ਘਰੇਲੂ ਹਿੰਸਾ ਦੀ ਸ਼ਿਕਾਇਤ 'ਤੇ ਪੁੱਜੀ ਪੁਲਿਸ ਨਾਲ ਬਦਸਲੂਕੀ; ਇਕ ਨਾਮਜ਼ਦ
ਘਰੇਲੂ ਹਿੰਸਾ ਦੀ ਸ਼ਿਕਾਇਤ 'ਤੇ ਪਹੁੰਚੀ ਪੁਲਿਸ ਨਾਲ ਬਦਸਲੂਕੀ
Publish Date: Sat, 24 Jan 2026 08:36 PM (IST)
Updated Date: Sun, 25 Jan 2026 04:22 AM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਖਰੜ ਦੀ ਗਿਲਕੋ ਸੁਸਾਇਟੀ ’ਚ ਇਕ ਵਿਅਕਤੀ ਵੱਲੋਂ ਡਿਊਟੀ ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਕੁੱਟਮਾਰ ਕਰਨ ਤੇ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਸਰਕਾਰੀ ਡਿਊਟੀ ’ਚ ਔਕੜ ਪਾਉਣ ਤੇ ਹਮਲਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ, ਪੁਲਿਸ ਕੰਟਰੋਲ ਰੂਮ ਦੇ ਐਮਰਜੈਂਸੀ ਨੰਬਰ 112 ਤੇ ਇੱਕ ਮਹਿਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪਤੀ ਸ਼ਰਾਬ ਦੇ ਨਸ਼ੇ ’ਚ ਉਸ ਨਾਲ ਕੁੱਟਮਾਰ ਕਰ ਰਿਹਾ ਹੈ। ਸੂਚਨਾ ਮਿਲਦੇ ਹੀ ਖਰੜ ਥਾਣੇ ਦੀ ਪੁਲਿਸ ਟੀਮ ਤੁਰੰਤ ਗਿਲਕੋ ਸੁਸਾਇਟੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੀ। ਜਦੋਂ ਪੁਲਿਸ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਸ਼ਾਂਤ ਕਰਨ ਤੇ ਵਿਅਕਤੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਭੜਕ ਗਿਆ। ਉਸ ਨੇ ਪੁਲਿਸ ਕਰਮਚਾਰੀਆਂ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਪੁਲਿਸ ਅਨੁਸਾਰ ਮੁਲਜ਼ਮ ਨੇ ਪੁਲਿਸ ਦੀ ਗ੍ਰਿਫ਼ਤ ’ਚ ਆਉਣ ਤੋਂ ਬਚਣ ਲਈ ਕਾਫੀ ਹੰਗਾਮਾ ਕੀਤਾ ਤੇ ਹੱਥੋਪਾਈ ਕੀਤੀ, ਜਿਸ ਕਾਰਨ ਸੁਸਾਇਟੀ ’ਚ ਕਾਫੀ ਹਲਚਲ ਮਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਅਤੇ ਵਰਦੀਧਾਰੀ ਮੁਲਾਜ਼ਮਾਂ ਤੇ ਹਮਲਾ ਕਰਨ ਵਾਲੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।