ਪਟਵਾਰੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ ਪਟਵਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ
Publish Date: Wed, 16 Sep 2026 09:14 PM (IST)
Updated Date: Thu, 17 Sep 2026 04:08 AM (IST)
ਫੋਟੋ ਕੈਪਸ਼ਨ: ਤਹਿਸੀਲ ਦਫ਼ਤਰ ਵਿਚ ਧਰਨਾ ਦਿੰਦੇ ਹੋਏ ਪਟਵਾਰੀ। 40ਪੀ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਬੁੱਧਵਾਰ ਨੂੰ ਮੁਹਾਲੀ ਸਮੇਤ ਸੂਬੇ ਭਰ ’ਚ ਪਟਵਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਤਹਿਸੀਲ ਪੱਧਰ ’ਤੇ ਰੋਸ ਧਰਨੇ ਦਿੱਤੇ ਗਏ। ਇਸ ਦੌਰਾਨ ਪਟਵਾਰੀਆਂ ਨੇ ਮੁਹਾਲੀ ਤਹਿਸੀਲ ’ਚ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਪਟਵਾਰੀਆਂ ਦੀ ਹੜਤਾਲ ਕਾਰਨ ਤਹਿਸੀਲ ਦਫ਼ਤਰਾਂ ਵਿਚ ਆਪਣੇ ਕੰਮਾਂ ਕਾਰਾਂ ਲਈ ਆਏ ਆਮ ਸ਼ਹਿਰੀਆਂ ਤੇ ਦੂਰ ਦੁਰਾਡੇ ਦੇ ਪਿੰਡਾਂ ਦੇ ਲੋਕਾਂ ਅਤੇ ਰੀਅਲ ਅਸਟੇਟ ਨਾਲ ਜੁੜੇ ਵਿਅਕਤੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਦੇ ਆਗੂ ਗੁਰਜੋਤ ਸਿੰਘ ਪਟਵਾਰੀ ਨੇ ਦੱਸਿਆ ਕਿ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 4716 ਅਸਾਮੀਆਂ ਦੀ ਮੁੜ ਬਹਾਲੀ ਕਰਕੇ ਅਸਾਮੀਆਂ ’ਚ ਵਾਧਾ ਕਰਨਾ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਇਕ ਦਿਨ ਦਾ ਸੰਕੇਤਕ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 4716 ਅਸਾਮੀਆਂ ਘਟਾ ਕੇ 3600 ਕਰ ਦਿੱਤੀਆਂ ਹਨ। ਜਦਕਿ ਸ਼ਹਿਰੀਕਰਨ ਲਗਾਤਾਰ ਵੱਧ ਰਿਹਾ ਹੈ ਅਤੇ ਆਬਾਦੀ ਵੀ ਨਿਰੰਤਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਲਈ ਪਟਵਾਰੀ ਅਤੇ ਹੋਰ ਸਟਾਫ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 3600 ’ਚੋਂ ਵੀ ਸਿਰਫ਼ 2000 ਪਟਵਾਰੀ ਹੀ ਤਹਿਸੀਲਾਂ ਵਿਚ ਕੰਮ ਕਰ ਰਹੇ ਹਨ ਅਤੇ ਪਟਵਾਰੀਆਂ ’ਤੇ ਕੰਮ ਦਾ ਬੋਝ ਲਗਾਤਾਰ ਵੱਧ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ ਸੋਹਾਣਾ ਨੇ ਕਿਹਾ ਕਿ ਪਟਵਾਰੀ ਦੀ ਤਨਖਾਹ ਸਿਰਫ 29500 ਰੁਪਏ ਹੈ, ਜਿਸ ’ਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖ਼ਾਹਾਂ ਵਧਾਈਆਂ ਜਾਣ ਅਤੇ ਉਨ੍ਹਾਂ ਨੂੰ ਟੈਕਨੀਕਲ ਗਰੇਡ ’ਚ ਪਾਇਆ ਜਾਵੇ।