ਵਿਕਾਸ ਭਵਨ ਮੁਹਾਲੀ ਦੇ ਬਾਹਰ ਗਰਜੇ ਪੈਨਸ਼ਨਰਜ਼ ਵਿਕਾਸ ਭਵਨ ਮੁਹਾਲੀ ਦੇ ਬਾਹਰ ਗਰਜੇ ਪੈਨਸ਼ਨਰਜ਼
Publish Date: Thu, 29 Oct 2026 06:22 PM (IST)
Updated Date: Thu, 29 Oct 2026 06:25 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਚਾਇਤ ਸੰਮਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਚਿਰਕੌਣੀ ਮੰਗਾਂ ਦੀ ਪੂਰਤੀ ਲਈ ਸੀਨੀਅਰ ਪੈਨਸ਼ਨਰਾਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ’ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਮੁੱਖ ਦਫ਼ਤਰ (ਵਿਕਾਸ ਭਵਨ) ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ। ਜਿਸ ’ਚ ਪੰਜਾਬ ਭਰ ’ਚੋਂ ਪੈਨਸ਼ਨਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਅਤੇ ਜਾਗੀਰ ਸਿੰਘ ਢਿੱਲੋਂ ਨੇ ਧਰਨੇ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ ਜਿਵੇਂ ਕਿ ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐੱਲਟੀਸੀ ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫ਼ੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ, ਪੈਨਸ਼ਨ ਸੈੱਲ ਨੂੰ ਸੂਚਾਰੂ ਬਣਾਉਣ ਲਈ ਕੋਸ਼ਿਸ਼ਾਂ ਨਹੀਂ ਕੀਤੀਆਂ ਜਾਂਦੀਆਂ। ਜਥੇਬੰਦੀ ਨੇ ਪੰਜਾਬ ਸਰਕਾਰ ਨੂੰ 24 ਨਵੰਬਰ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਪੰਚਾਇਤ ਵਿਭਾਗ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਕਾਰਗਰ ਕਦਮ ਨਹੀਂ ਚੁੱਕੇ ਗਏ ਤਾਂ ਉਹ 25 ਨਵੰਬਰ ਨੂੰ ਦੁਬਾਰਾ ਧਰਨਾ ਦੇਣ ਲਈ ਮਜਬੂਰ ਹੋਣਗੇ।