- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਵੜਿੰਗ ਦੀ ਅਗਵਾਈ 'ਚ ਹੋਏ ਪ੍ਰਦਰਸ਼ਨ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂ, ਵਿਧਾਇਕ ਤੇ ਸਾਬਕਾ ਮੰਤਰੀ ਸ਼ਾਮਲ ਹੋਏ। ਪਾਰਟੀ ਆਗੂਆਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ, ਮਹਿੰਗਾਈ, ਮੁਲਾਜ਼ਮਾਂ ਨੂੰ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਸਰਕਾਰ ਖ਼ਿਲਾਫ਼ ਮੰਗਲਵਾਰ ਨੂੰ ਚੰਡੀਗੜ੍ਹ 'ਚ ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ 'ਚ ਪਾਰਟੀ ਨੇ ਵੱਡਾ ਸ਼ਕਤੀ ਪ੍ਰਦਰਸ਼ਨ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਕਾਂਗਰਸੀ ਵਰਕਰ ਤੇ ਆਗੂ ਚੰਡੀਗੜ੍ਹ ਪਹੁੰਚੇ। ਕਾਂਗਰਸ ਨੇ ਪ੍ਰਦਰਸ਼ਨ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਦੇ ਇਕੱਠੇ ਹੋਣ ਕਾਰਨ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਈ। ਕੁਰਾਲੀ ਤੋਂ ਲੈ ਕੇ ਚੰਡੀਗੜ੍ਹ ਤਕ ਕਈ ਥਾਵਾਂ ’ਤੇ ਜਾਮ ਵਰਗੀ ਸਥਿਤੀ ਬਣੀ ਰਹੀ। ਭੀੜ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਹੋਏ ਪ੍ਰਦਰਸ਼ਨ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂ, ਵਿਧਾਇਕ ਤੇ ਸਾਬਕਾ ਮੰਤਰੀ ਸ਼ਾਮਲ ਹੋਏ। ਪਾਰਟੀ ਆਗੂਆਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ, ਮਹਿੰਗਾਈ, ਮੁਲਾਜ਼ਮਾਂ ਨੂੰ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ।
ਹਾਲਾਂਕਿ, ਕਾਂਗਰਸ ਦੇ ਇਸ ਵੱਡੇ ਪ੍ਰਦਰਸ਼ਨ ਵਿਚ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੰਨੀ ਨਜ਼ਰ ਨਹੀਂ ਆਏ। ਉਨ੍ਹਾਂ ਦੇ ਗਰੁੱਪ ਨਾਲ ਜੁੜੇ ਕਈ ਵਿਧਾਇਕ, ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਵੀ ਪ੍ਰਦਰਸ਼ਨ ਤੋਂ ਦੂਰ ਰਹੇ। ਅਜਿਹੇ ਵਿਚ ਪਾਰਟੀ ਅੰਦਰ ਚੱਲ ਰਹੀ ਗੁੱਟਬਾਜ਼ੀ ਇਕ ਵਾਰ ਫਿਰ ਸਿਆਸੀ ਚਰਚਾ ਦਾ ਵਿਸ਼ਾ ਬਣ ਗਈ। ਖ਼ਾਸ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਆਗੂਆਂ ਵੱਲੋਂ ਇਕਜੁੱਟਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਚੰਨੀ ਅਤੇ ਉਨ੍ਹਾਂ ਦੇ ਸਮਰਥਕ ਆਗੂਆਂ ਦੀ ਇਸ ਮਹੱਤਵਪੂਰਨ ਸੂਬਾ ਪੱਧਰੀ ਗਤੀਵਿਧੀ ਤੋਂ ਦੂਰੀ ਨੇ ਕਾਂਗਰਸ ਅੰਦਰ ਖਿੱਚੋਤਾਣ ਦੀਆਂ ਚਰਚਾਵਾਂ ਨੂੰ ਮੁੜ ਹਵਾ ਦੇ ਦਿੱਤੀ ਹੈ।
ਕਾਂਗਰਸ ਲਈ ਹੁਣ ਸਭ ਤੋਂ ਵੱਡੀ ਚੁਣੌਤੀ ਦੋਵਾਂ ਪ੍ਰਮੁੱਖ ਧਾਰਾਵਾਂ ਨੂੰ ਇਕ ਮੰਚ ’ਤੇ ਲਿਆਉਣਾ ਹੋਵੇਗੀ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਇਕਜੁੱਟ ਰੱਖਣਾ ਨਵੇਂ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਲੀਡਰਸ਼ਿਪ ਲਈ ਅਹਿਮ ਚੁਣੌਤੀ ਮੰਨੀ ਜਾ ਰਹੀ ਹੈ। ਮੰਗਲਵਾਰ ਦਾ ਪ੍ਰਦਰਸ਼ਨ ਜਿੱਥੇ ਕਾਂਗਰਸ ਲਈ ਭੀੜ ਅਤੇ ਸੰਗਠਨਾਤਮਕ ਤਾਕਤ ਦਿਖਾਉਣ ਦਾ ਮੌਕਾ ਬਣਿਆ, ਉੱਥੇ ਚੰਨੀ ਗੁੱਟ ਦੀ ਗੈਰ-ਮੌਜੂਦਗੀ ਨੇ ਪਾਰਟੀ ਅੰਦਰਲੀ ਦੂਰੀ ਨੂੰ ਵੀ ਜਨਤਕ ਕਰ ਦਿੱਤਾ।