ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਦੀ ਸਖ਼ਤੀ : ਐਂਟਰੀ ਪੁਆਇੰਟਾਂ ’ਤੇ ਨਾਕੇਬੰਦੀ
ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਦੀ ਸਖ਼ਤੀ: ਐਂਟਰੀ ਪੁਆਇੰਟਾਂ ’ਤੇ ਵਿਸ਼ੇਸ਼ ਨਾਕੇਬੰਦੀ ਕੀਤੀ
Publish Date: Mon, 23 Feb 2026 08:36 PM (IST)
Updated Date: Mon, 23 Feb 2026 08:37 PM (IST)

ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨੱਥ ਪਾਉਣ ਲਈ ਜ਼ੀਰਕਪੁਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਪ੍ਰਵੇਸ਼ ਮਾਰਗਾਂ ’ਤੇ ਸਥਾਈ ਚੌਕੀਆਂ ਸਥਾਪਤ ਕਰ ਦਿੱਤੀਆਂ ਹਨ, ਤਾਂ ਜੋ ਹਰ ਆਉਣ-ਜਾਣ ਵਾਲੀ ਸਰਗਰਮੀ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਚੰਡੀਗੜ੍ਹ ਬੈਰੀਅਰ ਤੇ ਵਿਸ਼ੇਸ਼ ਨਾਕੇਬੰਦੀ : ਬਲਟਾਣਾ ਪੁਲਿਸ ਚੌਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਰੱਖਿਆ ਚਿੰਤਾਵਾਂ ਅਤੇ ਵਧਦੀ ਆਵਾਜਾਈ ਦੇ ਮੱਦੇਨਜ਼ਰ ਚੰਡੀਗੜ੍ਹ ਬੈਰੀਅਰ ਦੇ ਨਜ਼ਦੀਕ ਇਕ ਸਥਾਈ ਚੌਕੀ ਬਣਾਈ ਗਈ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਹਰ ਵਾਹਨ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਚਾਲਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖ਼ਾਸ ਕਰ ਕੇ ਦੁਪਹੀਆ ਵਾਹਨਾਂ ਤੇ ਸਵਾਰ ਨੌਜਵਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾ ਰਹੇ ਚਾਲਾਨ : ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਬਿਨਾਂ ਨੰਬਰ ਪਲੇਟ ਅਤੇ ਕਾਲੇ ਸ਼ੀਸ਼ਿਆਂ ਵਾਲੇ ਵਾਹਨਾਂ ਵਿਰੁੱਧ ਮੌਕੇ ਤੇ ਕਾਰਵਾਈ ਕਰਦਿਆਂ ਚਾਲਾਨ ਕੀਤੇ ਜਾ ਰਹੇ ਹਨ। ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਰਾਤ ਦੇ ਸਮੇਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਗਸ਼ਤ ਵਿਚ ਵੀ ਵਾਧਾ ਕੀਤਾ ਗਿਆ ਹੈ। ਜਨਤਾ ਨੂੰ ਸਹਿਯੋਗ ਦੀ ਅਪੀਲ : ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਹਿੰਮ ਆਉਣ ਵਾਲੇ ਕਈ ਦਿਨਾਂ ਤਕ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੈਕਿੰਗ ਦੌਰਾਨ ਪੁਲਿਸ ਦਾ ਸਹਿਯੋਗ ਕਰਨ। ਇਸ ਦੇ ਨਾਲ ਹੀ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ। ਪੁਲਿਸ ਦਾ ਮੁੱਖ ਟੀਚਾ ਜਨਤਾ ਨੂੰ ਇਕ ਸੁਰੱਖਿਅਤ ਅਤੇ ਭੈਅ-ਮੁਕਤ ਮਾਹੌਲ ਪ੍ਰਦਾਨ ਕਰਨਾ ਹੈ।