- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਨੇ ਆਕਾਸ਼ ਬੱਤਾ ਨੂੰ ਸੰਮਨ ਜਾਰੀ ਕੀਤਾ ਹੈ। ਰਿਸ਼ਵਤ ਮਾਮਲੇ ਵਿੱਚ ਦੋਸ਼ ਤੈਅ ਹੋਣ ਤੋਂ ਬਾਅਦ ਹੁਣ ਸ਼ਿਕਾਇਤਕਰਤਾ ਦੀ ਗਵਾਹੀ ਮੁਕੱਦਮੇ ਦੀ ਅਹਿਮ ਕੜੀ ਮੰਨੀ ਜਾ ਰਹੀ ਹੈ। ਸੀਬੀਆਈ ਮੁਤਾਬਕ, ਬੱਤਾ ਨੇ ਸ਼ਿਕਾਇਤ ਦਿੱਤੀ ਸੀ ਕਿ ਇੱਕ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਡਰ ਦਿਖਾ ਕੇ ਉਨ੍ਹਾਂ ਤੋਂ ਅੱਠ ਲੱਖ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਸੀ।

ਰਵੀ ਅਟਵਾਲ, ਚੰਡੀਗੜ੍ਹ : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਅੱਠ ਲੱਖ ਰੁਪਏ ਦੇ ਰਿਸ਼ਵਤ ਕਾਂਡ ਦਾ ਪੂਰਾ ਸੱਚ ਹੁਣ 24 ਸਤੰਬਰ ਨੂੰ ਸਾਹਮਣੇ ਆਵੇਗਾ। ਮੰਡੀ ਗੋਬਿੰਦਗੜ੍ਹ ਦੇ ਵਪਾਰੀ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਪਹਿਲੀ ਵਾਰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਹੋਣਗੇ।
ਅਦਾਲਤ ਨੇ ਆਕਾਸ਼ ਬੱਤਾ ਨੂੰ ਸੰਮਨ ਜਾਰੀ ਕੀਤਾ ਹੈ। ਰਿਸ਼ਵਤ ਮਾਮਲੇ ਵਿੱਚ ਦੋਸ਼ ਤੈਅ ਹੋਣ ਤੋਂ ਬਾਅਦ ਹੁਣ ਸ਼ਿਕਾਇਤਕਰਤਾ ਦੀ ਗਵਾਹੀ ਮੁਕੱਦਮੇ ਦੀ ਅਹਿਮ ਕੜੀ ਮੰਨੀ ਜਾ ਰਹੀ ਹੈ। ਸੀਬੀਆਈ ਮੁਤਾਬਕ, ਬੱਤਾ ਨੇ ਸ਼ਿਕਾਇਤ ਦਿੱਤੀ ਸੀ ਕਿ ਇੱਕ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਡਰ ਦਿਖਾ ਕੇ ਉਨ੍ਹਾਂ ਤੋਂ ਅੱਠ ਲੱਖ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਸੀ।
ਸ਼ਿਕਾਇਤ ਦੇ ਆਧਾਰ ’ਤੇ ਸੀਬੀਆਈ ਨੇ ਕਾਰਵਾਈ ਕਰਦਿਆਂ ਤਤਕਾਲੀ ਡੀਆਈਜੀ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਜੇਕਰ ਬੱਤਾ ਨੇ ਭੁੱਲਰ ਅਤੇ ਵਿਚੋਲੇ ਖ਼ਿਲਾਫ਼ ਬਿਆਨ ਦਿੱਤਾ ਤਾਂ ਦੋਵਾਂ ਮੁਲਜ਼ਮਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦੂਜੇ ਪਾਸੇ, ਸੀਬੀਆਈ ਲਈ ਵੀ ਸ਼ਿਕਾਇਤਕਰਤਾ ਨੂੰ ਉਸ ਦੇ ਪੁਰਾਣੇ ਬਿਆਨਾਂ ’ਤੇ ਕਾਇਮ ਰੱਖਣਾ ਵੱਡੀ ਚੁਣੌਤੀ ਹੋਵੇਗੀ।
ਭੁੱਲਰ ਦੇ ਘਰੋਂ ਮਿਲੀ ਸੀ ਸਾਢੇ ਸੱਤ ਕਰੋੜ ਰੁਪਏ ਦੀ ਨਕਦੀ
ਪਿਛਲੇ ਸਾਲ ਸੀਬੀਆਈ ਨੇ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਸੈਕਟਰ-40 ਸਥਿਤ ਘਰ ’ਤੇ ਛਾਪੇਮਾਰੀ ਕੀਤੀ ਗਈ ਸੀ। ਸੀਬੀਆਈ ਨੇ ਉੱਥੋਂ ਲਗਪਗ ਸਾਢੇ ਸੱਤ ਕਰੋੜ ਰੁਪਏ ਦੀ ਨਕਦੀ, ਕਰੀਬ ਢਾਈ ਕਿਲੋ ਸੋਨਾ ਅਤੇ ਮਹਿੰਗੀਆਂ ਘੜੀਆਂ ਬਰਾਮਦ ਕੀਤੀਆਂ ਸਨ।
ਸੀਬੀਆਈ ਨੇ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਵੱਖਰਾ ਮਾਮਲਾ ਵੀ ਦਰਜ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।
ਦੋਸ਼ਮੁਕਤ ਕਰਨ ਦੀ ਅਰਜ਼ੀ ਹੋ ਚੁੱਕੀ ਹੈ ਖਾਰਜ
ਇਸ ਮਾਮਲੇ ਵਿੱਚ ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਨੇ ਸੀਬੀਆਈ ਅਦਾਲਤ ਵਿੱਚ ਦੋਸ਼ਮੁਕਤ ਕੀਤੇ ਜਾਣ ਦੀ ਅਰਜ਼ੀ ਦਾਇਰ ਕੀਤੀ ਸੀ। ਦੋਵਾਂ ਵੱਲੋਂ ਸੀਬੀਆਈ ਦੀ ਕਾਰਵਾਈ ਅਤੇ ਅਧਿਕਾਰ ਖੇਤਰ ਨੂੰ ਲੈ ਕੇ ਸਵਾਲ ਉਠਾਏ ਗਏ ਸਨ।
ਹਾਲਾਂਕਿ, ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਡਿਸਚਾਰਜ ਅਰਜ਼ੀ ਖਾਰਜ ਕਰ ਦਿੱਤੀ ਸੀ। ਦੋਵੇਂ ਮੁਲਜ਼ਮ ਇਸ ਸਮੇਂ ਜੇਲ੍ਹ ਵਿੱਚ ਹਨ। ਜ਼ਮਾਨਤ ਲਈ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ।