਾਰਡ ਨੰ. 19 ਤੋਂ ਕੌਂਸਲਰ ਸ੍ਰੀਮਤੀ ਓਪਿੰਦਰਪ੍ਰੀਤ ਕੌਰ ਗਿੱਲ ਵੱਲੋਂ ਬਾਲ ਦਿਵਸ ਨੂੰ ਸਮਰਪਿਤ ਨੇਬਰਹੁੱਡ ਪਾਰਕ ਫੇਜ਼-11 ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਪੇਂਟਿੰਗ ਅਤੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਲਗਭਗ 100 ਤੋਂ ਵੱਧ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਕਤਾ, ਪ੍ਰਤਿਭਾ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀਮਤੀ ਓਪਿੰਦਰਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਜਾਗਰੂਕਤਾ, ਸਿਰਜਣਾਤਮਕਤਾ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਬੱਚਿਆਂ ਨੂੰ ਅਜਿਹੀਆਂ ਉਸਾਰੂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਜੋ ਉਨ੍ਹਾਂ ਦੀ ਕਲਾਤਮਿਕ ਪ੍ਰਤਿਭਾ, ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ’ਚ ਸਹਾਈ ਹੋਣ। ਉਨ੍ਹਾਂ ਕਿਹਾ ਕਿ ਇਕ ਸਿਹਤਮੰਦ ਅਤੇ ਮਜ਼ਬੂਤ ਪੀੜ੍ਹੀ ਦੇ ਨਿਰਮਾਣ ਲਈ ਅਜਿਹੇ ਸਮਾਗਮ ਕਰਵਾਉਣਾ ਬਹੁਤ ਜ਼ਰੂਰੀ ਹਨ, ਤਾਂ ਜੋ ਬੱਚਿਆਂ ਨੂੰ ਤੰਬਾਕੂ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕੇ। ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਉਸਾਰੂ ਮੰਚ ਪ੍ਰਦਾਨ ਕਰਨਾ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਸਿਰਜਣਾ ’ਚ ਅਹਿਮ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਨੇ ਸਮੂਹ ਬੱਚਿਆਂ ਨੂੰ ਬਾਲ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਉਨ੍ਹਾਂ ਨੂੰ ਖੇਡਾਂ, ਸੱਭਿਆਚਾਰਕ ਅਤੇ ਵਿੱਦਿਅਕ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਨੇਬਰਹੁੱਡ ਪਾਰਕ ’ਚ ਖੁਸ਼ੀ, ਸਿੱਖਣ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨਾਲ ਭਰਪੂਰ ਮਾਹੌਲ ਦੇਖਣ ਨੂੰ ਮਿਲਿਆ ਅਤੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕਿ ਯੁਵਾ ਪੀੜ੍ਹੀ ਦੇਸ਼ ਅਤੇ ਉਸਾਰੂ ਸਮਾਜ ਦੇ ਨਿਰਮਾਣ ’ਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਸ ਲਈ ਨੌਜਵਾਨਾਂ ਨੂੰ ਸਕੂਲ ਟਾਈਮ ਤੋਂ ਹੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਸਮਾਜਿਕ ਕਦਰਾਂ-ਕੀਮਤਾਂ ਦਾ ਪਾਠ ਵੀ ਜ਼ਰੂਰ ਪੜ੍ਹਾਉਣ।