- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮਿਲਣੀ : ਵਿਧਾਇਕ ਕੁਲਵੰਤ ਸਿੰਘ ਨੇ ਤਿੰਨ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ,

-ਕਿਹਾ, ਪੰਜਾਬ ਦੀ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਚਾੜ੍ਹਿਆ ਨੇਪਰੇ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਇੱਥੋਂ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਬੈਂਰੋਪੁਰ, ਭਾਗੋਮਾਜਰਾ ਤੇ ਪਿੰਡ ਮਾਣਕਮਾਜਰਾ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵਿਕਾਸ ਕਾਰਜਾਂ ਲਈ ਕਈ ਗਰਾਂਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।
ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਮਾਣਕਮਾਜਰਾ ਵਿਚ ਅਨੁਸੂਚਿਤ ਜਾਤੀ ਧਰਮਸ਼ਾਲਾ ਦੇ ਲੈਂਟਰ ਲਈ 5 ਲੱਖ ਰੁਪਏ, ਜਨਰਲ ਧਰਮਸ਼ਾਲਾ ਦੀ ਮੁਰੰਮਤ ਤੇ ਪੇਵਰਬਲਾਕ ਲਈ 5 ਲੱਖ ਰੁਪਏ, ਗਲੀਆਂ-ਨਾਲੀਆਂ ਲਈ 2 ਲੱਖ ਰੁਪਏ, ਤਿੰਨ ਓਪਨ ਜਿਮ, ਲੋੜਵੰਦ ਪਰਿਵਾਰਾਂ ਲਈ 2 ਲੱਖ ਰੁਪਏ, ਖੇਡ ਗਰਾਊਂਡ ਦੀ ਉਸਾਰੀ ਲਈ 30 ਲੱਖ ਰੁਪਏ ਤੇ ਪੰਚਾਇਤੀ ਜ਼ਮੀਨ ਦੀ ਸਿੰਚਾਈ ਲਈ ਪਾਈਪਲਾਈਨ ਵਿਛਾਉਣ 'ਤੇ 4 ਲੱਖ ਰੁਪਏ ਖਰਚ ਕੀਤੇ ਹਨ।
ਪਿੰਡ ਬੈਂਰੋਪੁਰ ਲਈ ਗਲੀਆਂ-ਨਾਲੀਆਂ ਤੇ ਸਟਰੀਟ ਲਾਈਟਾਂ ਦੇ ਕੰਮ ਲਈ 7 ਲੱਖ ਰੁਪਏ ਜਾਰੀ ਕੀਤੇ ਜਾਣਗੇ, ਜਦਕਿ ਡਸਟਬਿਨ ਅਤੇ ਕਨਵੈਕਸ ਮਿਰਰ ਲਗਾਉਣ ਲਈ 2 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡ ਭਾਗੋਮਾਜਰਾ ਵਿਚ ਲਾਇਬਰੇਰੀ ਲਈ 23.60 ਲੱਖ ਰੁਪਏ, ਸਟਰੀਟ ਲਾਈਟਾਂ ਲਈ 4 ਲੱਖ ਰੁਪਏ, ਵਾਟਰ ਟੈਂਕਰ ਲਈ 3 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ ਇਕ ਲੱਖ ਰੁਪਏ ਅਤੇ 25 ਲੱਖ ਦੀ ਲਾਗਤ ਨਾਲ ਖੇਡ ਗਰਾਊਂਡ ਦੀ ਉਸਾਰੀ ਕਰਵਾਈ ਜਾ ਰਹੀ ਹੈ। ਪੰਜ ਲੋੜਵੰਦ ਪਰਿਵਾਰਾਂ ਲਈ ਮਕਾਨ ਵੀ ਬਣਾਏ ਜਾਣਗੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਅਤੇ ਵਿਕਾਸ ਪ੍ਰਤੀ ਵਚਨਬੱਧ ਹੈ। ਪੰਜਾਬ ਵਿਚ 68,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, 85 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ ਅਤੇ ਔਰਤਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਵੀ ਮਿਲਣਾ ਸ਼ੁਰੂ ਹੋ ਗਿਆ ਹੈ। ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਵੀ ਲਗਾਤਾਰ ਸੁਧਾਰ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਰਪੰਚ ਪਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ‘ਆਪ’ ਦੇ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਵਾਈਸ ਚੇਅਰਮੈਨ ਤਰਲੋਚਨ ਸਿੰਘ ਮਟੌਰ ਤੇ ਹੋਰ ਪਤਵੰਤੇ ਹਾਜ਼ਰ ਸਨ।