- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਇਮਾਨਦਾਰੀ ਤੇ ਨਿਰਪੱਖਤਾ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।’ ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਕਹੀ। ਉਨ੍ਹਾਂ ਨੇ ਮੁਹਿੰਮ ਨੂੰ ਤੇਜ਼ ਕਰਨ ਲਈ ਪੁਲਿਸ ਨੂੰ 117 ਨਵੇਂ ਵਾਹਨ ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ।

ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ/ਫਿਲੌਰ : ‘ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਨੂੰ ਬਿਨਾਂ ਕਿਸੇ ਸਿਆਸੀ ਦਖ਼ਲਅੰਦਾਜ਼ੀ ਤੇ ਸਿਫ਼ਾਰਸ਼ ਦੇ ਕੰਮ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ। ਸਰਕਾਰ ਇਮਾਨਦਾਰੀ ਤੇ ਨਿਰਪੱਖਤਾ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।’ ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਕਹੀ। ਉਨ੍ਹਾਂ ਨੇ ਮੁਹਿੰਮ ਨੂੰ ਤੇਜ਼ ਕਰਨ ਲਈ ਪੁਲਿਸ ਨੂੰ 117 ਨਵੇਂ ਵਾਹਨ ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਸਿਰਫ਼ ਕਾਨੂੰਨ-ਵਿਵਸਥਾ ਦੀ ਸਮੱਸਿਆ ਨਹੀਂ, ਸਗੋਂ ਇਕ ਸਮਾਜਿਕ ਲਾਹਨਤ ਹੈ, ਜੋ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕਰ ਰਹੀ ਹੈ। ਸਰਕਾਰ ਨਸ਼ਿਆਂ ਦੀ ਸਪਲਾਈ ਤੇ ਮੰਗ, ਦੋਵਾਂ ਪੱਖਾਂ ’ਤੇ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਹੀ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਅਪਰਾਧੀ ਦੀ ਬਜਾਏ ਇਲਾਜ, ਸਾਂਭ-ਸੰਭਾਲ ਤੇ ਹਮਦਰਦੀ ਦੇ ਲੋੜਵੰਦ ਵਿਅਕਤੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਅਜਿਹੇ ਲੋਕਾਂ ਨੂੰ ਆਮ ਜੀਵਨ ’ਚ ਪਰਤਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਰਣਨੀਤੀ ਦਾ ਹਿੱਸਾ ਹੈ। ਇਸ ਲੜਾਈ ’ਚ ਹਰੇਕ ਪਰਿਵਾਰ, ਪਿੰਡ, ਮੁਹੱਲੇ ਤੇ ਜ਼ਿੰਮੇਵਾਰ ਨਾਗਰਿਕ ਦੀ ਸ਼ਮੂਲੀਅਤ ਜ਼ਰੂਰੀ ਹੈ। ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਚੁਣੌਤੀਪੂਰਨ ਹਾਲਾਤ ’ਚ ਆਪਣੀ ਸਮਰੱਥਾ ਸਾਬਤ ਕੀਤੀ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਪੁਲਿਸ ਅਧਿਕਾਰੀ ਤੇ ਜਵਾਨ ਸੂਬੇ ’ਚ ਸਰਗਰਮ ਨਸ਼ਾ ਨੈੱਟਵਰਕ ਨੂੰ ਤਬਾਹ ਕਰ ਦੇਣਗੇ।
