ਸੰਗਰੂਰ ਰੈਲੀ ਦੀ ਤਿਆਰੀ : ਮੁਹਾਲੀ ਤੋਂ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ ਕਰਨਗੇ ਮਾਰਚ ਸੰਗਰੂਰ ਰੈਲੀ ਦੀ ਤਿਆਰੀ : ਮੁਹਾਲੀ ਤੋਂ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ ਕਰਨਗੇ ਮਾਰਚ
Publish Date: Fri, 02 Oct 2026 06:35 PM (IST)
Updated Date: Fri, 02 Oct 2026 06:37 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ ਮੁਹਾਲੀ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ (ਜ਼ਿਲ੍ਹਾ ਮੁਹਾਲੀ ਇਕਾਈ) ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਬੈਠਕ ਪੰਚਾਇਤ ਭਵਨ, ਮੁਹਾਲੀ ਵਿਖੇ ਆਯੋਜਿਤ ਕੀਤੀ ਗਈ। ਇਸ ਬੈਠਕ ਦਾ ਮੁੱਖ ਮਕਸਦ 10 ਅਕਤੂਬਰ ਨੂੰ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਚੱਲ ਰਹੇ ਸੰਘਰਸ਼ ਉੱਤੇ ਸਵੈ-ਪੜਚੋਲ ਕਰਨਾ ਸੀ। ਇਹ ਰੈਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਬੈਠਕ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪੈਨਸ਼ਨਰ ਜਥੇਬੰਦੀਆਂ ਦੇ ਜ਼ਿਲ੍ਹਾ ਅਤੇ ਸੂਬਾ ਪੱਧਰੀ ਆਗੂ ਵੱਡੀ ਗਿਣਤੀ ’ਚ ਸ਼ਾਮਲ ਹੋਏ। ਕਾਫ਼ਲੇ ਦੇ ਰੂਪ ’ਚ ਪਹੁੰਚਣ ਦਾ ਦਾਅਵਾ : ਬੈਠਕ ਵਿਚ ਹਾਜ਼ਰ ਆਗੂਆਂ ਨੇ ਦਾਅਵਾ ਕੀਤਾ ਕਿ ਮੁਹਾਲੀ ਜ਼ਿਲ੍ਹੇ ਤੋਂ ਹਜ਼ਾਰਾਂ ਦੀ ਗਿਣਤੀ ’ਚ ਮੁਲਾਜ਼ਮ ਅਤੇ ਪੈਨਸ਼ਨਰ ਇਕ ਵੱਡੇ ਕਾਫ਼ਲੇ ਦੇ ਰੂਪ ਵਿਚ ਸੰਗਰੂਰ ਰੈਲੀ ’ਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਬੇਮਿਸਾਲ ਇਕੱਠ ਕਰਕੇ ਨਵਾਂ ਰਿਕਾਰਡ ਬਣਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। 8 ਫ਼ੀਸਦੀ ਡੀਏ ਦੇ ਨੋਟੀਫਿਕੇਸ਼ਨ ਦਾ ਵਿਰੋਧ : ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ 18 ਸਤੰਬਰ ਨੂੰ 8 ਫ਼ੀਸਦੀ ਮਹਿੰਗਾਈ ਭੱਤੇ (ਡੀਏ) ਦਾ ਐਲਾਨ ਕਰਕੇ ਜਥੇਬੰਦੀਆਂ ਦੇ ਸੰਘਰਸ਼ ਨੂੰ ਤਾਰਪੀਡੋ/ਸਾਬੋਤਾਜ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਸਮੁੱਚੀਆਂ ਲਟਕਦੀਆਂ ਮੰਗਾਂ ਦੇ ਹੱਲ ਤੱਕ ਲੜਾਈ ਜਾਰੀ ਰੱਖਣ ਲਈ ਦ੍ਰਿੜ੍ਹ ਹਨ। ਉਨ੍ਹਾਂ ਮੰਗ ਕੀਤੀ ਕਿ 8% ਡੀਏ ਨਾਲ ਸਬੰਧਤ ਸਰਕਾਰੀ ਹੁਕਮਾਂ ਵਿੱਚ ਸੁਧਾਰ ਕਰਦਿਆਂ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇ ਅਤੇ ਹੋਰ ਸਾਰੀਆਂ ਪੈਂਡਿੰਗ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਇਸ ਬੈਠਕ ਵਿਚ ਵੱਖ-ਵੱਖ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਸ਼ਾਮਲ ਸਨ, ਜਿਨ੍ਹਾਂ ਵਿਚ ਸੁਖਦੇਵ ਸਿੰਘ ਸੈਣੀ, ਕਰਮ ਸਿੰਘ ਧਨੋਆ, ਇੰਸਪੈਕਟਰ (ਰਿਟਾ.) ਮਹਿੰਦਰ ਸਿੰਘ, ਤਜਿੰਦਰ ਸਿੰਘ, ਅਮਿਤ ਕਟੋਚ, ਐੱਨਡੀ ਤਿਵਾੜੀ, ਗੁਰਪਿਆਰ ਸਿੰਘ ਕੋਟਲੀ, ਰਜਿੰਦਰ ਕੌਰ, ਬਲਜਿੰਦਰ ਕੌਰ, ਚਰਨਜੀਤ ਸਿੰਘ, ਹਰਕ੍ਰਿਸ਼ਨ ਸਿੰਘ, ਪਰਵਿੰਦਰ ਪਾਲ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਕੁਮਾਰ, ਅਮਰੀਕ ਸਿੰਘ, ਪਵਨੀਤ ਕੁਮਾਰ, ਹਰਜੀਤ ਸਿੰਘ ਬਸੋਤਾ, ਸੁਭਾਸ਼ ਗਿੱਲ, ਗੁਰਜੀਤ ਸਿੰਘ, ਜਸਬੀਰ ਸਿੰਘ, ਜਗਦੀਸ਼ ਸਿੰਘ, ਬਲਜਿੰਦਰ ਕੌਰ, ਗੁਰਵਿੰਦਰ ਸਿੰਘ ਅਤੇ ਹਰੀਸ਼ ਕੁਮਾਰ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।