ਨਗਰ ਕੌਂਸਲ ’ਚ ਨਹੀਂ ਹੋ ਰਹੀ ਲੋਕਾਂ ਦੀ ਸੁਣਵਾਈ : ਐੱਨਕੇ ਸ਼ਰਮਾ ਨਗਰ ਕੌਂਸਲ ’ਚ ਨਹੀਂ ਹੋ ਰਹੀ ਲੋਕਾਂ ਦੀ ਸੁਣਵਾਈ : ਐੱਨਕੇ ਸ਼ਰਮਾ
Publish Date: Mon, 23 Nov 2026 08:15 PM (IST)
Updated Date: Mon, 23 Nov 2026 08:16 PM (IST)
ਜੇਐੱਸ ਕਲੇਰ, ਪੰਜਾਬੀ ਜਾਗਰਣ ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਕਿਹਾ ਹੈ ਕਿ ਜ਼ੀਰਕਪੁਰ ਨਗਰ ਕੌਂਸਲ ਇਸ ਸਮੇਂ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਈ ਹੈ। ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਐੱਨਕੇ ਸ਼ਰਮਾ ਨੇ ਅੱਜ ਇੱਥੇ ਖੁਸ਼ਹਾਲ ਐਨਕਲੇਵ ’ਚ ਇਲਾਕੇ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਸੁਣੀਆਂ। ਇਲਾਕੇ ’ਚ ਸੀਵਰੇਜ ਦੀ ਸਮੱਸਿਆ, ਨਾਲੀਆਂ ਦੀ ਮਾੜੀ ਸਥਿਤੀ ਅਤੇ ਟੁੱਟੀਆਂ ਸੜਕਾਂ ਕਾਰਨ ਵਸਨੀਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਬਣੀਆਂ ਸੜਕਾਂ ਵੀ ਥਾਂ-ਥਾਂ ਤੋਂ ਟੁੱਟ ਗਈਆਂ ਹਨ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ’ਚ ਵਿਘਨ ਪੈ ਰਿਹਾ ਹੈ। ਐੱਨਕੇ ਸ਼ਰਮਾ ਨੇ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੌਕੇ ਤੇ ਸਬੰਧਤ ਅਧਿਕਾਰੀਆਂ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ। ਐੱਨਕੇ ਸ਼ਰਮਾ ਨੇ ਕਿਹਾ ਕਿ ਅੱਜ ਨਗਰ ਕੌਂਸਲ ’ਚ ਨੌਕਰਸ਼ਾਹੀ ਅਤੇ ਭ੍ਰਿਸ਼ਟਾਚਾਰ ਬਹੁਤ ਜ਼ਿਆਦਾ ਵੱਧ ਗਿਆ ਹੈ। ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਦੀ ਗੱਲ ਅਧਿਕਾਰੀਆਂ ਵੱਲੋਂ ਨਹੀਂ ਸੁਣੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਆਉਣ ਤੋਂ ਬਾਅਦ, ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਕੌਂਸਲ ’ਚ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ। ਇਸ ਮੌਕੇ ਨਗਰ ਕੌਂਸਲਰ ਨਛੱਤਰ ਸਿੰਘ, ਮਨਪ੍ਰੀਤ ਮਨੀ, ਮਨਜੀਤ ਸੈਣੀ, ਪ੍ਰੀਤਪਾਲ ਸਿੰਘ, ਸੱਜਣ ਸਿੰਘ, ਸੁਨੀਲ ਕੁਮਾਰ, ਹੈਪੀ ਸੈਣੀ ਸਮੇਤ ਕਈ ਪਤਵੰਤੇ ਹਾਜ਼ਰ ਸਨ।