ਮਨੁੱਖਤਾ ਲਈ ਜੀਵਨ ਮਾਰਗ ਦਰਸਾਉਂਦਾ ਸ੍ਰੀ ਗੁਰੂ ਗ੍ਰੰਥ ਸਾਹਿਬ, ਸਤਿਕਾਰ ਬਿੱਲ-2026 ਪਾਸ ਹੋਣਾ ਇਤਿਹਾਸਕ ਕਦਮ : ਰੰਧਾਵਾ
ਸਤਿਕਾਰ ਬਿੱਲ-2026 ਪਾਸ ਹੋਣਾ ਇਤਿਹਾਸਕ ਕਦਮ : ਰੰਧਾਵਾ
Publish Date: Mon, 13 Apr 2026 06:49 PM (IST)
Updated Date: Mon, 13 Apr 2026 06:55 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਵਿਧਾਨ ਸਭਾ ਵੱਲੋਂ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026 ਪਾਸ ਕਰਨਾ ਮਨੁੱਖੀ ਜੀਵਨ ਨੂੰ ਮਾਰਗਦਰਸ਼ਨ ਦੇਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਵਜੋਂ ਵੇਖਿਆ ਜਾ ਰਿਹਾ ਹੈ। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿਰਫ਼ ਸਿੱਖ ਧਰਮ ਦਾ ਧਾਰਮਿਕ ਗ੍ਰੰਥ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਜੀਵਨ ਜਿਊਣ ਦਾ ਸਹੀ ਰਾਹ ਦਿਖਾਉਂਦਾ ਸਰਬ-ਸਾਂਝਾ ਗ੍ਰੰਥ ਹੈ, ਜਿਸ ਦੀ ਪਵਿੱਤਰਤਾ ਅਤੇ ਸਤਿਕਾਰ ਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸੋਧ ਬਿੱਲ ਵਿਚ ਬੇਅਦਬੀ ਰੋਕਣ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਨਾ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ। ਇਹ ਫ਼ੈਸਲਾ ਨਾ ਸਿਰਫ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਾ ਹੈ, ਸਗੋਂ ਸਮਾਜ ਵਿਚ ਨੈਤਿਕ ਮੁੱਲਾਂ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਵੱਲ ਵੀ ਵੱਡਾ ਕਦਮ ਹੈ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਚੰਡੀਗੜ੍ਹ ਵਿਚ ਇਕ ਦਿਨਾਂ ਵਿਸ਼ੇਸ਼ ਸੈਸ਼ਨ ਸੱਦ ਕੇ ਇਸ ਬਿੱਲ ਨੂੰ ਪਾਸ ਕਰਨਾ ਇਸ ਦੀ ਮਹੱਤਤਾ ਨੂੰ ਹੋਰ ਵੀ ਉਜਾਗਰ ਕਰਦਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਆਈਪੀਸੀ ’ਚ ਸੋਧ ਕਰ ਕੇ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਪਰ ਨੀਅਤ ਸਾਫ਼ ਨਾ ਹੋਣ ਕਾਰਨ ਉਹ ਕੋਸ਼ਿਸ਼ਾਂ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਇਹ ਫ਼ੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਮਾਜ ਵਿਚ ਸਾਂਝੀਵਾਲਤਾ, ਸਹਿਣਸ਼ੀਲਤਾ ਅਤੇ ਸੱਚਾਈ ਵਰਗੀਆਂ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ।