ਪੰਚਕੂਲਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਮੁਲਜ਼ਮ ਜ਼ਖ਼ਮੀ; ਪੁਲਿਸ ’ਤੇ ਚਲਾਈਆਂ 4 ਗੋਲੀਆਂ ਪੰਚਕੂਲਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ
Publish Date: Tue, 13 Oct 2026 06:54 PM (IST)
Updated Date: Tue, 13 Oct 2026 06:57 PM (IST)
-ਤਾਊ ਦੇਵੀ ਲਾਲ ਸਟੇਡੀਅਮ ਦੇ ਪਿੱਛੇ ਦੇਰ ਰਾਤ ਹੋਈ ਮੁੱਠਭੇੜ ’ਚ ਕੁੱਲ 9 ਰਾਊਂਡ ਫਾਇਰਿੰਗ, ਜ਼ਖ਼ਮੀ ਹਾਲਤ ’ਚ ਸੈਕਟਰ-6 ਸਿਵਲ ਹਸਪਤਾਲ ’ਚ ਕਰਵਾਇਆ ਦਾਖ਼ਲ ਤਰੁਣ ਭਜਨੀ, ਪੰਜਾਬੀ ਜਾਗਰਣ ਪੰਚਕੂਲਾ : ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਭੱਜਣ ਲਈ ਪੁਲਿਸ ਟੀਮ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਤਾਊ ਦੇਵੀ ਲਾਲ ਸਟੇਡੀਅਮ ਦੇ ਪਿੱਛੇ ਸੋਮਵਾਰ ਦੇਰ ਰਾਤ ਹੋਏ ਮੁਕਾਬਲੇ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕੁੱਲ 9 ਰਾਊਂਡ ਫਾਇਰਿੰਗ ਹੋਈ। ਜਵਾਬੀ ਕਾਰਵਾਈ ਵਿੱਚ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਸੈਕਟਰ-6 ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਮੁਲਜ਼ਮਾਂ ਦੀ ਪਛਾਣ ਪੰਜਾਬ ਦੇ ਅੰਮ੍ਰਿਤਸਰ ਵਾਸੀ ਅਰਸ਼ਦੀਪ ਸਿੰਘ (23) ਅਤੇ ਜੁਗਰਾਜ ਸਿੰਘ (23) ਵਜੋਂ ਹੋਈ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਸੀਪੀ ਕ੍ਰਾਈਮ ਐਂਡ ਟ੍ਰੈਫਿਕ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਲੇ ਰੰਗ ਦੀ ਬਾਈਕ ’ਤੇ ਸਵਾਰ ਦੋ ਸ਼ੱਕੀ ਵਿਅਕਤੀ ਤਾਊ ਦੇਵੀ ਲਾਲ ਸਟੇਡੀਅਮ ਦੇ ਆਲੇ-ਦੁਆਲੇ ਨਾਜਾਇਜ਼ ਹਥਿਆਰ ਲੈ ਕੇ ਘੁੰਮ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਕ੍ਰਾਈਮ ਬ੍ਰਾਂਚ-2 ਦੀ ਟੀਮ ਨੇ ਇੰਚਾਰਜ ਪ੍ਰਵੀਣ ਮਲਿਕ ਦੀ ਅਗਵਾਈ ਹੇਠ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ। ਇਸੇ ਦੌਰਾਨ ਕਾਲੇ ਰੰਗ ਦੀ ਬਾਈਕ ’ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਬਾਈਕ ਵਾਪਸ ਮੋੜ ਕੇ ਭੱਜਣ ਲੱਗੇ ਅਤੇ ਪੁਲਿਸ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਚਾਰ ਰਾਊਂਡ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਪੰਜ ਰਾਊਂਡ ਫਾਇਰ ਕੀਤੇ। ਇਸ ਦੌਰਾਨ ਇੱਕ ਗੋਲੀ ਪੁਲਿਸ ਮੁਲਾਜ਼ਮ ਦੀ ਬੁਲੇਟਪਰੂਫ ਜੈਕੇਟ ’ਤੇ ਲੱਗੀ, ਜਦਕਿ ਦੂਜੀ ਗੋਲੀ ਪੁਲਿਸ ਦੇ ਸਰਕਾਰੀ ਵਾਹਨ ਵਿੱਚ ਜਾ ਲੱਗੀ। ਖ਼ੁਸ਼ਕਿਸਮਤੀ ਨਾਲ ਪੁਲਿਸ ਮੁਲਾਜ਼ਮ ਸੁਰੱਖਿਅਤ ਰਿਹਾ। ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਸਨ ਜਾਂ ਕਿਸੇ ਗਿਰੋਹ ਨਾਲ ਸਬੰਧ, ਜਾਂਚ ਜਾਰੀ ਪੁਲਿਸ ਅਨੁਸਾਰ, ਅਰਸ਼ਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਆਰਮਜ਼ ਐਕਟ ਤਹਿਤ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਇੱਕ ਜਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਥਾਣਾ ਸੈਕਟਰ-20 ਵਿਖੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਦੋਵੇਂ ਮੁਲਜ਼ਮ ਟ੍ਰਾਈਸਿਟੀ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ ਅਤੇ ਉਨ੍ਹਾਂ ਕੋਲ ਹਥਿਆਰ ਕਿੱਥੋਂ ਆਏ ਸਨ। ਫਿਲਹਾਲ ਪੁਲਿਸ ਨੇ ਕਿਸੇ ਅਪਰਾਧਿਕ ਨੈੱਟਵਰਕ ਜਾਂ ਗੈਂਗ ਨਾਲ ਉਨ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਨਹੀਂ ਕੀਤੀ ਹੈ।