
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਥੋੜ੍ਹਾ ਸਮਾਂ ਪਹਿਲਾਂ ਇਸ ਘਟਨਾ ਦਾ ਸਿਆਸੀ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਉਂਦੇ ਹੋਏ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਨਾ ਸਿਰਫ਼ ਦੀਪੇਂਦਰ ਹੁੱਡਾ ਦੇ ਬਿਆਨ ਤੋਂ ਪੱਲਾ ਝਾੜ ਲਿਆ ਹੈ ਸਗੋਂ ਸੱਜਣ ਕੁਮਾਰ ਦਾ ਨਾਂ ਲੈਣ ਨੂੰ ਪਾਪ ਸਮਝਿਆ ਜਾ ਰਿਹਾ ਹੈ। ਸੱਜਣ ਕੁਮਾਰ ਦੀ 21 ਅਗਸਤ ਨੂੰ ਸਫਦਰਜੰਗ ਹਸਪਤਾਲ ਵਿਚ ਮੌਤ ਹੋ ਗਈ ਸੀ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਹਰਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿਚ ਇਹ ਮੁੱਦਾ ਗਰਮਾਇਆ ਹੋਇਆ ਹੈ। ਹੁੱਡਾ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਹਾਲਾਤ ਇਹ ਹਨ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਬਿਆਨ ਜਾਰੀ ਕਰ ਕੇ ਕਹਿਣਾ ਪੈ ਰਿਹਾ ਹੈ ਕਿ ਹੁੱਡਾ ਦਾ ਬਿਆਨ ਉਨ੍ਹਾਂ ਦਾ ਨਿੱਜੀ ਹੈ, ਇਸ ਨਾਲ ਕਾਂਗਰਸ ਦਾ ਕੋਈ ਸਬੰਧ ਨਹੀਂ ਹੈ। ਇਸ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ), ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਥੋੜ੍ਹਾ ਸਮਾਂ ਪਹਿਲਾਂ ਇਸ ਘਟਨਾ ਦਾ ਸਿਆਸੀ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਉਂਦੇ ਹੋਏ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਨਾ ਸਿਰਫ਼ ਦੀਪੇਂਦਰ ਹੁੱਡਾ ਦੇ ਬਿਆਨ ਤੋਂ ਪੱਲਾ ਝਾੜ ਲਿਆ ਹੈ ਸਗੋਂ ਸੱਜਣ ਕੁਮਾਰ ਦਾ ਨਾਂ ਲੈਣ ਨੂੰ ਪਾਪ ਸਮਝਿਆ ਜਾ ਰਿਹਾ ਹੈ। ਸੱਜਣ ਕੁਮਾਰ ਦੀ 21 ਅਗਸਤ ਨੂੰ ਸਫਦਰਜੰਗ ਹਸਪਤਾਲ ਵਿਚ ਮੌਤ ਹੋ ਗਈ ਸੀ।
ਦੀਪੇਂਦਰ ਹੁੱਡਾ ਦੇ ਬਿਆਨ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ਦੀ ਨਿੱਜੀ ਰਾਇ ਦੱਸਣਾ, ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵੱਲੋਂ ਸੱਜਣ ਕੁਮਾਰ ਦਾ ਨਾਂ ਲੈਣਾ ਪਾਪ ਸਮਾਨ ਕਰਾਰ ਦੇਣਾ ਅਤੇ ਹੋਰ ਕਾਂਗਰਸ ਨੇਤਾਵਾਂ ਵੱਲੋਂ ਆਪਣੇ-ਆਪ ਨੂੰ ਨਿਰਪੱਖ ਰੱਖਣ ਦਾ ਇਕ ਕਾਰਨ ਇਹ ਵੀ ਹੈ ਕਿ ਹੁੱਡਾ ਦੇ ਬਿਆਨ ਨਾਲ ਸਿੱਖ ਭਾਈਚਾਰੇ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਤਾਜ਼ਾ ਹੋ ਗਈ ਹੈ। ਇਸ ਨੂੰ ਪੰਜਾਬ ਵਿਚ ਕਾਂਗਰਸ ਲਈ ਕਿਸੇ ਵੀ ਲਿਹਾਜ਼ ਨਾਲ ਸਹੀ ਨਹੀਂ ਕਿਹਾ ਜਾ ਸਕਦਾ ਹਾਲਾਂਕਿ ਇਹ ਵੀ ਸੱਚ ਹੈ ਕਿ 1984 ਤੋਂ ਬਾਅਦ ਪੰਜਾਬ ਵਿਚ ਕਾਂਗਰਸ ਕਈ ਵਾਰ ਸਰਕਾਰ ਬਣਾਉਣ ਵਿਚ ਸਫਲ ਰਹੀ ਹੈ।
