ਨਿਰਮਲ ਸਿੰਘ ਮਾਨਸ਼ਾਹੀਆ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਮੌਨਸੂਨ ਇਜਲਾਸ 'ਚ ਸੱਤਾਧਾਰੀ ਕਾਂਗਰਸ ਨੂੰ ਘੇਰਨ ਲਈ ਵਿਰੋਧੀ ਧਿਰਾਂ ਨੇ ਤਿਆਰੀ ਕਰ ਲਈ ਹੈ। ਇਸ ਤਹਿਤ ਅਕਾਲੀ ਦਲ ਅਤੇ ਭਾਜਪਾ ਨੇ ਕਿਸਾਨਾਂ, ਨੌਜਵਾਨਾਂ, ਅਮਨ-ਕਾਨੂੰਨ ਦੀ ਵਿਗੜਦੀ ਹਾਲਤ, ਮਹਿੰਗੀ ਬਿਜਲੀ ਅਤੇ ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਨੂੰ ਘੇਰਨ ਦੀ ਰਣਨੀਤੀ ਉਲੀਕੀ ਹੈ। ਵਿਧਾਨ ਸਭਾ 'ਚ ਇਸ ਵਾਰ ਅਕਾਲੀ ਦਲ ਅਤੇ ਭਾਜਪਾ ਵਿਧਾਇਕਾਂ ਦੀ ਅਗਵਾਈ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਮਿਲ ਕੇ ਕਰਨਗੇ। ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਕਾਰਨ ਹੁਣ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਹੀਂ ਰਹੇ।

ਅਕਾਲੀ ਹਲਕਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਨੇ ਅਕਾਲੀ ਦਲ ਤੇ ਭਾਜਪਾ ਵਿਧਾਇਕਾਂ ਨਾਲ ਮੀਟਿੰਗਾਂ ਕਰਕੇ ਇਜਲਾਸ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਜਦੋਂ ਮਜੀਠੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਜਲਾਸ ਵਿਚ ਅਸੀਂ ਸਾਰੇ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕ ਮਿਲ ਕੇ ਲੋਕਾਂ ਦੇ ਮੁੱਦੇ ਉਠਾਵਾਂਗੇ ਅਤੇ ਕੁੰਭਕਰਨੀ ਦੀ ਨੀਂਦ ਸੁੱਤੀ ਪਈ ਕਾਂਗਰਸ ਸਰਕਾਰ ਨੂੰ ਜਗਾਵਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਧਾਇਕਾਂ ਨਾਲ ਇਜਲਾਸ ਦੀ ਰਣਨੀਤੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਟਿੰਗ ਕਰਨਗੇ ਅਤੇ ਇਜਲਾਸ 'ਚ ਉਠਾਏ ਜਾਣ ਵਾਲੇ ਮੁੱਦਿਆਂ 'ਤੇ ਚਰਚਾ ਕਰਨਗੇ ਅਸੀਂ ਪਹਿਲਾਂ ਤਿਆਰੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਇਜਲਾਸ ਸਰਕਾਰ ਨੇ ਜਾਣਬੁੱਝ ਕੇ ਏਨਾ ਛੋਟਾ ਰੱਖਿਆ ਹੈ ਕਿ ਲੋਕਾਂ ਦੇ ਮੁੱਦੇ ਅਸੀਂ ਉਠਾ ਨਾ ਸਕੀਏ। ਅਸੀਂ ਵਿਧਾਨ ਸਭਾ ਦੇ ਸਪੀਕਰ ਕੋਲੋਂ ਮੰਗ ਕੀਤੀ ਹੈ ਕਿ ਇਜਲਾਸ ਦਾ ਸਮਾਂ ਘੱਟੋ-ਘੱਟ 15 ਦਿਨ ਵਧਾਇਆ ਜਾਵੇੇ। ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਘੱਗਰ ਦਰਿਆ ਦੀ ਮਾਰ ਕਾਰਨ ਕਿਸਾਨਾਂ ਦੀ ਲੱਖਾਂ ਏਕੜ ਫ਼ਸਲ, ਪਸ਼ੂਆਂ ਅਤੇ ਘਰਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਮੁੱਦਾ ਵੀ ਇਜਲਾਸ ਵਿਚ ਚੁੱਕਿਆ ਜਾਵੇਗਾ। ਇਸ ਤੋਂ ਇਲਾਵਾ ਕਾਂਗਰਸ ਸਰਕਾਰ ਕਿਸਾਨਾਂ ਨਾਲ ਕਰਜ਼ਾ-ਕੁਰਕੀ ਖ਼ਤਮ ਕਰਨ ਦੇ ਆਪਣੇ ਝੂਠੇ ਵਾਅਦੇ ਤੋਂ ਭੱਜੀ ਗਈ ਹੈ। ਪੰਜਾਬ ਵਿਚ ਕੈਪਟਨ ਸਰਕਾਰ ਦੇ ਰਾਜ ਵਿਚ ਇਕ ਹਜ਼ਾਰ ਤੋਂ ਵੱਧ ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ।

ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦੇ ਆਪਣੇ ਵਾਅਦੇ ਤੋਂ ਵੀ ਪਲਟ ਗਈ ਹੈ। ਤਿੰਨ ਸਾਲ ਦੇ ਰਾਜਭਾਗ ਦੌਰਾਨ ਨਾ ਤਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਅਤੇ ਨਾ ਹੀ ਚੋਣ ਮੈਨੀਫੈਸਟੋ ਵਿਚ ਕੀਤਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਜਲਾਸ ਵਿਚ ਐੱਸਸੀ/ਬੀਸੀ ਗਰੀਬ ਬੱਚਿਆਂ ਦੇ ਵਜ਼ੀਫਿਆਂ ਦਾ ਮੁੱਦਾ ਵੀ ਜ਼ੋਰਸ਼ੋਰ ਨਾਲ ਉਠਾਇਆ ਜਾਵੇਗਾ।

ਮਜੀਠੀਆ ਨੇ ਕਿਹਾ ਕਿ ਸੂਬੇ 'ਚ ਨਸ਼ਿਆਂ ਕਾਰਨ ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਕਾਂਗਰਸ ਸਰਕਾਰ ਸੁੱਤੀ ਪਈ ਹੈ। ਅਸੀਂ ਨਸ਼ਿਆਂ ਦਾ ਮੁੱਦਾ ਵੀ ਵਿਧਾਨ ਸਭਾ ਵਿਚ ਉਠਾਉਣ ਲਈ ਸਪੀਕਰ ਤੋਂ ਵਿਸ਼ੇਸ਼ ਸਮੇਂ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਦੇ ਮਸਲੇ, ਕਾਂਗਰਸੀਆਂ ਦੀ ਸ਼ੈਅ 'ਤੇ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ, ਬਿਜਲੀ ਲਗਾਤਾਰ ਵਧਾਏ ਜਾ ਰਹੇ ਰੇਟਾਂ, ਅਮਨ ਕਾਨੂੰਨ ਦੀ ਖ਼ਸਤਾ ਹੋਈ ਹਾਲਤ ਕਾਰਨ ਆਏ ਦਿਨ ਹੋ ਰਹੇ ਕਾਤਲਾਂ, ਅਗਵਾ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਿਚ ਹੋਏ ਵਾਧੇ ਦੇ ਮੁੱਦੇ ਜ਼ੋਰਸ਼ੋਰ ਨਾਲ ਉਠਾਏ ਜਾਣਗੇ।

ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ-ਦੂਜੇ ਨਾਲ ਮਿਲ ਕੇ ਦੋਸਤਾਨਾ ਮੈਚ ਖੇਡ ਰਹੀਆਂ ਹਨ। ਆਪ ਦੇ ਅੱਧੀ ਦਰਜਨ ਦੇ ਕਰੀਬ ਵਿਧਾਇਕਾਂ ਨੂੰ ਅਸਤੀਫ਼ਾ ਦਿੱਤਿਆਂ ਲਗਭਗ ਇੱਕ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਕਾਂਗਰਸ ਦੇ ਇਸ਼ਾਰੇ 'ਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਦੇ ਅਸਤੀਫੇ ਮਨਜ਼ੂਰ ਨਹੀਂ ਕੀਤੇ ਜਾ ਰਹੇ।