ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਦੌਰਾਨ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 79 ਆਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਨੂੰ ਸੁਚਾਰੂ ਕਰਨ ਲਈ ਨਵੇਂ ਜੂਡੀਸ਼ੀਅਲ ਅਫਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ। ਕੈਬਨਿਟ ਦੀ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ।

ਵਿੱਤੀ ਕਮਿਸ਼ਨਰਜ਼ ਦੇ ਸਕੱਤਰੇਤ ਸੇਵਾ ਨਿਯਮਾਂ ਵਿੱਚ ਸੋਧ

ਕੈਬਨਿਟ ਨੇ ਪੰਜਾਬ ਵਿੱਤੀ ਕਮਿਸ਼ਨਰਜ਼ ਦੇ ਸਕੱਤਰੇਤ (ਗਰੁੱਪ-ਏ) ਦੇ ਸੇਵਾ ਨਿਯਮ-2016 ਦੇ ਨਿਯਮ 7(2) ਅਤੇ ਪੰਜਾਬ ਵਿੱਤੀ ਕਮਿਸ਼ਨਰਜ਼ ਦੇ ਸਕੱਤਰੇਤ (ਗਰੁੱਪ-ਬੀ) ਦੇ ਸੇਵਾ ਨਿਯਮ-2018 ਵਿੱਚ ਸੋਧ ਕਰ ਦਿੱਤੀ ਹੈ ਤਾਂ ਜੋ ਪੰਜਾਬ ਸਿਵਲ ਸੇਵਾ (ਸਜ਼ਾ ਤੇ ਅਪੀਲ) ਨਿਯਮ-1970 ਦੇ ਮਾਮਲਿਆਂ ਵਿੱਚ ਸਜ਼ਾ ਅਧਿਕਾਰੀ ਤੇ ਅਪੀਲੀ ਅਥਾਰਟੀ ਬਾਰੇ ਵਿੱਤ ਕਮਿਸ਼ਨਰਜ਼ ਸਕੱਤਰੇਤ ਦੇ ਮੁਲਾਜ਼ਮਾਂ ਨੂੰ ਹੋਰ ਸਪੱਸ਼ਟਤਾ ਹੋਵੇ।

ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ ਪੰਜਾਬ ਕੈਬਨਿਟ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2018-19, 2019-20 ਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਤੋਂ ਇਲਾਵਾ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀ ਸਾਲ 2020-21 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

Posted By: Jagjit Singh