ਪੁਰਾਣੀ ਪੈਨਸ਼ਨ ਸਕੀਮ ਸਬੰਧੀ ਅਹਿਮ ਫ਼ੈਸਲੇ ਲਈ ਪੰਜਾਬ ਬੋਰਡ ਦੇ ਚੇਅਰਮੈਨ ਤੇ ਸਕੱਤਰ ਸਨਮਾਨ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਅਹਿਮ ਫ਼ੈਸਲੇ ਲਈ ਪੰਜਾਬ ਬੋਰਡ ਦੇ ਚੇਅਰਮੈਨ ਤੇ ਸਕੱਤਰ ਸਨਮਾਨ
Publish Date: Tue, 27 Oct 2026 08:01 PM (IST)
Updated Date: Tue, 27 Oct 2026 08:04 PM (IST)
-1993 ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇਤਿਹਾਸਕ ਕਦਮ : ਬੈਨੀਪਾਲ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸਾਲ 2004 ’ਚ ਰੈਗੂਲਰ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਲਏ ਗਏ ਅਹਿਮ ਅਤੇ ਇਤਿਹਾਸਕ ਫ਼ੈਸਲੇ ਦੇ ਖ਼ੁਸ਼ੀ ਪ੍ਰਗਟਾਉਂਦਿਆਂ ਕਰਮਚਾਰੀ ਐਸੋਸੀਏਸ਼ਨ ਅਤੇ ਸਬੰਧਤ ਮੁਲਾਜ਼ਮਾਂ ਵੱਲੋਂ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੋਰਡ ਦੇ ਸਕੱਤਰ ਸਕੱਤਰ ਸਿੰਘ ਬੱਲ ਦਾ ਵੀ ਧੰਨਵਾਦ ਕੀਤਾ। ਇਹ ਤਾਜ਼ਾ ਫ਼ੈਸਲਾ ਸਾਲ 1993 ਤੋਂ ਬੋਰਡ ’ਚ ਨਿਰੰਤਰ ਸੇਵਾਵਾਂ ਨਿਭਾਅ ਰਹੇ ਉਨ੍ਹਾਂ ਕਰਮਚਾਰੀਆਂ ਲਈ ਵੱਡੀ ਰਾਹਤ ਵਜੋਂ ਸਾਹਮਣੇ ਆਇਆ ਹੈ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹਾਈ ਕੋਰਟ ਵੱਲੋਂ ਰੈਗੂਲਰ ਮੰਨਿਆ ਗਿਆ ਸੀ, ਪਰ ਇਸ ਦੇ ਬਾਵਜੂਦ ਪੁਰਾਣੀ ਪੈਨਸ਼ਨ ਦਾ ਲਾਭ ਮਿਲਣ ਦਾ ਮਾਮਲਾ ਲੰਬੇ ਸਮੇਂ ਤੋਂ ਲਟਕ ਰਿਹਾ ਸੀ। ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੂੰ ਮੁੱਖ ਰੱਖਦਿਆਂ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਸੰਵੇਦਨਸ਼ੀਲਤਾ ਅਤੇ ਦੂਰਅੰਦੇਸ਼ੀ ਪਹੁੰਚ ਸਦਕਾ ਮੁਲਾਜ਼ਮਾਂ ਦੇ ਸੇਵਾਮੁਕਤੀ ਤੋਂ ਬਾਅਦ ਦੇ ਭਵਿੱਖ ਨੂੰ ਹਮੇਸ਼ਾ ਲਈ ਸੁਰੱਖਿਅਤ ਕਰ ਦਿੱਤਾ ਹੈ। ਜਥੇਬੰਦੀ ਨੇ ਇਸ ਨੂੰ ਬੋਰਡ ਦੇ ਇਤਿਹਾਸ ’ਚ ਯਾਦਗਾਰੀ ਪ੍ਰਾਪਤੀ ਦੱਸਿਆ। ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੈਨਸ਼ਨ ਸਿਰਫ਼ ਵਿੱਤੀ ਲਾਭ ਨਹੀਂ, ਸਗੋਂ ਬੁਢਾਪੇ ਦੀ ਆਰਥਿਕ ਸੁਰੱਖਿਆ ਅਤੇ ਵਰ੍ਹਿਆਂ ਦੀ ਸੇਵਾ ਦਾ ਅਸਲ ਸਨਮਾਨ ਹੈ। ਇਸ ਫ਼ੈਸਲੇ ਨਾਲ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਤੋਂ ਪਹਿਲਾਂ ਡਾਇਰੈਕਟਰ (ਕੰਪਿਊਟਰ) ਡਾ. ਨਵਨੀਤ ਕੌਰ ਨੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਸਵਾਗਤ ਕੀਤਾ, ਜਦਕਿ ਬਲਜੀਤ ਸ਼ਰਮਾ ਨੇ ਵੀ ਵਿਚਾਰ ਸਾਂਝੇ ਕੀਤੇ। ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਸਕੱਤਰ ਸਕੱਤਰ ਸਿੰਘ ਬੱਲ ਨੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਭਵਿੱਖ ’ਚ ਮੁਲਾਜ਼ਮਾਂ ਦੇ ਹਿੱਤਾਂ ਅਤੇ ਭਲਾਈ ਲਈ ਅਜਿਹੇ ਸੁਹਿਰਦ ਯਤਨ ਜਾਰੀ ਰਹਿਣਗੇ। ਇਸ ਮੌਕੇ ਪੈਨਸ਼ਨ ਕੇਸ ਨਾਲ ਸਬੰਧਤ ਮੁਲਾਜ਼ਮ ਸਤਨਾਮ ਸਿੰਘ ਸੱਤਾ, ਰਾਜਿੰਦਰ ਮੈਣੀ, ਰਣਧੀਰ ਸਿੰਘ ਗੁੱਡੂ ਅਤੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ, ਮਨੋਜ ਰਾਣਾ, ਗੁਰਜੀਤ ਸਿੰਘ ਬੀਦੋਵਾਲੀ, ਲਖਵਿੰਦਰ ਸਿੰਘ ਘੜੂੰਆਂ, ਮਲਕੀਤ ਸਿੰਘ ਗੱਗੜ, ਮਨਜਿੰਦਰ ਸਿੰਘ ਅਤੇ ਸਵਰਨ ਸਿੰਘ ਤਿਊੜ ਮੌਜੂਦ ਸਨ। ਅਖੀਰ ’ਚ ਗੁਰਚਰਨ ਸਿੰਘ ਤਰਮਾਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਇਤਿਹਾਸਕ ਅਤੇ ਖ਼ੁਸ਼ੀ ਦੇ ਮੌਕੇ ਤੇ ਮੁਲਾਜ਼ਮਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ।