- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ 17 ਨਵੰਬਰ ਨੂੰ ਪੰਜਾਬ ਆਉਣਗੇ। ਉਹ ਚੰਡੀਗੜ੍ਹ ਵਿਚ ਸੂਬਾਈ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਦੇ ਇਸ ਦੌਰੇ ਨੂੰ ਗੱਠਜੋੜ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ: ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸ਼ਿਅਦ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ। ਦੋਵਾਂ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਸਬੰਧੀ ਗੱਲਬਾਤ ਸਕਾਰਾਤਮਕ ਦਿਸ਼ਾ ਵਿਚ ਅੱਗੇ ਵਧੀ ਹੈ। ਸੂਤਰਾਂ ਮੁਤਾਬਕ ਸੀਟਾਂ ਬਾਰੇ ਸਹਿਮਤੀ ਬਣ ਗਈ ਹੈ ਤੇ ਇਸੇ ਮਹੀਨੇ ਗੱਠਜੋੜ ਦਾ ਰਸਮੀ ਐਲਾਨ ਹੋ ਸਕਦਾ ਹੈ।
ਇਸ ਦੌਰਾਨ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ 17 ਨਵੰਬਰ ਨੂੰ ਪੰਜਾਬ ਆਉਣਗੇ। ਉਹ ਚੰਡੀਗੜ੍ਹ ਵਿਚ ਸੂਬਾਈ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਦੇ ਇਸ ਦੌਰੇ ਨੂੰ ਗੱਠਜੋੜ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਗੱਠਜੋੜ ਨੂੰ ਅੰਤਿਮ ਰੂਪ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਵੀ ਜਲਦ ਮੁਲਾਕਾਤ ਹੋ ਸਕਦੀ ਹੈ। ਇਸ ’ਚ ਸੀਟਾਂ ਦੀ ਵੰਡ ਤੇ ਚੋਣ ਰਣਨੀਤੀ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੁਝ ਦਿਨ ਪਹਿਲਾਂ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਵਿਚ ਪੰਜਾਬ ਦੇ ਮੁੱਦਿਆਂ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਚਰਚਾ ਹੋਈ।
ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਤੰਬਰ 2020 ਵਿਚ ਭਾਜਪਾ ਨਾਲ ਕਰੀਬ 24 ਸਾਲ ਪੁਰਾਣਾ ਗੱਠਜੋੜ ਤੋੜ ਦਿੱਤਾ ਸੀ। ਪੁਰਾਣੇ ਸਮਝੌਤੇ ਤਹਿਤ ਵਿਧਾਨ ਸਭਾ ਚੋਣਾਂ ਵਿਚ ਭਾਜਪਾ 23 ਅਤੇ ਅਕਾਲੀ ਦਲ 94 ਸੀਟਾਂ ’ਤੇ ਚੋਣ ਲੜਦਾ ਸੀ। ਹਾਲਾਂਕਿ, ਹੁਣ ਭਾਜਪਾ ਆਗੂਆਂ ਦੇ ਸੰਕੇਤ ਹਨ ਕਿ ਪਾਰਟੀ ਗੱਠਜੋੜ ਵਿਚ ਛੋਟੇ ਭਾਈਵਾਲ ਦੀ ਭੂਮਿਕਾ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ।
ਸੁਖਬੀਰ ਬਾਦਲ ਨੇ 2 ਨਵੰਬਰ ਨੂੰ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਸੀ ਕਿ ਕੁਝ ਦਿਨਾਂ ਵਿਚ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਣ ਵਾਲਾ ਹੈ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਨਾਲ ਗੱਠਜੋੜ ਦੀ ਸੰਭਾਵਨਾ ਖੁੱਲ੍ਹੀ ਰੱਖੀ ਸੀ। ਦੂਜੇ ਪਾਸੇ, ਪੰਜਾਬ ਭਾਜਪਾ ਦੇ ਆਗੂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਦਾ ਦਾਅਵਾ ਕਰਦੇ ਰਹੇ ਹਨ।
