- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਭਾਵਨਾ ਜਤਾਈ ਜਾ ਰਹੀ ਹੈ ਕਿ ਬਠਿੰਡਾ ਵਿੱਚ ਦੋਵੇਂ ਪਾਰਟੀਆਂ ਦੀ ਸਾਂਝੀ ਰੈਲੀ ਹੋ ਸਕਦੀ ਹੈ, ਜਿਸ ਦੌਰਾਨ ਗਠਜੋੜ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ, ਅਜੇ ਤੱਕ ਕਿਸੇ ਵੀ ਪਾਰਟੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

ਰਮਨਜੀਤ ਸਿੰਘ ਮਣਕੂ, ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 15 ਤੋਂ 22 ਨਵੰਬਰ ਦਰਮਿਆਨ ਪੰਜਾਬ ਦੌਰੇ ਦੀ ਚਰਚਾ ਦੇ ਨਾਲ ਹੀ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਸੰਭਾਵਨਾ ਜਤਾਈ ਜਾ ਰਹੀ ਹੈ ਕਿ ਬਠਿੰਡਾ ਵਿੱਚ ਦੋਵੇਂ ਪਾਰਟੀਆਂ ਦੀ ਸਾਂਝੀ ਰੈਲੀ ਹੋ ਸਕਦੀ ਹੈ, ਜਿਸ ਦੌਰਾਨ ਗਠਜੋੜ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ, ਅਜੇ ਤੱਕ ਕਿਸੇ ਵੀ ਪਾਰਟੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।
ਗਠਜੋੜ ਦੀਆਂ ਅਟਕਲਾਂ ਨੂੰ ਸਭ ਤੋਂ ਵੱਧ ਹਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਤੋਂ ਮਿਲੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਇਸ ਵਾਰ ਐੱਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ।
ਇਸ ਤੋਂ ਅਗਲੇ ਹੀ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਉਨ੍ਹਾਂ ਸਿਆਸੀ ਧਿਰਾਂ ਨਾਲ ਗਠਜੋੜ ਕਰਨ ਲਈ ਤਿਆਰ ਹੈ, ਜੋ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨਾਲ ਸਹਿਮਤ ਹੋਣ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਸਮਝੌਤੇ ਤੋਂ ਸਪੱਸ਼ਟ ਇਨਕਾਰ ਕੀਤਾ ਸੀ।
ਹਾਲਾਂਕਿ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਜੇ ਤੱਕ ਗਠਜੋੜ ਸਬੰਧੀ ਕਿਸੇ ਵੀ ਫ਼ੈਸਲੇ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪਾਰਟੀ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।
ਸੀਟਾਂ ਦੀ ਵੰਡ ’ਤੇ ਲੱਗ ਰਹੀਆਂ ਅਟਕਲਾਂ?
ਗਠਜੋੜ ਵਿੱਚ 70-47 ਦੇ ਫਾਰਮੂਲੇ ਦੀ ਚਰਚਾ ਚੱਲ ਰਹੀ ਹੈ। ਇਸ ਤਹਿਤ ਅਕਾਲੀ ਦਲ 70 ਅਤੇ ਭਾਜਪਾ 47 ਸੀਟਾਂ ’ਤੇ ਚੋਣ ਲੜ ਸਕਦੀ ਹੈ। ਸੀਟਾਂ ਦੀ ਵੰਡ ਹੀ ਦੋਵਾਂ ਪਾਰਟੀਆਂ ਵਿਚਾਲੇ ਸਭ ਤੋਂ ਵੱਡਾ ਪੇਚ ਬਣੀ ਹੋਈ ਹੈ।
ਜਾਖੜ ਨੇ ਮੁੜ ਕੀਤਾ ਗਠਜੋੜ ਦਾ ਸਮਰਥਨ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਹਾਲ ਹੀ ਵਿੱਚ ਇਕ ਵਾਰ ਫਿਰ ਗਠਜੋੜ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਚੋਣਾਂ ਦਾ ਗਣਿਤ ਨਹੀਂ, ਸਗੋਂ ਹਿੰਦੂ-ਸਿੱਖ ਭਾਈਚਾਰੇ ਨੂੰ ਬਚਾਉਣ ਦਾ ਸਵਾਲ ਹੈ।
ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਇਕ ਵਾਰ ਫਿਰ ਅਜਿਹੀਆਂ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਦੇਖਣ ਨੂੰ ਮਿਲ ਰਹੀ ਹੈ, ਜੋ ਅੱਤਵਾਦ ਦੇ ਕਾਲੇ ਦੌਰ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਫ਼ੈਸਲਾ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਅਗਸਤ ਵਿੱਚ ਸੰਸਦ ਭਵਨ ਵਿਖੇ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਤੋਂ ਬਾਅਦ ਹੀ ਦੋਵਾਂ ਪਾਰਟੀਆਂ ਵਿਚਾਲੇ ਸੁਲ੍ਹਾ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵੱਖ ਹੋਏ ਧੜਿਆਂ ਦੀ ਵੀ ਵਾਪਸੀ ਹੋ ਰਹੀ ਹੈ।
ਫਿਲਹਾਲ ਦੋਵੇਂ ਪਾਰਟੀਆਂ ਅਧਿਕਾਰਤ ਤੌਰ ’ਤੇ ‘ਗੱਲਬਾਤ ਜਾਰੀ ਹੈ’ ਤੋਂ ਅੱਗੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀਆਂ ਹਨ। ਪਰ ਬਠਿੰਡਾ ਦੌਰੇ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਕਿਆਸਅਰਾਈਆਂ ਤੋਂ ਸੰਕੇਤ ਮਿਲ ਰਹੇ ਹਨ ਕਿ ਨਵੰਬਰ ਦਾ ਤੀਜਾ ਹਫ਼ਤਾ ਪੰਜਾਬ ਦੀ ਸਿਆਸਤ ਲਈ ਅਹਿਮ ਹੋ ਸਕਦਾ ਹੈ।