ਵਰ੍ਹਦੇ ਮੀਂਹ ਤੇ ਕਾਂਗਰਸੀ ਆਗੂਆਂ ਦੀ ਹਾਜ਼ਰੀ ਚ ਪਰਗਟ ਨੇ ਸੰਭਾਲਿਆ ਅਹੁਦਾ ਵਰਦੇ ਮੀਂਹ ਤੇ ਕਾਂਗਰਸੀ ਆਗੂਆਂ ਦੀ ਹਾਜ਼ਰੀ ਚ ਪਰਗਟ ਨੇ ਸੰਭਾਲਿਆ ਅਹੁਦਾ
Publish Date: Sun, 11 Oct 2026 07:03 PM (IST)
Updated Date: Mon, 12 Oct 2026 04:05 AM (IST)
- ਕਿਹਾ, ਕਿਸਾਨਾਂ, ਨੌਜਵਾਨਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ - ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੰਦਿਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰੇਗੀ ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਐਤਵਾਰ ਨੂੰ ਇੱਥੇ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਦਿਆਂ ਪੰਜਾਬ ਵਾਸੀਆਂ ਦੇ ਹੱਕਾਂ, ਸਨਮਾਨ ਤੇ ਬਿਹਤਰ ਭਵਿੱਖ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ। ਭਾਰੀ ਮੀਂਹ ਦੇ ਬਾਵਜੂਦ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੌਜੂਦਗੀ ਨੇ ਸਮਾਗਮ ’ਚ ਉਤਸ਼ਾਹ ਬਣਾਈ ਰੱਖਿਆ। ਪੰਜਾਬ ਕਾਂਗਰਸ ਦੇ ਇੰਚਾਰਜ ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਪਰਗਟ ਸਿੰਘ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਇਹੀ ਸੰਦੇਸ਼ ਪੰਜਾਬ ਦੀ ਸਿਆਸਤ ਤੇ ਸਮਾਜ ਦਾ ਆਧਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਸਲ ਤਾਕਤ ਇੱਥੋਂ ਦੇ ਆਮ ਲੋਕ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜ਼ਿੰਮੇਵਾਰੀ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਣਾ ਵੀ ਹੈ। ਕਿਸਾਨਾਂ ਤੋਂ ਲੈ ਕੇ ਨੌਜਵਾਨਾਂ ਤੱਕ, ਹਰ ਵਰਗ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡੀ ਜ਼ਿੰਮੇਵਾਰੀ ਹੈ। ਕਾਂਗਰਸ ਇਕਜੁੱਟ ਹੈ ਅਤੇ ਸਾਡੀ ਲੜਾਈ ਉਸ ਵਿਵਸਥਾ ਵਿਰੁੱਧ ਹੈ ਜੋ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵਿੱਚ ਨਾਕਾਮ ਰਹੀ ਹੈ। ਪਰਗਟ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ, “ਸਾਮ, ਦਾਮ, ਦੰਡ, ਭੇਦ ਕਰਨ ਵਾਲਿਆਂ ਨੂੰ ਰਾਜਪੁਰਾ ਬਾਰਡਰ ਪਾਰ ਹੀ ਨਹੀਂ ਕਰਨ ਦੇਵਾਂਗੇ, ਸਗੋਂ ਉਨ੍ਹਾਂ ਨੂੰ ਖਿੱਚ ਕੇ ਵਾਪਸ ਵੀ ਲਿਆਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਫ਼ਰਤ ਦੀ ਸਿਆਸਤ ਨੂੰ ਪਸੰਦ ਨਹੀਂ ਕਰਦੇ। ਸੂਬੇ ਨੂੰ ਅੱਗੇ ਵਧਾਉਣ ਲਈ ਆਪਸੀ ਭਾਈਚਾਰੇ, ਸਨਮਾਨ ਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੰਦਿਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰੇਗੀ। ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਪ੍ਰਸ਼ਾਸਨਿਕ ਕੰਮਕਾਜ ’ਤੇ ਸਵਾਲ ਉਠਾਉਂਦਿਆਂ ਪਰਗਟ ਸਿੰਘ ਨੇ ਪੁਲਿਸ ਮੁਖੀ ਗੌਰਵ ਯਾਦਵ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਤਜਰਬੇਕਾਰ ਅਤੇ ਮਜ਼ਬੂਤ ਟੀਮ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਪਾਇਲਟ ਨੇ ਨੌਜਵਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਨੌਜਵਾਨਾਂ ਦਾ ਹੈ। ਕਾਂਗਰਸ ਨੌਜਵਾਨਾਂ ਨੂੰ ਨਾਲ ਲੈ ਕੇ ਅੱਗੇ ਵਧੇਗੀ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਰਾਹੁਲ ਗਾਂਧੀ ਦਾ ਸੰਦੇਸ਼ ਪਹੁੰਚਾਏਗੀ, ਤਾਂ ਜੋ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਜਨਸਮਰਥਨ ਜੁਟਾਇਆ ਜਾ ਸਕੇ।ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਰਵਿੰਦਰ ਦਲਵੀ ਅਤੇ ਹੀਨਾ ਕਾਂਵਰੇ; ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ; ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਿੰਦਰ ਕੌਰ ਭੱਠਲ; ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਮਰ ਸਿੰਘ, ਮਨੀਸ਼ ਤਿਵਾੜੀ ਅਤੇ ਧਰਮਵੀਰ ਗਾਂਧੀ; ਸਾਬਕਾ ਪ੍ਰਦੇਸ਼ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ; ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜੀਆਂ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ, ਡਾ. ਰਾਜ ਕੁਮਾਰ ਵੇਰਕਾ ਅਤੇ ਸੁੰਦਰ ਸ਼ਾਮ ਅਰੋੜਾ; ਖ਼ਜ਼ਾਨਚੀ ਅਮਿਤ ਵਿਜ; ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ, ਬਲਵਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਕਾਲਾ ਢਿੱਲੋਂ, ਸੁਖਵਿੰਦਰ ਸਿੰਘ ਕੋਟਲੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਬਾਵਾ ਹੈਨਰੀ, ਸੁਖਬਿੰਦਰ ਸਿੰਘ ਸਰਕਾਰੀਆ, ਹਰਦੇਵ ਸਿੰਘ ਲਾਡੀ, ਬਿਕਰਮ ਚੌਧਰੀ ਅਤੇ ਬਰਿੰਦਰਮੀਤ ਸਿੰਘ ਪਾਹੜਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।