Punjab Congress 'ਚ ਹਲਚਲ ਦੌਰਾਨ ਬਾਜਵਾ ਦੀ ਦਿੱਲੀ 'ਚ ਪਾਇਲਟ ਨਾਲ ਮੁਲਾਕਾਤ, ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ 4-5 ਦਿਨਾਂ 'ਚ ਫੈਸਲਾ
ਪਾਇਲਟ ਨੇ ਹਾਲ ਹੀ 'ਚ ਆਪਣੇ ਪੰਜਾਬ ਦੌਰੇ ਦੌਰਾਨ ਵੱਖ-ਵੱਖ ਧੜਿਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਅਤੇ 15 ਸਤੰਬਰ ਨੂੰ ਕਰਵਾਏ ਗਏ ਵਿਰੋਧ ਪ੍ਰਦਰਸ਼ਨ 'ਚ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਸੀਨੀਅਰ ਆਗੂ ਇਕ ਮੰਚ 'ਤੇ ਨਜ਼ਰ ਆਏ ਸਨ।
Publish Date: Mon, 21 Sep 2026 01:11 PM (IST)
Updated Date: Mon, 21 Sep 2026 02:54 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਸੰਗਠਨਾਤਮਕ ਬਦਲਾਅ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਾਲੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਨਵੀਂ ਦਿੱਲੀ 'ਚ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਪੰਜਾਬ ਕਾਂਗਰਸ ਦੇ ਆਉਣ ਵਾਲੇ ਪ੍ਰੋਗਰਾਮਾਂ ਤੇ ਖਾਸ ਤੌਰ 'ਤੇ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ਚਰਚਾ ਹੋਈ। ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਅਗਲੇ ਚਾਰ-ਪੰਜ ਦਿਨਾਂ 'ਚ ਤਸਵੀਰ ਸਾਫ਼ ਹੋ ਸਕਦੀ ਹੈ।ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਸਚਿਨ ਪਾਇਲਟ ਨਾਲ ਪੰਜਾਬ ਨੂੰ ਲੈ ਕੇ ਵਿਸਥਾਰ ਨਾਲ ਗੱਲਬਾਤ ਹੋਈ ਹੈ, ਜਿਸ 'ਚ ਪੰਜਾਬ 'ਚ ਚੋਣਾਂ ਨੂੰ ਲੈ ਕੇ ਹੁਣ ਤਿਆਰੀ ਸ਼ੁਰੂ ਕਰਨ ਦਾ ਮੁੱਦਾ ਵੀ ਸ਼ਾਮਲ ਸੀ। ਜਲਦੀ ਹੀ ਪੰਜਾਬ 'ਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਇਕ ਪ੍ਰੋਗਰਾਮ 'ਚ ਸ਼ਿਰਕਤ ਕਰਨਗੇ।
ਪੰਜਾਬ ਕਾਂਗਰਸ 'ਚ ਪਿਛਲੇ ਕੁਝ ਸਮੇਂ ਤੋਂ ਚੋਣਾਂ ਸਬੰਧੀ ਫੇਰਬਦਲ ਨੂੰ ਲੈ ਕੇ ਅਟਕਲਾਂ ਵੀ ਚੱਲ ਰਹੀਆਂ ਹਨ। ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਸੰਗਠਨ 'ਚ ਸੰਭਾਵਿਤ ਬਦਲਾਅ ਨੂੰ ਲੈ ਕੇ ਕਾਂਗਰਸ ਦੇ ਅੰਦਰ ਚਰਚਾਵਾਂ ਤੇਜ਼ ਹੋਈਆਂ ਹਨ। ਪਾਇਲਟ ਨੇ ਹਾਲ ਹੀ 'ਚ ਆਪਣੇ ਪੰਜਾਬ ਦੌਰੇ ਦੌਰਾਨ ਵੱਖ-ਵੱਖ ਧੜਿਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਅਤੇ 15 ਸਤੰਬਰ ਨੂੰ ਕਰਵਾਏ ਗਏ ਵਿਰੋਧ ਪ੍ਰਦਰਸ਼ਨ 'ਚ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਸੀਨੀਅਰ ਆਗੂ ਇਕ ਮੰਚ 'ਤੇ ਨਜ਼ਰ ਆਏ ਸਨ।
ਇਸ ਤੋਂ ਬਾਅਦ ਪਾਇਲਟ ਨੇ ਪੰਜਾਬ ਕਾਂਗਰਸ ਦੀ ਸਥਿਤੀ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਫੀਡਬੈਕ ਲਿਆ ਹੈ। ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਵੀ ਕਾਂਗਰਸ ਦੀਆਂ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਵੱਲੋਂ ਪਹਿਲਾਂ ਹੀ ਸੰਕੇਤ ਦਿੱਤੇ ਗਏ ਹਨ ਕਿ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੌਰਾਨ ਰਾਹੁਲ ਗਾਂਧੀ ਮੁਹਿੰਮ ਦੀ ਅਗਵਾਈ ਕਰਨਗੇ।
ਬਾਜਵਾ ਅਤੇ ਪਾਇਲਟ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ 'ਚ ਸੰਗਠਨਾਤਮਕ ਬਦਲਾਅ ਅਤੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਹਾਈਕਮਾਨ ਪੱਧਰ 'ਤੇ ਵਿਚਾਰ-ਵਟਾਂਦਰਾ ਜਾਰੀ ਹੈ। ਹੁਣ ਬਾਜਵਾ ਦੇ ਬਿਆਨ ਤੋਂ ਬਾਅਦ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਤਾਰੀਖ ਅਤੇ ਪ੍ਰੋਗਰਾਮ ਨੂੰ ਲੈ ਕੇ ਅਗਲੇ ਕੁਝ ਦਿਨਾਂ 'ਚ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।