- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ : ਵਿਧਾਇਕ ਕੁਲਵੰਤ ਸਿੰਘ,,

-ਤਿੰਨ ਪਿੰਡਾਂ ਦੇ 651 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ, ਹੁਣ ਮਿਲਣਗੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ
ਅਮਰਜੀਤ ਸਿੰਘ, ਪੰਜਾਬੀ ਜਾਗਰਣ
ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸੇ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੈਦਪੁਰ, ਗਿੱਦੜਪੁਰ ਅਤੇ ਸੇਖਣ ਮਾਜਰਾ ਦੇ 651 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਲਾਲ ਲਕੀਰ ਅੰਦਰ ਬਣੇ ਘਰਾਂ ’ਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦਸਤਾਵੇਜ਼ੀ ਰੂਪ ’ਚ ਦਿੱਤੇ ਜਾ ਰਹੇ ਹਨ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲ ਰਿਹਾ ਹੈ ਅਤੇ ਉਹ ਆਪਣੀ ਜਾਇਦਾਦ ਦੀ ਵਰਤੋਂ ਨਿੱਜੀ ਤੇ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਵੀ ਕਰ ਸਕਣਗੇ। ਪ੍ਰਾਪਰਟੀ ਕਾਰਡਾਂ ਦੇ ਆਧਾਰ ’ਤੇ ਲੋਕ ਆਪਣੇ ਕਾਰੋਬਾਰ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਲੈਣ ਦੇ ਵੀ ਯੋਗ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਅਮਲੀ ਰੂਪ ਦਿੱਤਾ ਹੈ। ਇਸ ਪ੍ਰਕਿਰਿਆ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਏ ਜਾਣਗੇ। ਵਿਧਾਇਕ ਨੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਪਰਿਵਾਰਾਂ ਤੱਕ ਪਹੁੰਚਾਉਣਾ ਹੈ।
ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਗਗਨਜੋਤ ਕੌਰ, ਨਰਿੰਦਰ ਸਿੰਘ, ਸਤਨਾਮ ਸਿੰਘ, ਬਲਾਕ ਪ੍ਰਧਾਨ ਮੁਖਤਿਆਰ ਸਿੰਘ, ਨੰਬਰਦਾਰ ਨਛੱਤਰ ਸਿੰਘ, ਦਰਬਾਰਾ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਨਗਰ ਨਿਗਮ ਮੁਹਾਲੀ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਕੁਲਬੀਰ ਸਿੰਘ, ਰਜਿੰਦਰ ਸਿੰਘ, ਕਰਮਜੀਤ ਕੁਮਾਰ ਬਿੱਟੂ, ਰਾਜਿੰਦਰ ਸਿੰਘ, ਅਮਨਦੀਪ ਕੌਰ, ਧਰਮਿੰਦਰ ਸਿੰਘ ਅਤੇ ਸਪਿੰਦਰ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।