ਭਾਜਪਾ ’ਚ ਗੱਠਜੋੜ ਨੂੰ ਲੈ ਕੇ ਇਕ ਰਾਇ ਨਹੀਂ
ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਗੱਠਜੋੜ ਬਾਰੇ ਆਖ਼ਰੀ ਫ਼ੈਸਲਾ ਪਾਰਟੀ ਹਾਈ ਕਮਾਂਡ ਕਰੇਗੀ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਅਤੇ ਆਮ ਲੋਕਾਂ ਦਾ ਮੰਨਣਾ ਹੈ ਕਿ ਗੱਠਜੋੜ ਨਾਲ ਚੋਣ ਜਿੱਤਣਾ ਸੌਖਾ ਹੋਵੇਗਾ, ਜਦਕਿ ਭਾਜਪਾ ਦੀ ਕੋਰ ਟੀਮ ਦੇ ਪੁਰਾਣੇ ਕਾਰਕੁਨ ਇਸ ਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਮੁਤਾਬਕ ਪਾਰਟੀ ਵਿਚ ਦੋਵੇਂ ਤਰ੍ਹਾਂ ਦੇ ਵਿਚਾਰ ਮੌਜੂਦ ਹਨ।
ਆਰਐੱਸਐੱਸ ਨੇ ਵੀ ਸੰਭਾਲਿਆ ਮੋਰਚਾ; 5,900 ਕਮਜ਼ੋਰ ਬੂਥਾਂ ’ਤੇ ਨਜ਼ਰ
ਦੂਜੇ ਪਾਸੇ, ਆਰਐੱਸਐੱਸ ਨੇ ਵੀ ਪੰਜਾਬ ਵਿਚ ਭਾਜਪਾ ਦੀਆਂ ਚੁਣਾਵੀ ਤਿਆਰੀਆਂ ਨੂੰ ਰਫ਼ਤਾਰ ਦੇਣ ਲਈ ਸਰਗਰਮੀ ਵਧਾ ਦਿੱਤੀ ਹੈ। ਸ਼ੁੱਕਰਵਾਰ ਦੇਰ ਸ਼ਾਮ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ 2027 ਦੀਆਂ ਚੋਣਾਂ ਦੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ। ਸੰਘ ਦੇ ਸੰਯੁਕਤ ਜਨਰਲ ਸਕੱਤਰ ਅਤੇ ਉੱਤਰੀ ਸੂਬਿਆਂ ਦੇ ਇੰਚਾਰਜ ਅਰੁਣ ਕੁਮਾਰ ਨੇ ਭਾਜਪਾ ਆਗੂਆਂ ਨੂੰ ਬੂਥ ਪੱਧਰ ’ਤੇ ਬਰੀਕੀ ਨਾਲ ਕੰਮ ਕਰਨ ਅਤੇ ਸੰਗਠਨ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ 2022 ਦੀਆਂ ਚੋਣਾਂ ਦੇ ਅੰਕੜਿਆਂ ਦੇ ਆਧਾਰ ’ਤੇ ਕਰੀਬ 5,900 ਅਜਿਹੇ ਬੂਥਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਰਣਨੀਤੀ ਬਣਾਈ ਗਈ, ਜਿੱਥੇ ਭਾਜਪਾ ਇਕ ਤੋਂ 100 ਵੋਟਾਂ ਦੇ ਫ਼ਰਕ ਨਾਲ ਚੋਣ ਹਾਰ ਗਈ ਸੀ। ਇਸ ਤੋਂ ਇਲਾਵਾ, ਪਾਰਟੀ ਵੱਲੋਂ ਜਿੱਤੀਆਂ ਸੀਟਾਂ ਦੇ ਬੂਥਾਂ ’ਤੇ ਵੀ ਸੰਗਠਨ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਵਿਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਅਤੇ ਸੁਨੀਲ ਜਾਖੜ, ਸਾਬਕਾ ਮੰਤਰੀ ਸੋਮ ਪ੍ਰਕਾਸ਼, ਤਰੁਣ ਚੁੱਘ, ਸਤੀਸ਼ ਪੂਨੀਆ ਅਤੇ ਮੰਤਰੀ ਸ੍ਰੀਨਿਵਾਸੁਲੂ ਹਾਜ਼ਰ ਸਨ।
ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ 117 ਵਿੱਚੋਂ ਦੋ ਅਤੇ ਅਕਾਲੀ ਦਲ ਨੇ ਤਿੰਨ ਸੀਟਾਂ ਜਿੱਤੀਆਂ ਸਨ। ਹੁਣ ਗੱਠਜੋੜ ਦੀਆਂ ਸੰਭਾਵਨਾਵਾਂ ਦੌਰਾਨ ਭਾਜਪਾ ਨੇ ਸੰਗਠਨਾਤਮਕ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ। ਅਮਿਤ ਸ਼ਾਹ ਪਿਛਲੇ ਮਹੀਨੇ ਪੰਜਾਬ ਵਿਚ ਐੱਨਡੀਏ ਸਰਕਾਰ ਬਣਨ ਦਾ ਦਾਅਵਾ ਕਰ ਚੁੱਕੇ ਹਨ। ਉਨ੍ਹਾਂ ਦੇ ਬਿਆਨਾਂ ਮਗਰੋਂ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਆਉਣ ਦੀਆਂ ਅਟਕਲਾਂ ਨੂੰ ਹੋਰ ਬਲ ਮਿਲਿਆ ਹੈ।