ਹਾਈਵੇ 'ਤੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੀਆਂ ਪ੍ਰਾਈਵੇਟ ਬੱਸਾਂ, ਪ੍ਰਸ਼ਾਸਨ ਚੁੱਪ ਕਾਰਨ ਲੋਕ ਪਰੇਸ਼ਾਨ
ਹਾਈਵੇ 'ਤੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੀਆਂ ਪ੍ਰਾਈਵੇਟ ਬੱਸਾਂ, ਪ੍ਰਸ਼ਾਸਨ ਚੁੱਪ ਕਾਰਨ ਲੋਕ ਪਰੇਸ਼ਾਨ
Publish Date: Tue, 03 Mar 2026 05:20 PM (IST)
Updated Date: Tue, 03 Mar 2026 05:23 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਡੇਰਾਬੱਸੀ ਵਿਖੇ ਲੰਮੇ ਰੂਟ ਦੀਆਂ ਪ੍ਰਾਈਵੇਟ ਬੱਸਾਂ ਦੇ ਚਾਲਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹਾਈਵੇ ਦੇ ਕਿਨਾਰੇ ਬੇਤਰਤੀਬੇ ਢੰਗ ਨਾਲ ਖੜ੍ਹੀਆਂ ਇਹ ਬੱਸਾਂ ਹਰ ਰੋਜ਼ ਵਾਪਰ ਰਹੇ ਸੜਕ ਹਾਦਸਿਆਂ ਦਾ ਮੁੱਖ ਕਾਰਨ ਬਣ ਰਹੀਆਂ ਹਨ, ਪਰ ਸਥਾਨਕ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਸਥਾਨਕ ਵਸਨੀਕਾਂ ਅਨੁਸਾਰ ਪ੍ਰਾਈਵੇਟ ਬੱਸਾਂ ਦੇ ਚਾਲਕ ਸਵਾਰੀਆਂ ਚੁੱਕਣ ਦੇ ਚੱਕਰ ਵਿਚ ਆਪਣੀਆਂ ਬੱਸਾਂ ਸੜਕ ਦੇ ਵਿਚਕਾਰ ਜਾਂ ਬਿਲਕੁਲ ਕਿਨਾਰੇ ਗ਼ਲਤ ਤਰੀਕੇ ਨਾਲ ਖੜ੍ਹੀਆਂ ਕਰ ਦਿੰਦੇ ਹਨ। ਇਸ ਕਾਰਨ ਪਿਛੋਂ ਆਉਣ ਵਾਲੇ ਵਾਹਨਾਂ ਨੂੰ ਰਸਤਾ ਨਹੀਂ ਮਿਲਦਾ ਅਤੇ ਅਕਸਰ ਟੱਕਰ ਹੋ ਜਾਂਦੀ ਹੈ। ਖ਼ਾਸ ਕਰਕੇ ਰਾਤ ਦੇ ਸਮੇਂ ਇਹ ਬੱਸਾਂ ਹੋਰ ਵੀ ਖ਼ਤਰਨਾਕ ਸਾਬਤ ਹੁੰਦੀਆਂ ਹਨ ਕਿਉਂਕਿ ਇਨ੍ਹਾਂ ਦੀਆਂ ਪਾਰਕਿੰਗ ਲਾਈਟਾਂ ਵੀ ਬੰਦ ਹੁੰਦੀਆਂ ਹਨ। ਸ਼ਹਿਰ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਟ੍ਰੈਫਿਕ ਪੁਲਿਸ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀ ਸਭ ਕੁਝ ਜਾਣਦੇ ਹੋਏ ਵੀ ਅੱਖਾਂ ਮੀਟ ਕੇ ਬੈਠੇ ਹਨ। ਲੋਕਾਂ ਦਾ ਕਹਿਣਾ ਹੈ ਕਿ ਬੱਸਾਂ ਦੇ ਨਾਜਾਇਜ਼ ਠਾਹਰ ਕਾਰਨ ਰੋਜ਼ਾਨਾ ਜਾਮ ਲੱਗਦਾ ਹੈ। ਪੈਦਲ ਚੱਲਣ ਵਾਲਿਆਂ ਅਤੇ ਦੁਪਹੀਆ ਵਾਹਨ ਚਾਲਕਾਂ ਦੀ ਜਾਨ ਹਮੇਸ਼ਾਂ ਜੋਖ਼ਮ ਵਿਚ ਰਹਿੰਦੀ ਹੈ। ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਗੁੱਸੇ ਵਿਚ ਆਏ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਨ੍ਹਾਂ ਪ੍ਰਾਈਵੇਟ ਬੱਸਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਇਨ੍ਹਾਂ ਬੱਸਾਂ ਨੂੰ ਹਾਈਵੇ ਕਿਨਾਰੇ ਖੜ੍ਹਨ ਤੋਂ ਨਾ ਰੋਕਿਆ ਗਿਆ ਅਤੇ ਟ੍ਰੈਫਿਕ ਵਿਵਸਥਾ ਨਾ ਸੁਧਾਰੀ ਗਈ, ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।