ਮੁੱਖ ਮੰਤਰੀ ਨੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਦਿੱਲੀ, ਉੱਤਰ ਪ੍ਰਦੇਸ਼ ਤੇ ਹਰਿਆਣਾ ’ਚ ਵੀ ਵੱਡੇ ਪੱਧਰ ’ਤੇ ਨਸ਼ਾ ਵਿਕ ਰਿਹਾ ਹੈ, ਪਰ ਪੰਜਾਬ ਨੂੰ ਨਿਸ਼ਾਨਾ ਬਣਾ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਪੰਜਾਬ ’ਤੇ ਸਵਾਲ ਉਠਾਉਣ ਦੀ ਬਜਾਏ ਕੌਮਾਂਤਰੀ ਸਰਹੱਦ ਤੇ ਗੁਜਰਾਤ ਦੇ ਰਸਤੇ ਆਉਣ ਵਾਲੇ ਨਸ਼ਿਆਂ ਦੀ ਸਪਲਾਈ ਰੋਕਣ ਲਈ ਨਿਰਣਾਇਕ ਕਾਰਵਾਈ ਕਰੇ। ਮਾਨ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਨਾਲ ਲੱਗਦਾ 50 ਕਿਲੋਮੀਟਰ ਦਾ ਖੇਤਰ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅਧਿਕਾਰ ਖੇਤਰ ’ਚ ਆਉਂਦਾ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਆਪਣੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਖੇਡਾਂ ਦੀ ਅਹਿਮ ਭੂਮਿਕਾ
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਥਾਈ ਸਫ਼ਲਤਾ ਦਿਵਾਉਣ ’ਚ ਖੇਡਾਂ ਦੀ ਅਹਿਮ ਭੂਮਿਕਾ ਹੈ। ਖੇਡਾਂ ਨੌਜਵਾਨਾਂ ’ਚ ਅਨੁਸ਼ਾਸਨ, ਟੀਮ ਭਾਵਨਾ ਤੇ ਦ੍ਰਿੜ੍ਹ ਇਰਾਦਾ ਪੈਦਾ ਕਰਦੀਆਂ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਇਕ ਹਾਂ-ਪੱਖੀ ਬਦਲ ਦਿੰਦੀਆਂ ਹਨ। ਉਨ੍ਹਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪਹਿਲ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਇਕ ਮੰਚ ’ਤੇ ਲਿਆ ਰਹੀ ਹੈ। ਤਿੰਨ ਪੀੜ੍ਹੀਆਂ ਦੀ ਸ਼ਮੂਲੀਅਤ ਨਾਲ ਖੇਡਾਂ ਪ੍ਰਤੀ ਉਤਸ਼ਾਹ ਵਧਿਆ ਹੈ। ਸਰਕਾਰ ਚਾਹੁੰਦੀ ਹੈ ਕਿ ਨੌਜਵਾਨਾਂ ਦੀ ਪਛਾਣ ਨਸ਼ਿਆਂ ਨਾਲ ਨਹੀਂ, ਸਗੋਂ ਉਨ੍ਹਾਂ ਦੀ ਪ੍ਰਤਿਭਾ, ਮਿਹਨਤ ਅਤੇ ਪ੍ਰਾਪਤੀਆਂ ਨਾਲ ਹੋਵੇ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡੀਜੀਪੀ ਗੌਰਵ ਯਾਦਵ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ।
ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫ਼ੀ ’ਚ ਟੀਮ ਦਾ ਹੌਸਲਾ ਵਧਾਉਣ ਦੀ ਅਪੀਲ
ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫ਼ੀ ’ਚ ਵੀ ਲੋਕਾਂ ਨੂੰ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਟੀਮ ਦਾ ਹੌਸਲਾ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਾਕੀ ਸਮੇਤ ਵੱਖ-ਵੱਖ ਖੇਡਾਂ ’ਚ ਪੰਜਾਬ ਦਾ ਯੋਗਦਾਨ ਮਾਣਮੱਤਾ ਰਿਹਾ ਹੈ। ਸਰਕਾਰ ਸੂਬੇ ਨੂੰ ਖੇਡਾਂ ’ਚ ਮੁੜ ਮੋਹਰੀ ਸਥਾਨ ’ਤੇ ਸਥਾਪਤ ਕਰਨ ਲਈ ਯਤਨਸ਼ੀਲ ਹੈ।
ਝੋਟਾ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਮਿਲੇਗੀ ਸਖ਼ਤ ਸਜ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ’ਚ ਸਮਾਜਿਕ ਕਾਰਕੁਨ ਦੇ ਕਤਲ ਦੇ ਮਾਮਲੇ ’ਚ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਘਟਨਾ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਗ਼ਲਤ ਕੰਮ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਜਵਾਬਦੇਹੀ ਤੋਂ ਬਚਣ ਨਹੀਂ ਦਿੱਤਾ ਜਾਵੇਗਾ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।