ਸੇਵਾ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਸੇਵਾ ਕੇਂਦਰ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ, ਭਗਵੰਤ ਮਾਨ ਅਤੇ ਅਮਨ ਅਰੋੜਾ ਦੇ ਫੂਕੇ ਪੁਤਲੇ
Publish Date: Mon, 12 Oct 2026 07:45 PM (IST)
Updated Date: Mon, 12 Oct 2026 07:47 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਡੇਰਾਬੱਸੀ ਵਿਖੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਸਾੜ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਏਟਕ ਦੇ ਮੀਤ ਪ੍ਰਧਾਨ ਅਤੇ ਯੂਨੀਅਨ ਦੇ ਸਲਾਹਕਾਰ ਵਿਨੋਦ ਚੁੱਘ ਨੇ ਦੱਸਿਆ ਕਿ ਪਿਛਲੇ 10 ਸਾਲਾ ਤੋਂ ਸੇਵਾਵਾਂ ਦੇ ਰਹੇ ਪੜ੍ਹੇ-ਲਿਖੇ ਮੁਲਾਜ਼ਮਾਂ ਦਾ ਇਕ ਪ੍ਰਾਈਵੇਟ ਕੰਪਨੀ ਰਾਹੀਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਨਿਯਮਾਂ ਤਹਿਤ ਮਿਲਣਯੋਗ 17,500 ਰੁਪਏ ਦੀ ਬਜਾਏ ਮੁਲਾਜ਼ਮਾਂ ਨੂੰ ਮਹਿਜ਼ 14,600 ਰੁਪਏ ਹੀ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਕਿਊਰਟੀ ਗਾਰਡਾਂ ਅਤੇ ਡੋਰ ਸਟੈੱਪ ਡਿਲੀਵਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵੀ ਗ਼ੈਰ-ਕਾਨੂੰਨੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਮਾਮੂਲੀ ਤਨਖਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਅਸੰਭਵ ਹੋ ਚੁੱਕਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇ ਅਤੇ ਸ਼ੋਸ਼ਣ ਕਰਨ ਵਾਲੀ ਠੇਕੇਦਾਰ ਕੰਪਨੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮਸਲੇ ਹੱਲ ਨਾ ਕੀਤੇ, ਤਾਂ 17 ਅਕਤੂਬਰ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਬੈਠਕ ਕੀਤੀ ਜਾਵੇਗੀ, ਜਿਸ ਵਿਚ ਅਗਲੇ ਤਿੱਖੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ, ਮੋਨਿਕਾ ਨਰੂਲਾ, ਹਰਦੀਪ ਸਿੰਘ ਅਤੇ ਪੂਨਮ ਰਾਣੀ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।