ਰਾਹੁਲ ਗਾਂਧੀ 'ਤੇ FIR ਤੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੀ ਤਲਵਾਰ ਨਾਲ ਸਿਆਸਤ ਗਰਮਾਈ, ਕਾਂਗਰਸ ਦਾ ਭਾਜਪਾ 'ਤੇ ਹਮਲਾ
ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ ਅਤੇ ਸਮਾਜਿਕ ਨਿਆਂ ਦੀ ਲੜਾਈ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਹੁਣ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ’ਚ ਇਸ ਦੇ ਖ਼ਿਲਾਫ਼ ਆਵਾਜ਼ ਚੁੱਕੇਗੀ। ਰਾਹੁਲ ਗਾਂਧੀ ਖ਼ਿਲਾਫ਼ ਐੱਫ.ਆਈ.ਆਰ. ਨੂੰ ਲੈ ਕੇ ਕਾਂਗਰਸ ਨੇ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ ਹੈ।
Publish Date: Tue, 01 Sep 2026 11:37 AM (IST)
Updated Date: Tue, 01 Sep 2026 11:41 AM (IST)
ਡਾ. ਸੁਮਿਤ ਸਿੰਘ ਸ਼ਿਓਰਾਨ, ਚੰਡੀਗੜ੍ਹ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਮੰਗਲਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਉਤਰਾਖੰਡ ਦੇ ਹਲਦਵਾਨੀ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫ.ਆਈ.ਆਰ. ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐੱਨ.ਸੀ.ਐੱਸ.ਸੀ.) ਦੀ ਕਾਰਵਾਈ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਕਥਣੀ ਅਤੇ ਕਰਨੀ ਵਿੱਚ ਵੱਡਾ ਅੰਤਰ ਹੈ ਅਤੇ ਦੋਵਾਂ ਮਾਮਲਿਆਂ ਰਾਹੀਂ ਕਾਂਗਰਸ ਅਤੇ ਇਸ ਦੇ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੇਰਕਾ ਨੇ ਕਿਹਾ ਕਿ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਪ੍ਰੋਗਰਾਮ ਤੋਂ ਬਾਅਦ ਕਥਿਤ 'ਸ਼ੁੱਧੀਕਰਨ' ਦੀ ਘਟਨਾ 'ਤੇ ਕਾਰਵਾਈ ਕਰਨ ਦੀ ਬਜਾਏ ਰਾਹੁਲ ਗਾਂਧੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨਾ ਬਹੁਤ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ ਅਤੇ ਸਮਾਜਿਕ ਨਿਆਂ ਦੀ ਲੜਾਈ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਹੁਣ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ’ਚ ਇਸ ਦੇ ਖ਼ਿਲਾਫ਼ ਆਵਾਜ਼ ਚੁੱਕੇਗੀ। ਰਾਹੁਲ ਗਾਂਧੀ ਖ਼ਿਲਾਫ਼ ਐੱਫ.ਆਈ.ਆਰ. ਨੂੰ ਲੈ ਕੇ ਕਾਂਗਰਸ ਨੇ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ ਹੈ।
ਰਾਜਾ ਵੜਿੰਗ ਦੇ ਮਾਮਲੇ 'ਤੇ ਵੇਰਕਾ ਨੇ ਕਿਹਾ ਕਿ ਐੱਨ.ਸੀ.ਐੱਸ.ਸੀ. ਵੱਲੋਂ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਸਬੰਧੀ ਕਾਰਵਾਈ ਦੇ ਨਿਰਦੇਸ਼ ਗੈਰ-ਸੰਵਿਧਾਨਕ ਅਤੇ ਸਿਆਸੀ ਸਾਜ਼ਿਸ਼ ਦਾ ਹਿੱਸਾ ਹਨ।
ਐੱਨ.ਸੀ.ਐੱਸ.ਸੀ. ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ’ਚ ਪੰਜਾਬ ਪੁਲਿਸ ਨੂੰ ਤੁਰੰਤ ਕਾਰਵਾਈ ਅਤੇ ਪੰਜ ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਸੀ।
ਵੇਰਕਾ ਨੇ ਕਿਹਾ ਕਿ ਵੜਿੰਗ ਇਸ ਮਾਮਲੇ ਵਿੱਚ ਬੂਟਾ ਸਿੰਘ ਦੇ ਪਰਿਵਾਰ ਤੋਂ ਜਨਤਕ ਤੌਰ 'ਤੇ ਮੁਆਫੀ ਮੰਗ ਚੁੱਕੇ ਹਨ ਅਤੇ ਮਾਮਲਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਵਰਗੇ ਸਤਿਕਾਰਯੋਗ ਆਗੂ ਬਾਰੇ ਇਸ ਤਰ੍ਹਾਂ ਦੀ ਟਿੱਪਣੀ ਨਹੀਂ ਹੋਣੀ ਚਾਹੀਦੀ ਸੀ ਪਰ ਪੁਰਾਣੇ ਮਾਮਲੇ ਨੂੰ ਹੁਣ ਉਠਾ ਕੇ ਕਾਰਵਾਈ ਕਰਨਾ ਸਿਆਸੀ ਬਦਲੇ ਦੀ ਭਾਵਨਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦਲਿਤਾਂ ਦੇ ਮੋਢੇ 'ਤੇ ਬੰਦੂਕ ਰੱਖ ਕੇ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਭਾਜਪਾ 'ਤੇ ਨਫ਼ਰਤ ਫੈਲਾਉਣ ਦਾ ਦੋਸ਼ ਲਾਉਂਦਿਆਂ ਵੇਰਕਾ ਨੇ ਅਮਰੀਕਾ ਨਾਲ ਹੋਣ ਵਾਲੀ ਵਪਾਰਕ ਡੀਲ ਨੂੰ ਵੀ ਦੇਸ਼ ਹਿੱਤ ਦੇ ਖ਼ਿਲਾਫ਼ ਦੱਸਿਆ ਅਤੇ ਕਿਹਾ ਕਿ ਕਾਂਗਰਸ ਅਜਿਹੇ ਕਦਮਾਂ ਦਾ ਵਿਰੋਧ ਕਰੇਗੀ।