ਨਰੇਗਾ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ, ਪੰਚਾਇਤ ਵਿਭਾਗ ’ਚ ਪੱਕਾ ਕਰਨ ਦੀ ਮੰਗ ’ਤੇ ਅੜੇ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ’ਚ ਮਰਜ਼ ਕਰਨ ਸਬੰਧੀ ਵਿਭਾਗ ਨੂੰ ਲੁੜੀਂਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ ਸੀ
Publish Date: Mon, 06 Jul 2026 06:30 PM (IST)
Updated Date: Tue, 07 Jul 2026 04:00 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਨਰੇਗਾ ਮੁਲਾਜ਼ਮ ਪਿਛਲੇ ਕਾਫ਼ੀ ਦਿਨਾਂ ਤੋਂ ਲੜੀਵਾਰ ਸੰਘਰਸ਼ ਕਰ ਰਹੇ ਹਨ। ਉਹ ਪਿਛਲੇ ਲਗਭਗ 33 ਦਿਨਾਂ ਤੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਮਰਜ਼ ਕਰ ਕੇ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ। ਹਾਲਾਂਕਿ ਨਰੇਗਾ ਮੁਲਾਜ਼ਮਾਂ ਦੀ ਬੀਤੀ 2 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ’ਚ ਪੈਨਲ ਬੈਠਕ ਹੋਈ ਸੀ। ਜਿਸ ’ਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੋਂ ਇਲਾਵਾ ਉੱਚ ਅਧਿਕਾਰੀ ਵੀ ਹਾਜ਼ਰ ਸਨ। ਦੋਵੇਂ ਕੈਬਨਿਟ ਮੰਤਰੀਆਂ ਨੇ ਮੁਲਾਜ਼ਮਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ’ਚ ਮਰਜ਼ ਕਰਨ ਸਬੰਧੀ ਵਿਭਾਗ ਨੂੰ ਲੁੜੀਂਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ ਸੀ ਲੇਕਿਨ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਅਧਿਕਾਰੀਆਂ ਨੇ ਪੂਣੀ ਵੀ ਨਹੀਂ ਕੱਤੀ। ਨਰੇਗਾ ਮੁਲਾਜ਼ਮਾਂ ਦੇ ਰੋਹ ਨੂੰ ਦੇਖਦੇ ਹੋਏ ਹੁਣ 7 ਜੁਲਾਈ ਨੂੰ ਮੁੜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁਹਾਲੀ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਬੈਠਕ ਬੁਲਾਈ ਗਈ। ਜਿਸ ’ਚ ਵਿਭਾਗ ਦੇ ਡਾਇਰੈਕਟਰ ਤੇ ਵਿੱਤ ਸਕੱਤਰ ਸਮੇਤ ਉੱਚ ਅਧਿਕਾਰੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ 7 ਜੁਲਾਈ ਨੂੰ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦੇ ਬਾਹਰ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ’ਚ ਪੀੜਤ ਮੁਲਾਜ਼ਮਾਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਵੱਡਾ ਇਕੱਠ ਕਰਨ ਦਾ ਟੀਚਾ ਮਿਥਿਆ ਸੀ। ਇਸ ਸਬੰਧੀ ਨਰੇਗਾ ਮੁਲਾਜ਼ਮਾਂ ਦੀ ਵੱਡੇ ਪੱਧਰ ’ਤੇ ਲਾਮਬੰਦੀ ਕੀਤੀ ਜਾ ਰਹੀ ਸੀ। ਖੰਨਾ ਦੇ ਐੱਸਐੱਸਪੀ ਮੈਡਮ ਦਰਪਨ ਆਹਲੂਵਾਲੀਆ ਨੇ ਵੀ ਆਗੂਆਂ ਨਾਲ ਮੁਲਾਕਾਤ ਕੀਤੀ। ਨਰੇਗਾ ਕਰਮਚਾਰੀ ਯੂਨੀਅਨ ਮੁਹਾਲੀ ਦੇ ਪ੍ਰਧਾਨ ਸੁਖਦੀਪ ਸਿੰਘ, ਮੀਤ ਪ੍ਰਧਾਨ ਚੰਦਨ ਅਨੇਜਾ, ਬਲਾਕ ਪ੍ਰਧਾਨ ਮਾਜਰੀ ਪਰਮਜੀਤ ਸਿੰਘ, ਬਲਾਕ ਪ੍ਰਧਾਨ ਡੇਰਾਬੱਸੀ ਹਰਵਿੰਦਰ ਸਿੰਘ,ਬਲਾਕ ਖਰੜ ਤੋਂ ਗੁਰਪ੍ਰੀਤ ਸਿੰਘ ਤੇ ਤਕਨੀਕੀ ਸਹਾਇਕ ਮਨਪ੍ਰੀਤ ਸਿੰਘ ਬੇਦੀ, ਬਲਾਕ ਮੁਹਾਲੀ ਤੋਂ ਹਰੀਸ਼ ਚੌਧਰੀ ਤੇ ਲਵਦੀਪ ਸਿੰਘ ਨੇ ਕਿਹਾ ਕਿ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਕੀਤੀ ਰੈਲੀ ਤੋਂ ਬਾਅਦ 2 ਜੁਲਾਈ ਦੀ ਮੀਟਿੰਗ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਅਫ਼ਸਰਸ਼ਾਹੀ ਦੇ ਰੁੱਖੇ ਰਵੱਈਆ ਕਾਰਨ ਨਰੇਗਾ ਮੁਲਾਜ਼ਮ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਹਨ ਤੇ ਨਿਗੂਣੀਆਂ ਤਨਖ਼ਾਹਾਂ, ਤੰਗੀਆਂ-ਤੁਰਸ਼ੀਆਂ, ਗਰੀਬੀ ’ਚ ਗੁਜ਼ਾਰਾ ਕਰਨ ਲਈ ਮਜਬੂਰ ਹਨ। ਇਸ ਮੌਕੇ ਵਿਭਾਗ ਨੇ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ। ਉੱਪਰੋਂ ਹੁਣ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਰਾਹੀਂ ਵਿਰੋਧ ਕਰਨ ਤੋਂ ਬਾਅਦ ਚੁੱਪ-ਚੁਪੀਤੇ ਵੀਬੀ ਜੀਰਾਮਜੀ ਲਾਗੂ ਕੀਤੀ ਗਈ ਹੈ। ਅਫ਼ਸਰਸ਼ਾਹੀ ਧੱਕੇਸ਼ਾਹੀ ਨਾਲ ਨਰੇਗਾ ਮੁਲਾਜ਼ਮਾਂ ਨੂੰ ਕੰਮ ਸ਼ੁਰੂ ਕਰਵਾਉਣ ਦਾ ਦਬਾਅ ਪਾ ਰਹੀ ਹੈ, ਪਰਚੇ ਦਰਜ ਕਰਵਾਉਣ ਦੀਆਂ ਧਮਕੀਆਂ ਦੇ ਰਹੀ ਹੈ। ਆਗੂਆਂ ਨੇ ਕਿਹਾ ਕਿ ਅਫ਼ਸਰਸ਼ਾਹੀ ਨੇ ਕੰਮ ਚਲਾਉਣ ਲਈ ਬਦਲਵੇਂ ਪ੍ਰਬੰਧ ਕਰ ਕੇ ਹਰ ਹੀਲਾ ਵਰਤ ਕੇ ਵੇਖ ਲਿਆ ਪਰ ਕੰਮ ਸ਼ੁਰੂ ਨਹੀਂ ਕਰਵਾ ਸਕੀ। ਉਨ੍ਹਾਂ ਅੱਗੇ ਕਿਹਾ ਕਿ ਤਨਖ਼ਾਹ ਨਾ ਮਿਲਣ ਕਾਰਨ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋਇਆ ਪਿਆ ਹੈ। ਜਿਸ ਕਰਨ ਰੋਜ਼ਮਰ੍ਹਾ ਦੀਆਂ ਲੋੜਾਂ ਦੀ ਪੂਰਤੀ ਘਰ ਦਾ ਸਾਮਾਨ ਵੇਚ ਕੇ ਡੰਗ ਸਾਰ ਰਹੇ ਹਨ। ਜ਼ਿੰਦਗੀ ਦੇ 18 ਸਾਲ ਨਰੇਗਾ ਲੇਖੇ ਲਾਏ ਹਨ। ਹੁਣ ਸੇਵਾਵਾਂ ਪੱਕੀਆਂ ਹੋਣ ਤੱਕ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਟਾਲ-ਮਟੋਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਬਾਈਕਾਟ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 7 ਜੁਲਾਈ ਨੂੰ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਮੁਹਾਲੀ ’ਚ ਬੁਲਾਈ ਗਈ ਹੈ। ਜੇਕਰ ਵਿਭਾਗ ਮਰਜ਼ ਕਰਨ ਦੀ ਮੰਗ ਤੋਂ ਭੱਜਿਆ ਤਾਂ ਮੌਕੇ ’ਤੇ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।