ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਦੇ ਕੱਚੇ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ
ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਦੇ ਕੱਚੇ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ,
Publish Date: Sat, 10 Jan 2026 07:45 PM (IST)
Updated Date: Sat, 10 Jan 2026 07:48 PM (IST)

24 ਜਨਵਰੀ ਨੂੰ ਦਿੜ੍ਹਬਾ ਰੈਲੀ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਦਾ ਐਲਾਨ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟਸੋਰਸ ਯੂਨੀਅਨ ਪੰਜਾਬ ਵੱਲੋਂ ਸ਼ਨਿਚਰਵਾਰ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਲਾਂਟ ਦੇ ਗੇਟ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਮਿਲਕਫੈੱਡ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂਆਂ ਨੇ ਕਿਹਾ ਕਿ ਮਿਲਕਫੈਡ ਵਿਚ ਪਿਛਲੇ 15-20 ਸਾਲਾ ਤੋਂ ਵਰਕਰ ਵੱਖ-ਵੱਖ ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਸਿਰਫ਼ ਲਾਰੇ-ਲੱਪਿਆਂ ਨਾਲ ਸਮਾਂ ਲੰਘਾ ਰਹੀ ਹੈ। ਯੂਨੀਅਨ ਦੇ ਪ੍ਰਧਾਨ ਰੁਪਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਨਾਲ ਹੋਈਆਂ ਮੀਟਿੰਗਾਂ ਵਿਚ ਉੱਚ ਪੱਧਰੀ ਕਮੇਟੀ ਬਣਾ ਕੇ ਪਾਲਿਸੀ ਤਿਆਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜੋ ਕਿ ਅਜੇ ਤੱਕ ਵਫ਼ਾ ਨਹੀਂ ਹੋਇਆ। ਉਨ੍ਹਾਂ ਐਲਾਨ ਕੀਤਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿਚ ਵੇਰਕਾ ਮਿਲਕ ਪਲਾਂਟ ਅਤੇ ਕੈਟਲਫੀਡ ਦੇ ਕੱਚੇ ਕਾਮੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਪਵਿੱਤਰ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਰਵਿੰਦਰ ਸਿੰਘ, ਮਨੀਸ਼, ਪਵਨ ਕੁਮਾਰ ਸਮੇਤ ਕਈ ਹੋਰ ਮੁਲਾਜ਼ਮ ਆਗੂ ਵੀ ਹਾਜ਼ਰ ਸਨ।