- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਅਤੇ ਵਿਚਾਰਧਾਰਾ ਤੋਂ ਪੂਰੀ ਤਰ੍ਹਾਂ ਭਟਕ ਚੁੱਕੇ ਹਨ।

ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਖਟਕੜ ਕਲਾਂ ਵਿੱਚ ਸਹੁੰ ਚੁੱਕ ਕੇ ਭਗਤ ਸਿੰਘ ਦੇ ਰਾਹ 'ਤੇ ਚੱਲਣ ਦਾ ਦਾਅਵਾ ਕੀਤਾ ਸੀ, ਪਰ ਅਸਲੀਅਤ ਕੁਝ ਹੋਰ ਹੈ। ਉਨ੍ਹਾਂ ਖੁਲਾਸਾ ਕੀਤਾ ਕਿ:
ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਨੂੰ 'ਭਾਰਤ ਰਤਨ' ਦੇਣ ਲਈ ਮਤਾ ਲਿਆਂਦਾ ਗਿਆ ਸੀ, ਪਰ ਸਪੀਕਰ ਨੇ ਇਸ ਨੂੰ ਪ੍ਰਵਾਨ ਨਹੀਂ ਕੀਤਾ।
ਬਾਜਵਾ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਸ਼ਹੀਦਾਂ ਦਾ ਸਤਿਕਾਰ ਕਰਦੀ ਹੈ, ਤਾਂ ਇਸ ਮੁੱਦੇ 'ਤੇ ਚੁੱਪ ਕਿਉਂ ਹੈ?
ਰਾਜ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਬਾਜਵਾ ਨੇ ਕਿਹਾ:
ਪੰਜਾਬ ਵਿੱਚ ਹੁਣ ਬਿਹਾਰ ਦੀ ਤਰ੍ਹਾਂ 'ਬਾਹੂਬਲੀ' ਸੱਭਿਆਚਾਰ ਪ੍ਰਚਲਤ ਹੋ ਰਿਹਾ ਹੈ।
ਵੱਖ-ਵੱਖ ਪਾਰਟੀਆਂ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਆਉਣ ਵਾਲੀ ਅਸੈਂਬਲੀ ਵਿੱਚ ਗੈਂਗਸਟਰਾਂ ਦਾ ਦਬਦਬਾ ਵਧਣ ਦਾ ਖ਼ਤਰਾ ਹੈ।
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਹੋਣ ਦੇ ਬਾਵਜੂਦ ਅਹੁਦੇ ਤੋਂ ਨਾ ਹਟਾਉਣ 'ਤੇ ਵੀ ਉਨ੍ਹਾਂ ਸਰਕਾਰ ਨੂੰ ਘੇਰਿਆ।
ਬਾਜਵਾ ਨੇ ਮੁੱਖ ਮੰਤਰੀ 'ਤੇ ਹਰਿਆਣਾ ਅਤੇ ਭਾਜਪਾ ਸਰਕਾਰ ਨਾਲ ਅੰਦਰੂਨੀ ਸਮਝੌਤਾ ਕਰਨ ਦਾ ਦੋਸ਼ ਲਾਇਆ:
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ 'ਤੇ ਨਰਮ ਪੈ ਗਏ ਹਨ ਅਤੇ ਭਾਈ ਘਨਈਆ ਜੀ ਦੀਆਂ ਉਦਾਹਰਣਾਂ ਦੇ ਕੇ ਹਰਿਆਣਾ ਦਾ ਪੱਖ ਪੂਰ ਰਹੇ ਹਨ।
ਸਰਕਾਰ ਨੇ ਚੰਡੀਗੜ੍ਹ ਦਾ ਜ਼ਿਕਰ ਕਰਨਾ ਛੱਡ ਦਿੱਤਾ ਹੈ ਅਤੇ BBMB ਤੇ ਭਾਖੜਾ ਡੈਮ 'ਤੇ CISF ਦੀ ਤੈਨਾਤੀ 'ਤੇ ਚੁੱਪੀ ਧਾਰ ਲਈ ਹੈ।
ਬਾਜਵਾ ਨੇ 'ਆਪ' ਦੇ ਆਪਣੇ ਹੀ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੇ ਹਵਾਲੇ ਨਾਲ ਕਿਹਾ ਕਿ ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਹੈ। ਉਨ੍ਹਾਂ ਦੱਸਿਆ ਕਿ:
ਇੱਕ ਐਸ.ਡੀ.ਓ (SDO) ਵੱਲੋਂ ਮਹੀਨਾ ਇਕੱਠਾ ਕਰਨ ਬਾਰੇ ਕੀਤੀ ਸ਼ਿਕਾਇਤ ਦੀ ਪੁਸ਼ਟੀ ਖੁਦ ਵਿਭਾਗ ਦੇ ਮੰਤਰੀ ਕਰ ਚੁੱਕੇ ਹਨ।
ਸਰਕਾਰ ਨੇ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਮੁੱਦੇ 'ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਅਤੇ ਸਲੈਕਟ ਕਮੇਟੀ ਦੀ ਰਿਪੋਰਟ 'ਤੇ ਸਪੀਕਰ ਤੇ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ।