
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਰਗਟ ਸਿੰਘ ਨੇ ਕਿਹਾ ਕਿ ਜਦੋਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੀਆਂ ਸਰਹੱਦਾਂ ’ਤੇ ਮੁੜ ਇਸ ਤਰ੍ਹਾਂ ਦੀ ਬੈਰੀਕੇਡਿੰਗ ਕੀਤੀ ਜਾ ਰਹੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਸਮਝ ਤੋਂ ਪਰੇ ਹੈ। ਪੰਜਾਬ ਸਰਕਾਰ ਨੂੰ ਤੁਰੰਤ ਇਹ ਮਾਮਲਾ ਹਰਿਆਣਾ ਸਰਕਾਰ ਕੋਲ ਅਧਿਕਾਰਤ ਤੌਰ ’ਤੇ ਉਠਾਉਣਾ ਚਾਹੀਦਾ ਸੀ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਮੁੜ ਕੰਕਰੀਟ ਬੈਰੀਕੇਡ ਲਗਾ ਕੇ ਰਸਤੇ ਬੰਦ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ’ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਕੀ ਇੱਕ ਸੂਬੇ ਦੀ ਸਰਕਾਰ ਦੂਜੇ ਸੂਬੇ ਦੇ ਲੋਕਾਂ ਦੀ ਆਵਾਜਾਈ ਨੂੰ ਇਸ ਤਰ੍ਹਾਂ ਕੰਕਰੀਟ ਦੀਆਂ ਕੰਧਾਂ ਖੜ੍ਹੀਆਂ ਕਰਕੇ ਰੋਕ ਸਕਦੀ ਹੈ?
ਪਰਗਟ ਸਿੰਘ ਨੇ ਕਿਹਾ ਕਿ ਜਦੋਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੀਆਂ ਸਰਹੱਦਾਂ ’ਤੇ ਮੁੜ ਇਸ ਤਰ੍ਹਾਂ ਦੀ ਬੈਰੀਕੇਡਿੰਗ ਕੀਤੀ ਜਾ ਰਹੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਸਮਝ ਤੋਂ ਪਰੇ ਹੈ। ਪੰਜਾਬ ਸਰਕਾਰ ਨੂੰ ਤੁਰੰਤ ਇਹ ਮਾਮਲਾ ਹਰਿਆਣਾ ਸਰਕਾਰ ਕੋਲ ਅਧਿਕਾਰਤ ਤੌਰ ’ਤੇ ਉਠਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਨੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਕੋਲ ਕੋਈ ਇਤਰਾਜ਼ ਕਿਉਂ ਦਰਜ ਨਹੀਂ ਕਰਵਾਇਆ।
ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਪ੍ਰਬੰਧ ਜ਼ਰੂਰੀ ਹਨ ਤਾਂ ਸਰਕਾਰਾਂ ਦੀ ਇਹ ਵੀ ਜ਼ਿੰਮੇਵਾਰੀ ਹੈ ਕਿ ਆਮ ਲੋਕਾਂ ਦੀ ਆਵਾਜਾਈ, ਵਪਾਰ ਅਤੇ ਰੋਜ਼ਾਨਾ ਜੀਵਨ ਬੇਵਜ੍ਹਾ ਪ੍ਰਭਾਵਿਤ ਨਾ ਹੋਵੇ। ਪੰਜਾਬ ਨਾਲ ਲੱਗਦੇ ਹਰਿਆਣਾ ਦੇ ਸਰਹੱਦੀ ਇਲਾਕਿਆਂ ਵਿੱਚ ਭਾਰੀ ਬੈਰੀਕੇਡਿੰਗ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਅੰਤਰ-ਰਾਜੀ ਆਵਾਜਾਈ ਦੇ ਰਸਤੇ ਇਸ ਤਰ੍ਹਾਂ ਲੰਬੇ ਸਮੇਂ ਤੱਕ ਬੰਦ ਰੱਖਣ ਦਾ ਸਪੱਸ਼ਟ ਕਾਨੂੰਨੀ ਆਧਾਰ ਕੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਨਾਗਰਿਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ, ਇਸ ਬਾਰੇ ਵੀ ਜਨਤਾ ਨੂੰ ਜਾਣੂ ਕਰਵਾਇਆ ਜਾਵੇ।