ਜਾ.ਸ., ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਗੇ। ਚੰਡੀਗੜ੍ਹ ਪੁਲਿਸ ਨਾਲ ਹੱਥੋਪਾਈ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਪੁਲਿਸ ਨਾਲ ਹੱਥੋਪਾਈ ਦੀ ਇਹ ਘਟਨਾ ਸਾਬਕਾ ਕਾਂਗਰਸ ਸਰਕਾਰ ਵੇਲੇ ਵਾਪਰੀ ਸੀ। ਉਸ ਸਮੇਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਇਸ ਧਰਨੇ ਦੌਰਾਨ ਪੁਲੀਸ ਨਾਲ ‘ਆਪ’ ਆਗੂਆਂ ਤੇ ਵਰਕਰਾਂ ਦੀ ਝੜਪ ਵੀ ਹੋਈ ਤੇ ਇਸ ਵਿੱਚ ਕਈ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿੱਚ ਭਗਵੰਤ ਮਾਨ, ਚੀਮਾ ਸਮੇਤ ਕਈ ਤਤਕਾਲੀ ਵਿਧਾਇਕ ਅਤੇ ਮੌਜੂਦਾ ਮੰਤਰੀ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਹਨ।

ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ 10.30 ਵਜੇ ਤੱਕ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਗੇ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ ਮਾਨ ਜ਼ਿਲ੍ਹਾ ਅਦਾਲਤ ਵਿੱਚ ਪਹੁੰਚ ਚੁੱਕੇ ਹਨ। ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਵੀ ਅਦਾਲਤ ਵਿੱਚ ਮੌਜੂਦ ਹਨ। ਉਕਤ ਮਾਮਲੇ ਵਿੱਚ ਸੀਐਮ ਮਾਨ ਨੂੰ ਪਹਿਲਾਂ ਹੀ ਜ਼ਮਾਨਤ ਮਿਲੀ ਹੋਈ ਹੈ ਅਤੇ ਇਸ ਮਾਮਲੇ ਦੀ ਤਰੀਕ ਅੱਗੇ ਪੈ ਗਈ ਹੈ।

Posted By: Tejinder Thind