ਕੱਚੇ ਘਰਾਂ 'ਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਛੇਤੀ ਮਿਲੇਗੀ ਪੱਕੀ ਛੱਤ: ਕੁਲਵੰਤ ਸਿੰਘ ਕੱਚੇ ਘਰਾਂ 'ਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਛੇਤੀ ਮਿਲੇਗੀ ਪੱਕੀ ਛੱਤ: ਕੁਲਵੰਤ ਸਿੰਘ
Publish Date: Tue, 06 Oct 2026 07:03 PM (IST)
Updated Date: Tue, 06 Oct 2026 07:05 PM (IST)
- ਪਿੰਡ ਬਹਿਲੋਲਪੁਰ ਤੇ ਜੁਝਾਰ ਨਗਰ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ - 15 ਦਿਨਾਂ ਦੇ ਅੰਦਰ-ਅੰਦਰ ਕੱਚੇ ਘਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਦਾ ਦਿੱਤਾ ਭਰੋਸਾ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਦਾ ਵਿਸ਼ੇਸ਼ ਦੌਰਾ ਕਰ ਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਕੱਚੇ ਘਰਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਗੰਭੀਰਤਾ ਨਾਲ ਸੁਣੀਆਂ ਅਤੇ ਆਉਂਦੇ ਦਿਨਾਂ ’ਚ ਉਨ੍ਹਾਂ ਨੂੰ ਸਿਰ ਤੇ ਪੱਕੀ ਛੱਤ ਮੁਹੱਇਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਜੁਝਾਰ ਨਗਰ ਵਿਚ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਸਰਪੰਚ ਮਨਰਾਜ ਸਿੰਘ ਬਹਿਲੋਲਪੁਰ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ ਅਤੇ ਨਵਜੋਤ ਕੌਰ ਪੰਚ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਪਹਿਲੀਆਂ ਸਰਕਾਰਾਂ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆ ਲਗਭਗ 80 ਸਾਲ ਬੀਤ ਚੁੱਕੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਜਿਵੇਂ ਕਿ ਪੱਕੇ ਮਕਾਨ ਅਤੇ ਪੀਣ ਵਾਲਾ ਪਾਣੀ ਅਜੇ ਤੱਕ ਪੂਰੀਆਂ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ, ਰੋਟੀ, ਕੱਪੜਾ ਅਤੇ ਮਕਾਨ ਹਰ ਮਨੁੱਖ ਦੀਆਂ ਸਭ ਤੋਂ ਜ਼ਰੂਰੀ ਬੁਨਿਆਦੀ ਲੋੜਾਂ ਹਨ। ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਇਨ੍ਹਾਂ ਲੋੜਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਪਰ ਹੁਣ ਭਗਵੰਤ ਮਾਨ ਸਰਕਾਰ ਗਰੀਬ ਅਤੇ ਲੋੜਵੰਦ ਵਰਗ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਨੇ ਦੱਸਿਆ ਕਿ ਮੁਹਾਲੀ ਹਲਕੇ ’ਚ ਹੁਣ ਤੱਕ 300 ਤੋਂ ਵੱਧ ਅਜਿਹੇ ਪਰਿਵਾਰਾਂ ਨੂੰ ਪੱਕੀ ਛੱਤ ਮੁਹੱਇਆ ਕਰਵਾਈ ਜਾ ਚੁੱਕੀ ਹੈ, ਜੋ ਪਹਿਲਾਂ ਕੱਚੇ ਘਰਾਂ ’ਚ ਰਹਿਣ ਲਈ ਮਜਬੂਰ ਸਨ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨ ਦਾ ਇਹ ਸਿਲਸਿਲਾ ਅੱਗੇ ਵੀ ਨਿਰੰਤਰ ਜਾਰੀ ਰਹੇਗਾ। ਪਿੰਡ ਬਹਿਲੋਲਪੁਰ ਦੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਐਲਾਨ ਕੀਤਾ ਕਿ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੇ ਮਕਾਨਾਂ ਦੀ ਮੁਰੰਮਤ ਅਤੇ ਬਣਾਉਣ ਦਾ ਕੰਮ ਪੂਰੀ ਤਰ੍ਹਾਂ ਸ਼ੁਰੂ ਕਰ ਦਿੱਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਪ੍ਰਚਾਰ ਮੁਹਿੰਮ ਤਹਿਤ ਪਿੰਡ ਜੁਝਾਰ ਨਗਰ ਅਤੇ ਬਹਿਲੋਲਪੁਰ ਵਿਚ ਗਲੀ-ਗਲੀ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਪਿੰਡ ਦੀ ਸੱਥ ’ਚ ਦਰੱਖ਼ਤ ਥੱਲੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਵਿਧਾਇਕ ਅਨੁਸਾਰ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਮਿਲ ਰਹੀਆਂ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਅਤੇ ਹੋਰ ਸਹੂਲਤਾਂ ਤੇ ਸੰਤੁਸ਼ਟੀ ਪ੍ਰਗਟਾਈ।