ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ
ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
Publish Date: Mon, 05 Jan 2026 07:29 PM (IST)
Updated Date: Mon, 05 Jan 2026 07:32 PM (IST)
ਐੱਸਏਐੱਸ ਨਗਰ : ਪਿੰਡ ਸੋਹਾਣਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਬੀਬੀ ਪਰਵੀਨ ਕੌਰ ਸੰਗਰੂਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿਚ ਸੰਗਤਾਂ ਨੂੰ ਵਿਸਥਾਰ ਵਿਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਅਤੇ ਕੌਮ ਦੀ ਖਾਤਰ ਪਹਿਲਾਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਪੁੱਤਰਾਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿਚ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਤੋਂ ਇਲਾਵਾ ਭਾਈ ਸਰਿੰਦਰ ਸਿੰਘ ਗੁਰੂ ਨਾਨਕ ਆਸ਼ਰਮ ਪਟਿਆਲਾ, ਭਾਈ ਲਵਪ੍ਰੀਤ ਸਿੰਘ ਪਟਿਆਲਾ, ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜਥਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਪੂਰੇ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।