ਨਵੇਂ ਬੱਸ ਸਟੈਂਡ ਬਣਾਉਣ ਦੇ ਪ੍ਰਾਜੈਕਟ ਲਈ ਪਰਮਿੰਦਰ ਗੋਲਡੀ ਨੇ ਕੀਤੀ ਬੈਠਕ ਨਵੇਂ ਬੱਸ ਸਟੈਂਡ ਬਣਾਉਣ ਦੇ ਪ੍ਰਾਜੈਕਟ ਲਈ ਪਰਮਿੰਦਰ ਗੋਲਡੀ ਨੇ ਕੀਤੀ ਬੈਠਕ
Publish Date: Thu, 22 Oct 2026 07:28 PM (IST)
Updated Date: Thu, 22 Oct 2026 07:30 PM (IST)
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਨਗਰ ਕੌਂਸਲ ਦਫ਼ਤਰ ਖਰੜ ਵਿਖੇ ਸ਼ਹਿਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਬੱਸ ਸਟੈਂਡ ਬਣਾਉਣ ਦੇ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਐੱਸਡੀਐੱਮ ਖਰੜ ਗੁਰਮੀਤ ਸਿੰਘ ਦੀ ਮੌਜੂਦਗੀ ਵਿਚ ਉਨ੍ਹਾਂ ਬੱਸ ਸਟੈਂਡ ਦੇ ਪ੍ਰਾਜੈਕਟ ਸਬੰਧੀ ਚੱਲ ਰਹੀ ਯੋਜਨਾਬੰਦੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਬੱਸ ਸਟੈਂਡ ਦੇ ਲੇਆਉਟ ਅਤੇ ਨਕਸ਼ੇ ਨੂੰ ਅੰਤਿਮ ਰੂਪ ਦੇਣ ਦੇ ਨਾਲ-ਨਾਲ ਪ੍ਰਾਜੈਕਟ ਦੇ ਬਜਟ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਖਰੜ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਲੇਆਉਟ ਤਿਆਰ ਕਰਕੇ ਅਗਲੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਬੱਸ ਟਰਮੀਨਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਯੋਜਨਾ ਹੈ। ਇਸ ਵਿਚ ਫਾਇਰ ਸਟੇਸ਼ਨ, ਸਰਕਾਰੀ ਦਫ਼ਤਰ, ਆਡੀਟੋਰੀਅਮ ਅਤੇ ਮਲਟੀ-ਲੈਵਲ ਪਾਰਕਿੰਗ ਵਰਗੀਆਂ ਸਹੂਲਤਾਂ ਸ਼ਾਮਲ ਕਰਨ ਸਬੰਧੀ ਵਿਚਾਰ ਕੀਤਾ ਗਿਆ, ਤਾਂ ਜੋ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਖਰੜ ਇਕ ਤੇਜ਼ੀ ਨਾਲ ਵਿਕਸਤ ਹੋ ਰਿਹਾ ਸ਼ਹਿਰ ਹੈ ਅਤੇ ਇਸ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਨਵੇਂ ਬੱਸ ਸਟੈਂਡ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨਾਲ ਪ੍ਰਾਜੈਕਟ ਦੀ ਪ੍ਰਗਤੀ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੀ ਕਾਰਵਾਈ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ।ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਏਐੱਮਈ ਜਤਿੰਦਰ ਸਿੰਘ, ਆਰਕੀਟੈਕਟ ਆਸ਼ੀਸ਼ ਬਾਂਸਲ ਅਤੇ ਗੋਵਿੰਦਰ ਚੀਮਾ, ਰਾਮ ਸਰੂਪ ਸਾਬਕਾ ਕੌਂਸਲਰ ਮੌਜੂਦ ਸਨ।