ਹੁੱਡਾ ਦੇ ਬਿਆਨ ’ਤੇ ਵਿਰੋਧੀ ਨੇਤਾਵਾਂ, ਖ਼ਾਸ ਕਰਕੇ ਸੱਤਾਧਾਰੀ ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਇਸੇ ਲਈ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਪੰਜਾਬ ਵਿਚ ਕਈ ਤਰ੍ਹਾਂ ਦੀਆਂ ਸੰਭਾਵਨਾਵਾਂ ਦੇਖ ਰਹੀ ਭਾਜਪਾ ਦੇ ਨਾ ਸਿਰਫ਼ ਪੰਜਾਬ, ਸਗੋਂ ਦਿੱਲੀ ਦੇ ਆਗੂ ਵੀ ਇਸ ਮਾਮਲੇ ਦਾ ਫ਼ਾਇਦਾ ਚੁੱਕਣ ਵਿਚ ਲੱਗੇ ਹੋਏ ਹਨ। ਭਾਜਪਾ ਨੂੰ ਦੀਪੇਂਦਰ ਹੁੱਡਾ ਦੇ ਬਿਆਨ ਤੋਂ ਬਾਅਦ ਮੌਕਾ ਮਿਲ ਗਿਆ ਹੈ ਕਿ ਉਹ ਲੋਕਾਂ, ਖ਼ਾਸ ਕਰਕੇ ਸਿੱਖ ਭਾਈਚਾਰੇ ਨੂੰ ਇਹ ਸੁਨੇਹਾ ਦੇ ਸਕੇ ਕਿ ਦੇਸ਼ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਣਨ ਤੋਂ ਬਾਅਦ ਹੀ ਐੱਸਆਈਟੀ ਗਠਿਤ ਕੀਤੀ ਗਈ ਅਤੇ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕਰਨ ਤੋਂ ਬਾਅਦ ਹੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਈ ਗਈ।
ਅਖਿਲ ਭਾਰਤੀ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਤੇ ਰੋਹਤਕ ਤੋਂ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਸੱਜਣ ਕੁਮਾਰ ਨੂੰ ਲੈ ਕੇ ਆਪਣੇ ਬਿਆਨ ’ਤੇ ਐਤਵਾਰ ਨੂੰ ਸਫ਼ਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਬਿਆਨ ਵਿਚ ‘ਰੋਲ ਮਾਡਲ’ ਵਰਗਾ ਅੰਗਰੇਜ਼ੀ ਦਾ ਸ਼ਬਦ ਸ਼ਾਮਲ ਕਰ ਕੇ ਅਜਿਹਾ ਅਰਥ ਪ੍ਰਚਾਰਿਆ ਜਾ ਰਿਹਾ ਹੈ ਜੋ ਉਨ੍ਹਾਂ ਨੇ ਕਿਹਾ ਹੀ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਦੀ ਕੋਈ ਅਜਿਹੀ ਮਨਸ਼ਾ ਸੀ। ਹੁੱਡਾ ਨੇ ਖ਼ਾਸ ਤੌਰ ’ਤੇ ਸਿੱਖ ਸਮਾਜ ਨਾਲ ਜੁੜੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇ ਕਿਸੇ ਭਰਾ ਦੀਆਂ ਭਾਵਨਾਵਾਂ ਨੂੰ ਉਨ੍ਹਾਂ ਦੇ ਬਿਆਨ ਨਾਲ ਠੇਸ ਪੁੱਜੀ ਹੈ ਤਾਂ ਉਹ ਖ਼ੇਦ ਪ੍ਰਗਟ ਕਰਦੇ ਹਨ। ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਿੱਖ ਸਮਾਜ ਦੇ ਨਿਆਂ ਦੀ ਲੜਾਈ ਵਿਚ ਵੀ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਪੀੜਤਾਂ ਨੂੰ ਨਿਆਂ ਮਿਲਣਾ ਚਾਹੀਦਾ ਹੈ ਅਤੇ ਕੋਈ ਵੀ ਦੋਸ਼ੀ ਬਚਣਾ ਨਹੀਂ ਚਾਹੀਦਾ।