- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Punjab Cabinet Meeting : ਪੰਜਾਬ 'ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਦੀ ਦਿਸ਼ਾ ਵਿਚ ਭਗਵੰਤ ਮਾਨ ਸਰਕਾਰ ਨੇ ਸ਼ਨੀਵਾਰ ਨੂੰ ਕਈ ਅਹਿਮ ਫੈਸਲੇ ਲਏ।

ਰੋਹਿਤ ਕੁਮਾਰ, ਚੰਡੀਗੜ੍ਹ : ਪੰਜਾਬ 'ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਦੀ ਦਿਸ਼ਾ 'ਚ ਮਾਨ ਸਰਕਾਰ ਨੇ ਸ਼ਨੀਵਾਰ ਨੂੰ ਕਈ ਅਹਿਮ ਫੈਸਲੇ ਲਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ 'ਚ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ 'ਚ 251 ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿਚ ਚਮਕੌਰ ਸਾਹਿਬ ਦੇ ਸਬ-ਡਿਵੀਜ਼ਨਲ ਹਸਪਤਾਲ ਲਈ 33, ਮਾਲੇਰਕੋਟਲਾ ਦੇ ਸਿਹਤ ਵਿਭਾਗ ਲਈ 19, ਮੈਡੀਕਲ ਅਤੇ ਡੈਂਟਲ ਅਫਸਰਾਂ ਦੇ 80 ਅਤੇ ਸਬ-ਡਿਵੀਜ਼ਨਲ ਹਸਪਤਾਲਾਂ ਤੇ ਨਵੇਂ ਮਦਰ ਐਂਡ ਚਾਈਲਡ ਹੈਲਥ ਸੈਂਟਰਾਂ ਲਈ 119 ਅਹੁਦੇ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਵਿਚ ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਵੀ ਮਨਜ਼ੂਰੀ ਦਿੱਤੀ ਗਈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਨਵੇਂ ਅਹੁਦੇ ਸਿਰਜਣ ਦਾ ਉਦੇਸ਼ ਸਰਕਾਰੀ ਸੰਸਥਾਵਾਂ 'ਚ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਚਮਕੌਰ ਸਾਹਿਬ ਦੇ ਸਬ-ਡਿਵੀਜ਼ਨਲ ਹਸਪਤਾਲ ਵਿਚ 33 ਅਹੁਦੇ ਸਿਰਜੇ ਗਏ ਹਨ। ਸਰਕਾਰ ਮੁਤਾਬਕ ਇਸ ਨਾਲ ਹਸਪਤਾਲ ਵਿਚ ਮੈਡੀਕਲ ਸਟਾਫ ਦੀ ਘਾਟ ਦੂਰ ਹੋਵੇਗੀ ਅਤੇ ਇਲਾਕੇ ਦੇ ਲੋਕਾਂ ਨੂੰ ਬਿਹਤਰ ਇਲਾਜ ਮਿਲ ਸਕੇਗਾ।
ਮਾਲੇਰਕੋਟਲਾ 'ਚ ਸਿਹਤ ਵਿਭਾਗ ਲਈ 19 ਨਵੇਂ ਅਹੁਦੇ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਵਿਚ ਮੁੱਖ ਮੈਡੀਕਲ ਅਫਸਰ, ਸਹਾਇਕ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸਮੇਤ ਹੋਰ ਅਹੁਦੇ ਸ਼ਾਮਲ ਹਨ। ਨਵਾਂ ਜ਼ਿਲ੍ਹਾ ਬਣਨ ਤੋਂ ਬਾਅਦ ਸਿਹਤ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਇਨ੍ਹਾਂ ਅਹੁਦਿਆਂ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਸੂਬੇ ਦੇ ਸਿਹਤ ਸੰਸਥਾਨਾਂ ਵਿਚ ਡਾਕਟਰਾਂ ਦੀ ਉਪਲਬਧਤਾ ਵਧਾਉਣ ਲਈ ਮੈਡੀਕਲ ਅਫਸਰਾਂ ਅਤੇ ਡੈਂਟਲ ਅਫਸਰਾਂ ਦੇ 80 ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਥੇ ਹੀ ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਨਵੇਂ ਮਦਰ ਐਂਡ ਚਾਈਲਡ ਹੈਲਥ ਸੈਂਟਰਾਂ ਲਈ 119 ਅਹੁਦੇ ਸਿਰਜੇ ਗਏ ਹਨ। ਇਸ ਨਾਲ ਸਿਹਤ ਸੰਸਥਾਵਾਂ ਵਿਚ ਲੋੜੀਂਦਾ ਸਟਾਫ ਮੁਹੱਈਆ ਕਰਵਾਉਣ ਵਿਚ ਮਦਦ ਮਿਲੇਗੀ।
ਕੈਬਨਿਟ ਨੇ ਖੁਰਾਕੀ ਅਨਾਜ ਨਾਲ ਸਬੰਧਤ ਨੀਤੀਆਂ ਨੂੰ ਵੀ ਮਨਜ਼ੂਰੀ ਦਿੱਤੀ। ਇਨ੍ਹਾਂ ਵਿਚ ਪੰਜਾਬ ਕਸਟਮ ਮਿਲਿੰਗ ਪਾਲਿਸੀ, ਖਰੀਦ ਮਾਰਕੀਟਿੰਗ ਸੀਜ਼ਨ-2026, ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ-2027 ਅਤੇ ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ-2027 ਸ਼ਾਮਲ ਹਨ ਸਰਕਾਰ ਮੁਤਾਬਕ ਇਨ੍ਹਾਂ ਨੀਤੀਆਂ ਨਾਲ ਅਨਾਜ ਦੀ ਖਰੀਦ, ਢੋਆ-ਢੁਆਈ ਅਤੇ ਲੇਬਰ ਵਿਵਸਥਾ ਨੂੰ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੈੱਸ ਕਾਨਫ਼ਰੰਸ, ਚੰਡੀਗੜ੍ਹ ਤੋਂ Live https://t.co/abPWeklDrW
— AAP Punjab (@AAPPunjab) September 5, 2026