ਪਾਵਰਕਾਮ ਜਥੇਬੰਦੀਆਂ ਵੱਲੋਂ ਅਰਥੀ ਫੂਕ ਰੋਸ ਮੁਜ਼ਾਹਰਾ
ਪਾਵਰਕਾਮ ਜਥੇਬੰਦੀਆਂ ਵੱਲੋਂ ਅਰਥੀ ਫੂਕ ਰੋਸ ਮੁਜ਼ਾਹਰਾ
Publish Date: Tue, 17 Feb 2026 05:37 PM (IST)
Updated Date: Tue, 17 Feb 2026 05:39 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਨ, ਮੁਕਤ ਵਿਉਪਾਰ ਸਮਝੌਤਾ, ਬਿਜਲੀ ਐਕਟ 2025, ਚਾਰ ਲੇਬਰ ਕੋਡ ਲਾਗੂ ਕਰਨ ਦੇ ਫ਼ੈਸਲੇ ਵਿਰੁੱਧ ਪਾਵਰਕਾਮ ਦੀਆਂ ਮੁਹਾਲੀ ਡਿਵੀਜ਼ਨ ਵਿਚ ਕੰਮ ਕਰਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਮੰਚ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਮੁਜ਼ਾਹਰੇ ਕੀਤੇ ਗਏ। ਬੁਲਾਰਿਆਂ ਵੱਲੋਂ ਦੱਸਿਆ ਗਿਆ ਕਿ ਕੇਂਦਰ ਸਰਕਾਰ ਨੇ 44 ਲੇਬਰ ਕਾਨੂੰਨ ਰੱਦ ਕਰਕੇ 4 ਲੇਬਰ ਕੋਡ ਲਾਗੂ ਕੀਤੇ ਹਨ, ਜੋਕਿ ਮੁਲਾਜ਼ਮ ਅਤੇ ਮਜ਼ਦੂਰਾਂ ਲਈ ਬਹੁਤ ਹੀ ਘਾਤਕ ਹਨ ਅਤੇ ਉਨ੍ਹਾਂ ਦੇ ਕੰਮ ਦੇ ਅਧਿਕਾਰ ਵਿਚ ਸਿੱਧੀ ਦਖ਼ਲ ਅੰਦਾਜ਼ੀ ਹੈ। ਜਿਸਨੂੰ ਕਿਸੇ ਵੀ ਕੀਮਤ ’ਤੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੀਆਂ ਬਹੁਮੁੱਲੀਆਂ ਜ਼ਮੀਨਾਂ ਸਸਤੇ ਭਾਅ ’ਤੇ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਵਿਚ ਪਾਵਰਕਾਮ ਦੀ ਮੈਨੇਜਮੈਂਟ ਰਲੀ ਹੋਈ ਹੈ, ਇਹ ਵੀ ਕਿਸੇ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਆਗੂਆਂ ਵੱਲੋਂ ਮੈਨੇਜਮੈਂਟ ਅਤੇ ਸਰਕਾਰ ਨੂੰ ਤਾੜਨਾਂ ਕੀਤੀ ਗਈ ਕਿ ਜੇਕਰ ਉਕਤ ਫ਼ੈਸਲੇ ਰੱਦ ਨਾ ਕੀਤੇ ਗਏ ਤਾਂ ਜਨਤਕ ਖੇਤਰ ਦੀਆਂ ਜਥੇਬੰਦੀਆਂ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਇਕ ਤਿੱਖਾ ਸੰਘਰਸ਼ ਅਰੰਭਿਆ ਜਾਵੇਗਾ। ਇਸ ਅਰਥੀ ਫੂਕ ਮੁਜ਼ਾਹਰੇ ਨੂੰ ਟੀਐੱਸਯੂ ਭੰਗਲ ਵੱਲੋਂ ਗੁਰਬਖਸ਼ ਸਿੰਘ, ਲੱਖਾ ਸਿੰਘ, ਗੁਰਮੀਤ ਸਿੰਘ, ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਮੋਹਨ ਸਿੰਘ ਗਿੱਲ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਵੱਲੋਂ ਹਰਵਿੰਦਰ ਸਿੰਘ ਗਿੱਲ, ਨਿਰਮਲ ਸਿੰਘ, ਸ਼ਰਨਜੀਤ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜਤਿੰਦਰ ਸਿੰਘ, ਸੁਰਿੰਦਰ ਸਿੰਘ ਮੱਲੀ, ਪਰਮਜੀਤ ਸਿੰਘ, ਪੈਨਸ਼ਨਰਜ਼ ਯੂਨੀਅਨ ਏਟਕ ਵੱਲੋਂ ਬਲਵਿੰਦਰ ਕੁਮਾਰ, ਹਰਦਿਆਲ ਸਿੰਘ ਬੈਂਸ, ਸੀਐੱਚਬੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਜ਼ੋਰਾ ਸਿੰਘ, ਗੁਰਸੇਵਕ ਸਿੰਘ, ਹਰਦੀਪ ਖ਼ਾਨ ਨੇ ਸੰਬੋਧਨ ਕੀਤਾ। ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਇਹ ਕਾਨੂੰਨ ਵਾਪਸ ਨਾ ਲਏ ਗਏ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।