ਸਕੂਲ ਦੇ ਬਾਹਰ ਲੱਗੇ ਕੂੜੇ ਦੇ ਢੇਰ, ਸਫ਼ਾਈ ਪ੍ਰਬੰਧਾਂ ’ਤੇ ਉੱਠੇ ਸਵਾਲ ਸਰਕਾਰੀ ਸਕੂਲ ਦੇ ਬਾਹਰ ਲੱਗੇ ਕੂੜੇ ਦੇ ਢੇਰ, ਸਫ਼ਾਈ ਪ੍ਰਬੰਧਾਂ 'ਤੇ ਉੱਠੇ ਸਵਾਰ
Publish Date: Wed, 21 Oct 2026 05:52 PM (IST)
Updated Date: Wed, 21 Oct 2026 05:54 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਅਤੇ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ’ਤੇ ਕਈ ਵੱਡੀਆਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਜ਼ਮੀਨੀ ਪੱਧਰ ’ਤੇ ਇਨ੍ਹਾਂ ਸਰਕਾਰੀ ਦਾਅਵਿਆਂ ਅਤੇ ਮੁਹਿੰਮਾਂ ਦਾ ਕਿੰਨਾ ਕੁ ਅਸਰ ਹੋ ਰਿਹਾ ਹੈ। ਇਸ ਦੀ ਪ੍ਰਤੱਖ ਤਸਵੀਰ ਮੀਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਤੋਂ ਸਾਫ਼ ਦਿਖਾਈ ਦਿੰਦੀ ਹੈ। ਸਕੂਲ ਵਰਗੀ ਅਹਿਮ ਅਤੇ ਪਵਿੱਤਰ ਥਾਂ ਦੇ ਬਿਲਕੁਲ ਬਾਹਰ ਗੰਦਗੀ ਦਾ ਆਲਮ ਹੋਣਾ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ। ਸਕੂਲ ਦੇ ਆਲੇ-ਦੁਆਲੇ ਪਏ ਕੂੜੇ ਦੇ ਢੇਰਾਂ ਕਾਰਨ ਹਰ ਵੇਲੇ ਬਦਬੂ ਫੈਲੀ ਰਹਿੰਦੀ ਹੈ, ਜਿਸ ਨਾਲ ਮੱਖੀਆਂ ਅਤੇ ਮੱਛਰ ਲਗਾਤਾਰ ਵੱਧ ਰਹੇ ਹਨ। ਇਸ ਨਾਲ ਸਕੂਲ ਆਉਣ ਵਾਲੇ ਬੱਚਿਆਂ, ਅਧਿਆਪਕਾਂ ਅਤੇ ਆਸ-ਪਾਸ ਰਹਿਣ ਵਾਲੇ ਲੋਕਾਂ ਦੀ ਸਿਹਤ ’ਤੇ ਬੁਰਾ ਅਸਰ ਪੈਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕੂੜੇ ਨੂੰ ਨਾ ਹਟਾਇਆ ਗਿਆ ਤਾਂ ਇਲਾਕੇ ਵਿਚ ਕੋਈ ਭਿਆਨਕ ਬਿਮਾਰੀ ਫੈਲ ਸਕਦੀ ਹੈ। ਇਸ ਸਥਿਤੀ ਨੇ ਇਹ ਸਵਾਲ ਵੀ ਖੜ੍ਹਾ ਕਰ ਦਿੱਤਾ ਹੈ ਕਿ ਆਖ਼ਰ ਸਕੂਲ ਵਰਗੀ ਸੰਵੇਦਨਸ਼ੀਲ ਜਗ੍ਹਾ ਵੱਲ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧਿਆਨ ਕਿਉਂ ਨਹੀਂ ਜਾ ਰਿਹਾ? ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸਬੰਧਤ ਵਿਭਾਗ ਤੁਰੰਤ ਹਰਕਤ ਵਿਚ ਆਵੇ ਅਤੇ ਸਕੂਲ ਦੇ ਬਾਹਰੋਂ ਕੂੜੇ ਦੇ ਢੇਰ ਹਟਾਏ ਜਾਣ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਆਮ ਲੋਕਾਂ ਨੂੰ ਵੀ ਇੱਥੇ ਕੂੜਾ ਨਾ ਸੁੱਟਣ ਲਈ ਜਾਗਰੂਕ ਕੀਤਾ ਜਾਵੇ।