- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅਗਲੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਵਿਸ਼ੇਸ਼ ਤੌਰ 'ਤੇ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਗਿਆ ਹੈ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਲਿਆ ਫ਼ੈਸਲਾ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅਗਲੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਵਿਸ਼ੇਸ਼ ਤੌਰ 'ਤੇ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਗਿਆ ਹੈ, ਤਾਂ ਜੋ ਚੋਣ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਵਿੱਚ ਕੋਈ ਵਿਘਨ ਨਾ ਪਵੇ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਬੋਰਡ ਵੱਲੋਂ ਜਾਰੀ ਕੀਤੇ ਗਏ ਵੇਰਵਿਆਂ ਅਨੁਸਾਰ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਇਕੋ ਸਮੇਂ 08 ਜਨਵਰੀ ਤੋਂ 20 ਜਨਵਰੀ, 2027 ਤੱਕ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ ਲਿਖਤੀ ਪ੍ਰੀਖਿਆਵਾਂ ਦਾ ਦੌਰ ਸ਼ੁਰੂ ਹੋਵੇਗਾ, ਜਿਸ ਤਹਿਤ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 05 ਮਾਰਚ, 2027 ਤੋਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਮਾਰਚ, 2027 ਤੋਂ ਆਰੰਭ ਹੋਣਗੀਆਂ।
ਪ੍ਰੀਖਿਆਵਾਂ ਦਾ ਮੁਕੰਮਲ ਵੇਰਵਾ ਹੇਠ ਲਿਖੇ ਅਨੁਸਾਰ ਹੈ:
| ਜਮਾਤ | ਪ੍ਰੈਕਟੀਕਲ ਪ੍ਰੀਖਿਆਵਾਂ | ਲਿਖਤੀ ਪ੍ਰੀਖਿਆਵਾਂ |
| ਅੱਠਵੀਂ | 08 ਜਨਵਰੀ ਤੋਂ 20 ਜਨਵਰੀ, 2027 | 05 ਮਾਰਚ ਤੋਂ 18 ਮਾਰਚ, 2027 |
| ਦਸਵੀਂ | 08 ਜਨਵਰੀ ਤੋਂ 20 ਜਨਵਰੀ, 2027 | 19 ਮਾਰਚ ਤੋਂ 20 ਅਪ੍ਰੈਲ, 2027 |
| ਬਾਰ੍ਹਵੀਂ | 08 ਜਨਵਰੀ ਤੋਂ 20 ਜਨਵਰੀ, 2027 | 05 ਮਾਰਚ ਤੋਂ 23 ਅਪ੍ਰੈਲ, 2027 |
ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਇਸ ਸ਼ਡਿਊਲ ਵਿੱਚ ਓਪਨ ਸਕੂਲ ਪ੍ਰਣਾਲੀ ਅਧੀਨ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹਨ। ਵਿਸ਼ਾ-ਵਾਰ ਵਿਸਤ੍ਰਿਤ ਡੇਟਸ਼ੀਟ ਬੋਰਡ ਵੱਲੋਂ ਵੱਖਰੇ ਤੌਰ 'ਤੇ ਜਾਰੀ ਕੀਤੀ ਜਾਵੇਗੀ, ਜਿਸ ਨੂੰ ਵਿਦਿਆਰਥੀ ਅਤੇ ਅਧਿਆਪਕ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ਤੋਂ ਡਾਊਨਲੋਡ ਕਰ ਸਕਣਗੇ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਉਹ ਪ੍ਰੀਖਿਆਵਾਂ ਦੀ ਤਿਆਰੀ ਲਈ ਮਿਲੇ ਇਸ ਕੀਮਤੀ ਸਮੇਂ ਦੀ ਸੁਚੱਜੀ ਵਰਤੋਂ ਕਰਨ, ਆਪਣਾ ਆਤਮ-ਵਿਸ਼ਵਾਸ ਬਣਾਈ ਰੱਖਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਲਗਨ ਤੇ ਸਖ਼ਤ ਮਿਹਨਤ ਨਾਲ ਜੁੱਟ ਜਾਣ। ਡਾ. ਸਿੰਘ ਨੇ ਭਰੋਸਾ ਦਿਵਾਇਆ ਕਿ ਬੋਰਡ ਸੂਬੇ ਭਰ ਵਿੱਚ ਪ੍ਰੀਖਿਆਵਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।